ਸ਼੍ਰੋਮਣੀ ਅਕਾਲੀ ਦਲ ਦਲ ਦਾ ਖ਼ਾਤਮਾ ਦੇਸ਼ ਤੇ ਸਿੱਖਾਂ ਲਈ ਘਾਤਕ ਹੋਵੇਗਾ – ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 12 ਮਾਰਚ – 16ਵੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਹਾਰ ‘ਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਖ਼ਤਮ ਹੋਣਾ ਦੇਸ਼ ਅਤੇ ਸਿੱਖਾਂ ਦੋਵਾਂ ਲਈ ਘਾਤਕ ਹੋਵੇਗਾ। ਉਨ੍ਹਾਂ ਇੱਥੇ ਅਕਾਲ ਤਖ਼ਤ ‘ਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲਈ ਦੇਸ਼ ਵਿਦੇਸ਼ ਵਿੱਚ ਵੱਸਦੇ ਸਿੱਖ ਚਿੰਤਤ ਹਨ। ਇਹ ਚਿੰਤਾ ਉਨ੍ਹਾਂ ਸਿੱਖ ਆਗੂਆਂ ਨੇ ਵੀ ਪ੍ਰਗਟਾਈ ਹੈ ਜੋ ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਨਾਲ ਸਹਿਮਤ ਨਹੀਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿਰਫ਼ ਇੱਕ ਸਿਆਸੀ ਪਾਰਟੀ ਨਹੀਂ ਹੈ ਸਗੋਂ ਇੱਕ ਸੋਚ ਹੈ। ਇਹ ਸੋਚ ਸਿੱਖਾਂ ਦੀ ਚੜ੍ਹਦੀ ਕਲਾ ਅਤੇ ਖਾਲਸੇ ਨਾਲ ਜੁੜੀ ਹੋਈ ਹੈ। ਇਸ ਸੋਚ ਨੂੰ ਕਾਇਮ ਰੱਖਣ ਅਤੇ ਉਭਾਰਨ ਦੀ ਲੋੜ ਹੈ।
ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸੇ ਸੋਚ ਨੂੰ ਲੈ ਕੇ ਹੀ ਅਕਾਲ ਤਖ਼ਤ ਤੋਂ ਸਿੱਖਾਂ ਦੀ ਇਸ ਸਿਆਸੀ ਜਮਾਤ ਸ਼੍ਰੋਮਣੀ ਅਕਾਲੀ ਦਲ ਦਾ ਜਨਮ ਹੋਇਆ ਸੀ। ਇਸ ਪਾਰਟੀ ਨੇ ਦੇਸ਼ ਦੀ ਆਜ਼ਾਦੀ ਸੰਘਰਸ਼ ‘ਚ ਵੀ ਯੋਗਦਾਨ ਪਾਇਆ ਸੀ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਸਮੁੱਚੇ ਅਕਾਲੀ ਦਲ ਆਪੋ ਆਪਣੀ ਹਉਮੈ ਨੂੰ ਤਿਆਗ ਕੇ ਅਕਾਲ ਤਖ਼ਤ ‘ਤੇ ਬੈਠ ਕੇ ਇਸ ਨੂੰ ਵਿਚਾਰਨ ਤੇ ਸ੍ਰੀ ਅਕਾਲ ਤਖ਼ਤ ਦੀ ਅਗਵਾਈ ਹੇਠ ਇਕੱਠੇ ਹੋਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜਿਨ੍ਹਾਂ ਟੀਚਿਆਂ ਨੂੰ ਲੈ ਕੇ ਪੈਦਾ ਹੋਇਆ ਸੀ, ਉਨ੍ਹਾਂ ਦੀ ਪੂਰਤੀ ਲਈ ਮੁੜ ਯਤਨ ਕਰਨ ਦੀ ਲੋੜ ਹੈ।
ਪੰਜਾਬ ਦੀ ਰਾਜਨੀਤੀ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਵਿੱਚ ਸ਼ਬਦਾਵਲੀ, ਬੋਲ ਬਾਣੀ ਆਦਿ ਨੂੰ ਲੈ ਕੇ ਵੱਡਾ ਨਿਘਾਰ ਆ ਰਿਹਾ ਹੈ ਜਿਸ ਨੂੰ ਠੀਕ ਕਰਨ ਦੀ ਲੋੜ ਹੈ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ੍ਰੀ ਅਕਾਲ ਤਖ਼ਤ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਪੰਜ ਪਿਆਰਿਆਂ ਵਿੱਚੋਂ ਭਾਈ ਸੁਖਵਿੰਦਰ ਸਿੰਘ ਤੇ ਭਾਈ ਬਲਜਿੰਦਰ ਸਿੰਘ ਹਾਜ਼ਰ ਸਨ। ਜ਼ਿਕਰਯੋਗ ਹੈ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਢਾਹ ਲੱਗੀ ਸੀ ਅਤੇ ਹੁਣ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਦੀਆਂ ਸੀਟਾਂ ਦੀ ਗਿਣਤੀ 4 ਆਈਆਂ ਹਨ ਜੋ ਸੋਚਣ ਦਾ ਵਿਸ਼ਾ ਹੈ।