ਅੰਮ੍ਰਿਤਸਰ, 9 ਨਵੰਬਰ – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਵਾਸਤੇ ਹੋਏ ਜਨਰਲ ਇਜਲਾਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਜਿੰਦਰ ਸਿੰਘ ਧਾਮੀ 104 ਵੋਟਾਂ ਲੈ ਕੇ ਜਿੱਤ ਗਏ ਹਨ, ਜਦੋਂ ਕਿ ਬੀਬੀ ਜਗੀਰ ਕੌਰ ਨੂੰ 42 ਵੋਟਾਂ ਮਿਲੀਆਂ ਹਨ। ਬੀਬੀ ਜਗੀਰ ਕੌਰ ਨੇ ਦੋਸ਼ ਲਾਇਆ ਕਿ ਉਨ੍ਹਾਂ ਨਾਲ ਧੱਕੇ ਦੇ ਬਾਵਜੂਦ 42 ਵੋਟਾਂ ਮਿਲੀਆਂ ਹਨ ਅਤੇ ਉਨ੍ਹਾਂ ਮੈਂਬਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਖ਼ਾਲਸਾ ਪੰਥ ਲਈ ਆਪਣੀ ਲੜਾਈ ਜਾਰੀ ਰੱਖਣਗੇ।
ਇਸ ਤੋਂ ਪਹਿਲਾ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਅਰਦਾਸ ਤੇ ਹੁਕਮਨਾਮੇ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਜਨਰਲ ਇਜਲਾਸ ਸ਼ੁਰੂ ਹੋਇਆ। ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਅਰਵਿੰਦਰ ਸਿੰਘ ਪੱਖੋਕੇ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਮ ਪ੍ਰਧਾਨ ਵਜੋਂ ਪੇਸ਼ ਕੀਤਾ, ਜਿਸ ਦੀ ਤਾਈਦ ਭਗਵੰਤ ਸਿੰਘ ਸਿਆਲਕਾ ਨੇ ਕੀਤੀ। ਦੂਸਰੇ ਪਾਸੇ ਬੀਬੀ ਜਗੀਰ ਕੌਰ ਦਾ ਨਾਮ ਪ੍ਰਧਾਨ ਵਜੋਂ ਸ਼੍ਰੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਸ਼ਾਹਪੁਰ ਨੇ ਪੇਸ਼ ਕੀਤਾ, ਜਿਸ ਦੀ ਤਾਈਦ ਮਿੱਠੂ ਸਿੰਘ ਕਾਹਨੇਕੇ ਨੇ ਕੀਤੀ। ਇਸ ਤੋਂ ਬਾਅਦ ਵੋਟਿੰਗ ਹੋਈ ਅਤੇ ਇਸ ਦੇ ਮੁਕੰਮਲ ਹੋਣ ਬਾਅਦ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ।
ਇਸ ਦੌਰਾਨ ਬਲਦੇਵ ਸਿੰਘ ਕਾਇਮਪੁਰ ਸੀਨੀਅਰ ਮੀਤ ਪ੍ਰਧਾਨ ਚੁਣੇ ਗਏ। ਉਨ੍ਹਾਂ ਦੇ ਮੁਕਾਬਲੇ ਵਿਰੋਧੀ ਧਿਰ ਵੱਲੋਂ ਕੋਈ ਉਮੀਦਵਾਰ ਨਹੀਂ ਸੀ। ਸ੍ਰੀ ਅਵਤਾਰ ਸਿੰਘ ਫਤਿਹਗੜ੍ਹ ਜੂਨੀਅਰ ਮੀਤ ਪ੍ਰਧਾਨ ਤੇ ਗੁਰਚਰਨ ਸਿੰਘ ਗਰੇਵਾਲ ਜਨਰਲ ਸਕੱਤਰ ਚੁਣੇ ਗਏ। ਬੀਬੀ ਜਗੀਰ ਕੌਰ ਧੜੇ ਦੇ ਤਿੰਨ ਮੈਂਬਰ ਅੰਤਰਿੰਗ ਕਮੇਟੀ ਵਿੱਚ ਸ਼ਾਮਲ ਕੀਤੇ ਗਏ ਹਨ।
Home Page ਸ਼੍ਰੋਮਣੀ ਕਮੇਟੀ ਚੋਣ – ਐਡਵੋਕੇਟ ਧਾਮੀ ਸ਼੍ਰੋਮਣੀ ਕਮੇਟੀ ਦੇ ਮੁੜ ਪ੍ਰਧਾਨ ਬਣੇ,...