30 ਸਤੰਬਰ 2022 ਨੂੰ ਅੰਮ੍ਰਿਤਸਰ ‘ਚ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦੀ ਵਿਸ਼ੇਸ਼ ਇਕੱਤਰਤਾ ਬੁਲਾਈ
ਚੰਡੀਗੜ੍ਹ, 23 ਸਤੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਵਿਸ਼ੇਸ਼ ਮਤਾ ਪਾਸ ਕਰਕੇ ਸੁਪਰੀਮ ਕੋਰਟ ਦਾ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਨੂੰ ਮਾਨਤਾ ਦੇਣ ਦਾ ਫ਼ੈਸਲਾ ਰੱਦ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਅੱਜ ਇੱਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੱਤਾ ਗਿਆ। ਉਨ੍ਹਾਂ ਮਤਾ ਪਾਸ ਕਰਕੇ ਕਿਹਾ ਕਿ ਸਿੱਖ ਗੁਰਦੁਆਰਾ ਐਕਟ 1925 ਦੇ ਕਾਇਮ ਹੁੰਦਿਆਂ ਕੋਈ ਵੀ ਸੂਬਾ ਐਕਟ ਸ਼੍ਰੋਮਣੀ ਕਮੇਟੀ ਦੇ ਅਧਿਕਾਰ ਖੇਤਰ ਨੂੰ ਪ੍ਰਭਾਵਿਤ ਨਹੀਂ ਕਰ ਸਕਦਾ। ਕਮੇਟੀ ਦੀ ਮੀਟਿੰਗ ਮਗਰੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਸ਼ ਲਾਏ ਕਿ ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਬੰਧੀ ਫ਼ੈਸਲਾ ਸੁਣਾਉਣ ਵਾਲੇ ਸੁਪਰੀਮ ਕੋਰਟ ਦੇ ਦੋ ’ਚੋਂ ਇੱਕ ਜੱਜ ਦਾ ਸਬੰਧ ਆਰਐੱਸਐੱਸ ਨਾਲ ਸਿੱਧੇ ਤੌਰ ’ਤੇ ਜੁੜਿਆ ਹੋਇਆ ਹੈ, ਜਿਸ ਦੇ ਉਨ੍ਹਾਂ ਕੋਲ ਸਬੂਤ ਵੀ ਮੌਜੂਦ ਹਨ। ਉਨ੍ਹਾਂ ਕਿਹਾ ਕਿ ਜਲਦੀ ਹੀ ਉਸ ਜੱਜ ਦਾ ਨਾਂ ਵੀ ਨਸ਼ਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਹਰਿਆਣਾ ਕਮੇਟੀ ਬਾਰੇ ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਰੀਵਿਊ ਪਟੀਸ਼ਨ ਪਾਉਣ ਦਾ ਵੀ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਅਗਲੀ ਰਣਨੀਤੀ ਵਿਚਾਰਨ ਲਈ 30 ਸਤੰਬਰ 2022 ਨੂੰ ਅੰਮ੍ਰਿਤਸਰ ਵਿੱਚ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦੀ ਵਿਸ਼ੇਸ਼ ਇਕੱਤਰਤਾ ਬੁਲਾਈ ਗਈ ਹੈ।
ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਗੁਰਦੁਆਰਾ ਐਕਟ 1925 ਵਿੱਚ ਕਿਸੇ ਕਿਸਮ ਦੀ ਸੋਧ ਦਾ ਅਧਿਕਾਰ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੀ ਪ੍ਰਵਾਨਗੀ ਮਗਰੋਂ ਸਿਰਫ ਕੇਂਦਰ ਸਰਕਾਰ ਕੋਲ ਹੈ। ਉਨ੍ਹਾਂ ਕਿਹਾ ਕਿ ਜੇ ਹਰਿਆਣਾ ਕਮੇਟੀ ਸਬੰਧੀ ਹਰਿਆਣਾ ਦੇ ਤਤਕਾਲੀ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਗੈਰ-ਸੰਵਿਧਾਨਕ ਸਾਜ਼ਿਸ਼ ਤਹਿਤ ਐਕਟ ਪਾਸ ਕਰਕੇ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਕੋਝੀ ਹਰਕਤ ਕੀਤੀ ਤਾਂ ਇਸ ਵਿੱਚ ਭਾਜਪਾ ਸਰਕਾਰ ਵੀ ਪਿੱਛੇ ਨਹੀਂ ਰਹੀ। ਧਾਮੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਵੀ ਅਕਾਲੀ ਸਰਕਾਰ ਵੇਲੇ ਦਾ ਹਲਫ਼ਨਾਮਾ ਬਦਲ ਕੇ ਸਿੱਖ ਵਿਰੋਧੀ ਹੋਣ ਦਾ ਸਬੂਤ ਪੇਸ਼ ਕੀਤਾ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਸੁਪਰੀਮ ਕੋਰਟ ਅੰਦਰ ਹਰਿਆਣਾ ਦੀ ਤਰਜਮਾਨੀ ਕੀਤੀ।
Home Page ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਤਾ ਪਾਸ ਕਰਕੇ ਸੁਪਰੀਮ ਕੋਰਟ ਦਾ ਫ਼ੈਸਲਾ...