ਚੰਡੀਗੜ੍ਹ, 27 ਸਤੰਬਰ – 26 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਨੇ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਵਿੱਚੋਂ ਬਾਹਰ ਆਉਣ ਅਤੇ ਭਾਰਤੀ ਜਨਤਾ ਪਾਰਟੀ ਨਾਲੋਂ ਨਾਤਾ ਤੋੜ ਲਿਆ ਹੈ। ਇਸ ਦਾ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਵਿਖੇ ਕਰੀਬ ਸਾਢੇ ਤਿੰਨ ਘੰਟੇ ਚੱਲੀ ਕੋਰ ਕਮੇਟੀ ਦੀ ਮੀਟਿੰਗ ਮਗਰੋਂ ਕੀਤਾ। ਉਨ੍ਹਾਂ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਿਸਾਨਾਂ, ਸਿੱਖਾਂ, ਪੰਜਾਬ ਅਤੇ ਪੰਜਾਬੀ ਵਿਰੋਧੀ ਸਰਕਾਰ ਦਾ ਉਹ ਹਿੱਸਾ ਨਹੀਂ ਰਹਿ ਸਕਦੇ। ਸ਼੍ਰੋਮਣੀ ਅਕਾਲੀ ਦਲ ਦੇ ਇਸ ਫ਼ੈਸਲੇ ਨਾਲ 1996 ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਬਣੀ ਆ ਰਹੀ ਸਿਆਸੀ ਸਾਂਝ ਦਾ ਭੋਗ ਪੈ ਗਿਆ ਹੈ।
ਇੱਥੇ ਕੋਰ ਕਮੇਟੀ ਦੀ ਇਸ ਮੀਟਿੰਗ ਦੌਰਾਨ ਇਹੀ ਸਹਿਮਤੀ ਬਣੀ ਕਿ ਖੇਤੀ ਬਿੱਲਾਂ ਕਾਰਨ ਦੇਸ਼ ਅੰਦਰ ਬਣੇ ਸਿਆਸੀ ਮਾਹੌਲ ਤੋਂ ਬਾਅਦ ਐੱਨਡੀਏ ਦਾ ਹਿੱਸਾ ਬਣੇ ਰਹਿਣ ਦਾ ਕੋਈ ਲਾਭ ਨਹੀਂ ਕਿਉਂਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਵਿੱਚੋਂ ਬਾਹਰ ਆਉਣ ਤੋਂ ਬਾਅਦ ਵੀ ਸਿਆਸੀ ਵਿਰੋਧੀਆਂ ਵੱਲੋਂ ਲਗਾਤਾਰ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਅਕਾਲੀ ਹਲਕਿਆਂ ਦਾ ਮੰਨਣਾ ਹੈ ਕਿ ਪਾਰਟੀ ਵੱਲੋਂ ਇਹ ਫ਼ੈਸਲਾ ਸੂਬੇ ਅੰਦਰ ਪੈਦਾ ਹੋਏ ਸਿਆਸੀ ਹਾਲਾਤ ਕਰਕੇ ਲਿਆ ਗਿਆ ਹੈ ਕਿਉਂਕਿ ਰਾਜਸੀ ਤੌਰ ‘ਤੇ ਭਾਜਪਾ ਜਾਂ ਐੱਨਡੀਏ ਦਾ ਹਿੱਸਾ ਬਣੇ ਰਹਿਣਾ ਅਕਾਲੀ ਦਲ ਲਈ ਮਹਿੰਗਾ ਸਾਬਤ ਹੋ ਰਿਹਾ ਸੀ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਖੇਤੀ ਬਿੱਲਾਂ ਦੇ ਮੁੱਦੇ ‘ਤੇ ਕੇਂਦਰ ਸਰਕਾਰ ਵੱਲੋਂ ਅਕਾਲੀ ਦਲ ਨੂੰ ਭਰੋਸੇ ‘ਚ ਨਾ ਲਏ ਜਾਣ ਕਾਰਨ ਮੰਤਰੀ ਮੰਡਲ ਤੋਂ ਪਹਿਲਾਂ ਹੀ ਹਰਸਿਮਰਤ ਕੌਰ ਬਾਦਲ ਵੱਲੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਵੀ ਇਹੀ ਚਰਚਾ ਹੋਈ ਕਿ ਹੁਣ ਐੱਨਡੀਏ ‘ਚ ਰਹਿਣ ਦੀ ਕੋਈ ਤੁਕ ਨਹੀਂ ਬਣਦੀ। ਸ. ਬਾਦਲ ਨੇ ਜੰਮੂ-ਕਸ਼ਮੀਰ ਵਿੱਚ ਪੰਜਾਬੀ ਨੂੰ ਸਰਕਾਰੀ ਭਾਸ਼ਾ ਵਜੋਂ ਮਾਨਤਾ ਨਾ ਦੇਣ ਦੇ ਮੁੱਦੇ ‘ਤੇ ਵੀ ਮੋਦੀ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਹਾਲੀਆ ਇਨ੍ਹਾਂ ਦੋ ਵੱਡੇ ਮੁੱਦਿਆਂ ਕਾਰਨ ਅਕਾਲੀ ਦਲ ਨੇ ਐੱਨਡੀਏ ‘ਚੋਂ ਬਾਹਰ ਆਉਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਸਟੈਂਡ ਕਿਸਾਨਾਂ, ਪੰਜਾਬ, ਪੰਜਾਬੀ ਅਤੇ ਸਿੱਖ ਪੱਖੀ ਹੈ ਅਤੇ ਰਹੇਗਾ। ਉਨ੍ਹਾਂ ਕਿਹਾ ਕਿ ਹਾਲਾਂਕਿ ਸ਼੍ਰੋਮਣੀ ਅਕਾਲੀ ਦਲ ਭਾਜਪਾ ਦੀ ਸਭ ਤੋਂ ਪੁਰਾਣੀ ਭਾਈਵਾਲ ਪਾਰਟੀ ਰਹੀ ਹੈ ਪਰ ਕੇਂਦਰ ਦੀ ਸਰਕਾਰ ਵੱਲੋਂ ਕਿਸਾਨਾਂ ਦੀਆਂ ਭਾਵਨਾਵਾਂ ਨਾ ਸਮਝੇ ਜਾਣ ਦੇ ਚਲਦੇ ਉਨ੍ਹਾਂ ਨੂੰ ਇਹ ਫ਼ੈਸਲਾ ਲੈਣਾ ਪਿਆ। ਅੱਜ ਦੀ ਕੋਰ ਕਮੇਟੀ ਮੀਟਿੰਗ ਵਿੱਚ ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ, ਚਰਨਜੀਤ ਸਿੰਘ ਅਟਵਾਲ, ਨਿਰਮਲ ਸਿੰਘ ਕਾਹਲੋਂ, ਬੀਬੀ ਜਗੀਰ ਕੌਰ, ਡਾ. ਉਪਿੰਦਰਜੀਤ ਕੌਰ, ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਬਿਕਰਮ ਸਿੰਘ ਮਜੀਠੀਆ, ਹੀਰਾ ਸਿੰਘ ਗਾਬੜੀਆ, ਜਗਮੀਤ ਸਿੰਘ ਬਰਾੜ, ਸੁਰਜੀਤ ਸਿੰਘ ਰੱਖੜਾ, ਬਲਦੇਵ ਸਿੰਘ ਮਾਨ, ਮਨਜਿੰਦਰ ਸਿੰਘ ਸਿਰਸਾ ਅਤੇ ਹਰਚਰਨ ਬੈਂਸ ਸ਼ਾਮਿਲ ਹੋਏ ।
ਜ਼ਿਕਰਯੋਗ ਹੈ ਕਿ 1996 ਵਿੱਚ ਮਰਹੂਮ ਅਟਲ ਬਿਹਾਰੀ ਵਾਜਪਾਈ ਦੀ ਅਗਵਾਈ ਹੇਠ 13 ਦਿਨਾਂ ਦੀ ਸਰਕਾਰ ਬਣਨ ਸਮੇਂ ਪ੍ਰਕਾਸ਼ ਸਿੰਘ ਬਾਦਲ ਵੱਲੋਂ ਭਾਰਤੀ ਜਨਤਾ ਪਾਰਟੀ ਨੂੰ ਬਿਨਾਂ ਸ਼ਰਤ ਹਮਾਇਤ ਦੇਣ ਦਾ ਐਲਾਨ ਕੀਤਾ ਗਿਆ ਸੀ। ਉਦੋਂ ਤੋਂ ਲੈ ਕੇ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਸਿਆਸੀ ਰਿਸ਼ਤਿਆਂ ਨੂੰ ਵੱਡੇ ਬਾਦਲ ਵੱਲੋਂ ਨਹੁੰ-ਮਾਸ ਦਾ ਰਿਸ਼ਤਾ ਕਰਾਰ ਦਿੱਤਾ ਜਾਂਦਾ ਰਿਹਾ ਸੀ। ਭਾਰਤੀ ਜਨਤਾ ਪਾਰਟੀ ਦੀ ਵਾਗਡੋਰ ਨਰਿੰਦਰ ਮੋਦੀ ਤੇ ਇੱਧਰ ਸ਼੍ਰੋਮਣੀ ਅਕਾਲੀ ਦਲ ਦੀ ਵਾਗਡੋਰ ਸੁਖਬੀਰ ਸਿੰਘ ਬਾਦਲ ਦੇ ਹੱਥ ਆਉਣ ਤੋਂ ਬਾਅਦ ਦੋਹਾਂ ਪਾਰਟੀਆਂ ਦੇ ਰਿਸ਼ਤਿਆਂ ਵਿੱਚ ਤਰੇੜ ਆਉਣ ਲੱਗੀ ਸੀ।
Home Page ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲੋਂ ਰਿਸ਼ਤਾ ਤੋੜਿਆ