ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦੇ ਸਮੂਹ ਗੁਰਦੁਆਰਿਆਂ ‘ਚ 15 ਤੋਂ 31 ਦਸੰਬਰ ਤੱਕ ਸਾਦਾ ਲੰਗਰ ਬਣਾਉਣ ਦਾ ਫ਼ੈਸਲਾ
ਅੰਮ੍ਰਿਤਸਰ, 12 ਦਸੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੀ ਅੰਤ੍ਰਿੰਗ ਕਮੇਟੀ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਦੇਸ਼ ‘ਚ ਸਾਂਝਾ ਸਿਵਲ ਕੋਡ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਦਾ ਸਖ਼ਤ ਵਿਰੋਧ ਕਰਦਿਆਂ ਇਸ ਖ਼ਿਲਾਫ਼ ਨਿੰਦਾ ਮਤਾ ਪਾਸ ਕੀਤਾ ਹੈ। ਅੰਤ੍ਰਿੰਗ ਕਮੇਟੀ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਘੱਟ ਗਿਣਤੀਆਂ ਨੂੰ ਦਬਾਉਣ ਦੀਆਂ ਨੀਤੀਆਂ ਤਹਿਤ ਇਹ ਨਵਾਂ ਕਾਨੂੰਨ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਅੰਤ੍ਰਿੰਗ ਕਮੇਟੀ ਦੀ ਇਹ ਮੀਟਿੰਗ ਐੱਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ।
ਐੱਸਜੀਪੀਸੀ ਪ੍ਰਧਾਨ ਐਡਵੋਕੇਟ ਧਾਮੀ ਨੇ ਮੀਟਿੰਗ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਸਾਂਝਾ ਸਿਵਲ ਕੋਡ ਦਾ ਬਿੱਲ ਰਾਜ ਸਭਾ ‘ਚ ਪੇਸ਼ ਕੀਤਾ ਗਿਆ, ਜਿੱਥੇ ਭਾਜਪਾ ਮੈਂਬਰਾਂ ਨੇ ਇਸ ਦੀ ਹਮਾਇਤ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਸਰਕਾਰ ਦੇਸ਼ ‘ਚ ਘਟ ਗਿਣਤੀਆਂ ਨੂੰ ਦਬਾਉਣਾ ਚਾਹੁੰਦੀ ਹੈ, ਜਿਸ ਵਿਰੁੱਧ ਹਰ ਪੱਧਰ ‘ਤੇ ਆਵਾਜ਼ ਬੁਲੰਦ ਕੀਤੀ ਜਾਵੇਗੀ। ਉਨ੍ਹਾਂ ਖ਼ਦਸ਼ਾ ਪ੍ਰਗਟਾਇਆ ਕਿ ਸਾਂਝੇ ਸਿਵਲ ਕੋਡ ਰਾਹੀਂ ਰਾਜਾਂ ਦੇ ਅਧਿਕਾਰ ਪ੍ਰਭਾਵਿਤ ਹੋਣ ਦੇ ਨਾਲ-ਨਾਲ ਵੱਖ ਵੱਖ ਕੌਮਾਂ ਤੇ ਧਰਮਾਂ ਦੇ ਨਿੱਜੀ ਕਾਨੂੰਨਾਂ ਅਤੇ ਧਾਰਮਿਕ ਅਕੀਦਿਆਂ ‘ਚ ਵੀ ਦਖ਼ਲਅੰਦਾਜ਼ੀ ਹੋਵੇਗੀ।
ਐੱਸਜੀਪੀਸੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੂਬਿਆਂ ਦੀਆਂ ਸਰਕਾਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਵਿਰੁੱਧ ਮਤਾ ਲਿਆਉਣ। ਉਨ੍ਹਾਂ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੇ ਇਸ ਮਾਮਲੇ ‘ਤੇ ਚੁੱਪ ਰਹਿਣ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਉਹ ਇਸ ਮਾਮਲੇ ‘ਤੇ ਘੱਟ ਗਿਣਤੀਆਂ ਦੀ ਨੁਮਾਇੰਦਗੀ ਕਰਨ ਦੀ ਥਾਂ ਭਾਜਪਾ ਦੀ ਰਾਜਨੀਤੀ ਦਾ ਹਿੱਸਾ ਬਣੇ ਹੋਏ ਹਨ।
ਅੰਤ੍ਰਿੰਗ ਕਮੇਟੀ ਨੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦੇ ਸਮੂਹ ਗੁਰਦੁਆਰਿਆਂ ਵਿੱਚ 15 ਤੋਂ 31 ਦਸੰਬਰ ਤੱਕ ਸਾਦਾ ਲੰਗਰ ਬਣਾਉਣ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਦਿਨਾਂ ‘ਚ ਲੰਗਰਾਂ ਅੰਦਰ ਮਿੱਠੇ ਪਕਵਾਨ ਵੀ ਤਿਆਰ ਨਹੀਂ ਕੀਤੇ ਜਾਣਗੇ ਅਤੇ ਸਿਰੋਪਾਓ ਦੇਣ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਰਹੇਗੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਇਤਿਹਾਸ ਨੂੰ ਵੱਧ ਤੋਂ ਵੱਧ ਸੰਗਤ ਤੱਕ ਪਹੁੰਚਾਉਣ ਲਈ ਵੱਖ-ਵੱਖ ਭਾਸ਼ਾਵਾਂ ‘ਚ ਕਿਤਾਬਚੇ ਛਾਪਣ ਦਾ ਫ਼ੈਸਲਾ ਕੀਤਾ ਹੈ। ਅੰਤ੍ਰਿੰਗ ਕਮੇਟੀ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਅਤੇ ਜਥੇਦਾਰ ਦਾ ਪੁਤਲਾ ਫੂਕਣ ਦੀ ਵੀ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਅੰਦਰ ਸਿੱਖਾਂ ਦੇ ਧਾਰਮਿਕ ਅਸਥਾਨਾਂ ‘ਤੇ ਹੋ ਰਹੇ ਕਬਜ਼ਿਆਂ ਦਾ ਸਖ਼ਤ ਵਿਰੋਧ ਕਰਦਿਆਂ ਪਾਕਿਸਤਾਨ ਸਰਕਾਰ ਨੂੰ ਅਜਿਹੇ ਮਾਮਲਿਆਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਨ ਲਈ ਕਿਹਾ।
ਬੰਦੀ ਸਿੰਘਾਂ ਦੀ ਰਿਹਾਈ ਬਾਰੇ ਦਸਤਖ਼ਤੀ ਮੁਹਿੰਮ ‘ਚ ਵਿਸਥਾਰ ਕੀਤਾ ਜਾਏਗਾ
ਐੱਸਜੀਪੀਸੀ ਪ੍ਰਧਾਨ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਗਈ ਦਸਤਖ਼ਤੀ ਮੁਹਿੰਮ ਨੂੰ ਦੇਸ਼-ਵਿਦੇਸ਼ ਤੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਹੁਣ ਤੱਕ 2 ਲੱਖ 40 ਹਜ਼ਾਰ ਤੋਂ ਵੱਧ ਪ੍ਰੋਫਾਰਮੇ ਭਰੇ ਜਾ ਚੁੱਕੇ ਹਨ ਤੇ ਜਲਦੀ ਹੀ ਇਸ ਦਾ ਹੋਰ ਵਿਸਥਾਰ ਕੀਤਾ ਜਾਵੇਗਾ। ਅੰਤ੍ਰਿੰਗ ਕਮੇਟੀ ਵੱਲੋਂ ਕੇਂਦਰੀ ਸਿੱਖ ਅਜਾਇਬ ਘਰ, ਵਿਸ਼ਵ ਪੱਧਰੀ ਲਾਇਬ੍ਰੇਰੀ ਅਤੇ ਸਾਹਿਤ ਘਰ ਤਿਆਰ ਕਰਨ ਬਾਰੇ ਸਬ-ਕਮੇਟੀ ਗਠਿਤ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਅਮਰੀਕਾ ਦੇ ਪ੍ਰਸਿੱਧ ਸਿੱਖ ਕਾਰੋਬਾਰੀ ਦੀਦਾਰ ਸਿੰਘ ਬੈਂਸ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਉਣ ਦਾ ਵੀ ਫ਼ੈਸਲਾ ਕੀਤਾ ਹੈ।
Home Page ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਨੇ ਸਾਂਝੇ ਸਿਵਲ ਕੋਡ ਖ਼ਿਲਾਫ਼ ਨਿੰਦਾ ਮਤਾ...