ਨਵੀਂ ਦਿੱਲੀ, 28 ਜੂਨ – ਆਮ ਆਦਮੀ ਪਾਰਟੀ (ਆਪ) ਨੇ ਸਾਂਝੇ ਸਿਵਲ ਕੋਡ (ਯੂਸੀਸੀ) ਬਾਰੇ ਭਾਜਪਾ ਤੇ ਕਾਂਗਰਸ ਵਿਚ ਜਾਰੀ ਤਕਰਾਰ ਦਰਮਿਆਨ ਅੱਜ ਇਸ ਕੋਡ ਦੀ ‘ਸਿਧਾਂਤਕ ਹਮਾਇਤ’ ਦਾ ਐਲਾਨ ਕੀਤਾ ਹੈ। ‘ਆਪ’ ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਨੇ ਕਿਹਾ ਕਿ ਉਹ ਸਿਧਾਂਤਕ ਤੌਰ ’ਤੇ ਸਾਂਝੇ ਸਿਵਲ ਕੋਡ ਦੀ ਹਮਾਇਤ ਕਰਦੇ ਹਨ। ਉਨ੍ਹਾਂ ਕਿਹਾ ਕਿ ਕੋਡ ਨੂੰ ਸਿਆਸੀ ਪਾਰਟੀਆਂ ਤੇ ਗੈਰ-ਸਿਆਸੀ ਧਿਰਾਂ ਸਣੇ ਸਾਰੇ ਸਬੰਧਤ ਭਾਈਵਾਲਾਂ ਨਾਲ ਵਿਆਪਕ ਵਿਚਾਰ ਚਰਚਾ ਤੋਂ ਬਾਅਦ ਸਰਬਸੰਮਤੀ ਨਾਲ ਲਿਆਂਦਾ ਜਾਣਾ ਚਾਹੀਦਾ ਹੈ।
ਗੌਰਤਲਬ ਹੈ ਕਿ ‘ਆਪ’ ਨੇ ਹਮਾਇਤ ਦਾ ਐਲਾਨ ਅਜਿਹੇ ਮੌਕੇ ਕੀਤਾ ਹੈ ਜਦੋਂ ਅਜੇ ਇਕ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਂਝੇ ਸਿਵਲ ਕੋਡ ਨੂੰ ਪੂਰੇ ਦੇਸ਼ ਵਿੱਚ ਲਾਗੂ ਕਰਨ ਦੀ ਜ਼ੋਰਦਾਰ ਵਕਾਲਤ ਕਰਦਿਆਂ ਕਿਹਾ ਸੀ ਕਿ ਇਕ ਦੇਸ਼ ਵਿਚ ਦੋ ਕਾਨੂੰਨ ਨਹੀਂ ਹੋ ਸਕਦੇ। ਉਂਜ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਪਾਰਟੀ, ਜੋ ਦਿੱਲੀ ਤੇ ਪੰਜਾਬ ਦੀ ਸੱਤਾ ’ਤੇ ਕਾਬਜ਼ ਹੈ, ਦੇ ਉਪਰੋਕਤ ਸਟੈਂਡ ਤੋਂ ਇਕ ਗੱਲ ਤਾਂ ਸਾਫ਼ ਹੋ ਗਈ ਹੈ ਕਿ ਵਿਰੋਧੀ ਧਿਰਾਂ ਵੱਲੋਂ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੇ ਟਾਕਰੇ ਲਈ ਇਕਜੁੱਟ ਹੋਣ ਲਈ ਕੀਤੇ ਜਾ ਰਹੇ ਯਤਨਾਂ ਦਰਮਿਆਨ ਉਹ ਸਿਆਸੀ ਤੌਰ ’ਤੇ ਸੰਵੇਦਨਸ਼ੀਲ ਮੁੱਦੇ ਨੂੰ ਲੈ ਕੇ ਇਕਮੱਤ ਨਹੀਂ ਹਨ।
‘ਆਪ’ ਆਗੂ ਸੰਦੀਪ ਪਾਠਕ ਨੇ ਕਿਹਾ, ‘‘ਸਾਡਾ ਮੰਨਣਾ ਹੈ ਕਿ ਸਾਨੂੰ ਅਜਿਹੇ ਮੁੱਦਿਆਂ ’ਤੇ ਸਾਰਿਆਂ ਦੀ ਸਹਿਮਤੀ ਨਾਲ ਹੀ ਅੱਗੇ ਵਧਣਾ ਚਾਹੀਦਾ ਹੈ। ਅਸੀਂ ਮੰਨਦੇ ਹਾਂ ਕਿ ਸਾਂਝੇ ਸਿਵਲ ਕੋਡ ਨੂੰ ਉਦੋਂ ਹੀ ਲਾਗੂ ਕੀਤਾ ਜਾਵੇ ਜਦੋਂ ਸਾਰੀਆਂ ਸਬੰਧਤ ਧਿਰਾਂ ਇਸ ਬਾਰੇ ਸਹਿਮਤ ਹੋਣ।’’ ਉਨ੍ਹਾਂ ਕਿਹਾ, ‘‘ਆਪ ਸਿਧਾਂਤਕ ਤੌਰ ’ਤੇ ਸਾਂਝੇ ਸਿਵਲ ਕੋਡ ਦੀ ਹਮਾਇਤ ਕਰਦੀ ਹੈ। ਸੰਵਿਧਾਨ ਦੀ ਧਾਰਾ 44 ਵੀ ਇਸ ਦੀ ਵਕਾਲਤ ਕਰਦੀ ਹੈ”।
Home Page ਸਾਂਝਾ ਸਿਵਲ ਕੋਡ (ਯੂਸੀਸੀ): ਆਮ ਆਦਮੀ ਪਾਰਟੀ (ਆਪ) ਵੱਲੋਂ ਯੂਸੀਸੀ ਦੀ ‘ਸਿਧਾਂਤਕ...