ਬਸਪਾ ਦੋਆਬੇ ‘ਚ 8, ਮਾਲਵੇ ‘ਚ 7 ਤੇ ਮਾਝੇ ਦੀਆਂ 5 ਸੀਟਾਂ ‘ਤੇ ਲੜੇਗੀ ਚੋਣ
ਚੰਡੀਗੜ੍ਹ, 16 ਜੂਨ – ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਦਰਮਿਆਨ ਸੂਬੇ ਦੀਆਂ ਆਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ ਰਲ ਕੇ ਲੜਨ ਲਈ ਸਿਆਸੀ ਗੱਠਜੋੜ ਪ੍ਰਵਾਨ ਚੜ੍ਹ ਗਿਆ ਹੈ। ਜਿਸ ਦਾ 12 ਜੂਨ ਰਸਮੀ ਐਲਾਨ ਕਰ ਦਿੱਤਾ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਸਪਾ ਦੇ ਜਨਰਲ ਸਕੱਤਰ ਸਤੀਸ਼ ਮਿਸ਼ਰਾ ਨੇ ਇੱਥੇ ਗੱਠਜੋੜ ਦਾ ਐਲਾਨ ਕੀਤਾ। ਸ੍ਰੀ ਮਿਸ਼ਰਾ ਨੇ ਕਿਹਾ ਕਿ ਬਸਪਾ ਸੁਪਰੀਮੋ ਮਾਇਆਵਤੀ ਨੇ ਗੱਠਜੋੜ ਲਈ ਪ੍ਰਵਾਨਗੀ ਦਿੱਤੀ ਹੈ ਅਤੇ ਉਨ੍ਹਾਂ ਐਲਾਨ ਕੀਤਾ ਕਿ ਦੋਵੇਂ ਪਾਰਟੀਆਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸੂਬੇ ਵਿੱਚ ਅਗਲੀ ਸਰਕਾਰ ਬਣਾਉਣ ਲਈ ਕੰਮ ਕਰਨਗੀਆਂ। ਗੌਰਤਲਬ ਹੈ ਕਿ ਸੂਬੇ ਦੀ ਵਿਧਾਨ ਸਭਾ ਦੀਆਂ ਆਮ ਚੋਣਾਂ ਵਿੱਚ ਜਦੋਂ 8 ਕੁ ਮਹੀਨੇ ਦਾ ਸਮਾਂ ਬਾਕੀ ਰਹਿ ਗਿਆ ਹੈ ਤਾਂ ਅਕਾਲੀ ਦਲ ਅਤੇ ਬਸਪਾ ਦੇ ਗੱਠਜੋੜ ਨੂੰ ਵੱਡੀ ਰਾਜਸੀ ਘਟਨਾ ਮੰਨਿਆ ਜਾ ਰਿਹਾ ਹੈ। ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਅਗਲੇ ਸਾਲ ਜਨਵਰੀ ਜਾਂ ਫਰਵਰੀ ਮਹੀਨੇ ਹੋਣੀਆਂ ਤੈਅ ਹਨ।
ਬਸਪਾ ਦੀ ਪੰਜਾਬ ਇਕਾਈ ਦੇ ਕੋਆਰਡੀਨੇਟਰ ਰਣਧੀਰ ਸਿੰਘ ਬੈਣੀਵਾਲ ਅਤੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਵੀ ਕੀਤੀ। ਗੱਠਜੋੜ ਤਹਿਤ ਅਕਾਲੀ ਦਲ ਨੇ ਬਸਪਾ ਨੂੰ 20 ਸੀਟਾਂ ਦਿੱਤੀਆਂ ਹਨ ਜਿਸ ‘ਚ ਦੋਆਬਾ ਦੀਆਂ 8, ਮਾਲਵਾ ਦੀਆਂ 7 ਅਤੇ ਮਾਝਾ ਦੀਆਂ 5 ਸੀਟਾਂ ਸ਼ਾਮਲ ਹਨ। ਇਨ੍ਹਾਂ ਸੀਟਾਂ ਵਿੱਚ ਕਰਤਾਰਪੁਰ, ਜਲੰਧਰ ਵੈਸਟ, ਜਲੰਧਰ ਨਾਰਥ, ਫਗਵਾੜਾ, ਹੁਸ਼ਿਆਰਪੁਰ ਸ਼ਹਿਰ, ਟਾਂਡਾ, ਦਸੂਹਾ, ਚਮਕੌਰ ਸਾਹਿਬ, ਬਸੀ ਪਠਾਣਾਂ, ਮਹਿਲ ਕਲਾਂ, ਨਵਾਂਸ਼ਹਿਰ, ਲੁਧਿਆਣਾ ਨਾਰਥ, ਸੁਜਾਨਪੁਰ, ਭੋਆ, ਪਠਾਨਕੋਟ, ਆਨੰਦਪੁਰ ਸਾਹਿਬ, ਮੁਹਾਲੀ, ਅੰਮ੍ਰਿਤਸਰ ਨਾਰਥ, ਅੰਮ੍ਰਿਤਸਰ ਸੈਂਟਰਲ ਅਤੇ ਪਾਇਲ ਸ਼ਾਮਲ ਹਨ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦੋਵੇਂ ਪਾਰਟੀਆਂ ਦੇ ਆਗੂਆਂ ਦੀ ਤਾਲਮੇਲ ਕਮੇਟੀ ਬਣਾਈ ਜਾਵੇਗੀ ਤਾਂ ਜੋ ਸਾਰੇ ਹਲਕਿਆਂ ਵਿੱਚ ਕੰਮਕਾਜ ਸਹਿਜੇ ਹੀ ਕੀਤਾ ਜਾਣਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਇਹ ਗੱਠਜੋੜ ਸਿਰਫ਼ 2022 ਵਿਧਾਨ ਸਭਾ ਚੋਣਾਂ ਲਈ ਨਹੀਂ ਹੈ ਬਲਕਿ ਇਹ ਭਵਿੱਖ ਵਿੱਚ ਹੋਣ ਵਾਲੀਆਂ ਸੰਸਦੀ ਜਾਂ ਹੋਰ ਚੋਣਾਂ ਲਈ ਵੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ 100 ਸਾਲਾ ਇਤਿਹਾਸ ਗਵਾਹ ਹੈ ਕਿ ਇਹ ਪਾਰਟੀ ਸਮਾਜ ਦੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲਦੀ ਰਹੀ ਹੈ।
ਬਸਪਾ ਆਗੂ ਸਤੀਸ਼ ਮਿਸ਼ਰਾ ਨੇ ਕਿਹਾ ਕਿ ਅੱਜ ਪੰਜਾਬ ਦੇ ਇਤਿਹਾਸ ਵਿੱਚ ਬਹੁਤ ਵੱਡਾ ਦਿਨ ਹੈ ਜਦੋਂ ਬਸਪਾ ਨੇ ਹਿੰਦੁਸਤਾਨ ਦੇ ਰਾਜਸੀ ਖੇਤਰ ਦੀ ਇੱਕ ਪੁਰਾਣੀ ਪਾਰਟੀ ਨਾਲ ਗੱਠਜੋੜ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ 25 ਸਾਲ ਬਾਅਦ ਮੁੜ ਇਕੱਠੀਆਂ ਹੋਈਆਂ ਹਨ ਅਤੇ ਪਿਛਲੀ ਵਾਰ ਜਦੋਂ ਦੋਵਾਂ ਪਾਰਟੀਆਂ ਨੇ ਰਲ ਕੇ 1996 ਦੀਆਂ ਚੋਣਾਂ ਲੜੀਆਂ ਸਨ ਤਾਂ ਲੋਕ ਸਭਾ ਦੀਆਂ 13 ਵਿੱਚੋਂ 11 ਸੀਟਾਂ ‘ਤੇ ਜਿੱਤ ਹਾਸਲ ਕੀਤੀ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਲਿਤਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ ਅਤੇ ਐੱਸਸੀ ਵਿਦਿਆਰਥੀਆਂ ਲਈ ਰਾਖਵੇਂ ਫ਼ੰਡ ਜਾਰੀ ਨਹੀਂ ਕਰ ਰਹੀ ਹੈ, ਆਟਾ-ਦਾਲ ਸਕੀਮ ਤੇ ਬੁਢਾਪਾ ਪੈਨਸ਼ਨਾਂ ਦੇ ਲੱਖਾਂ ਲਾਭਪਾਤਰੀਆਂ ਦੇ ਨਾਂ ਕੱਟ ਦਿੱਤੇ ਹਨ, ਐੱਸਸੀ ਤੇ ਓਬੀਸੀ ਆਸਾਮੀਆਂ ਭਰੀਆਂ ਨਹੀਂ ਜਾ ਰਹੀਆਂ ਤੇ ਬੇਘਰਿਆਂ ਨੂੰ ਘਰ ਦੇਣ ਦੀ ਸਕੀਮ ਤਹਿਤ ਘਰ ਨਹੀਂ ਦਿੱਤੇ ਜਾ ਰਹੇ ਹਨ।
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਸਪਾ ਨਾਲ ਗੱਠਜੋੜ ਦਾ ਐਲਾਨ ਕਰਕੇ ਕਾਂਗਰਸ ਅਤੇ ‘ਆਪ’ ਨੂੰ ਚੁਣੌਤੀ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਆਮ ਆਦਮੀ ਪਾਰਟੀ ਵੱਲੋਂ ਵੀ ਬਸਪਾ ਨਾਲ ਗੱਠਜੋੜ ਕਰਨ ਦੇ ਯਤਨ ਕੀਤੇ ਜਾ ਰਹੇ ਸਨ। ਭਾਜਪਾ ਨਾਲ ਤੋੜ ਵਿਛੋੜਾ ਹੋਣ ਤੋਂ ਬਾਅਦ ਅਕਾਲੀ ਦਲ ਵੱਲੋਂ ਬਸਪਾ ਨਾਲ ਸਾਂਝ ਪਾਉਣ ਦੇ ਲਗਾਤਾਰ ਯਤਨ ਕੀਤੇ ਜਾ ਰਹੇ ਸਨ, ਜੋ ਸਫਲ ਸਾਬਤ ਹੋਏ।
Home Page ਪੰਜਾਬ ਵਿਧਾਨ ਸਭਾ ਚੋਣਾਂ 2022: ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ...