ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ (92) ਦਾ ਦੇਹਾਂਤ

ਨਵੀਂ ਦਿੱਲੀ, 26 ਦਸੰਬਰ – ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ। ਉਨ੍ਹਾਂ ਦੀ ਤਬੀਅਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਦੇਰ ਸ਼ਾਮ ਇੱਥੇ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ‘ਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਅੱਜ ਰਾਤ ਕਰੀਬ 8.30 ਵਜੇ ਉਨ੍ਹਾਂ ਨੂੰ ਏਮਜ਼ ਦੇ ਐਮਰਜੈਂਸੀ ਵਾਰਡ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਪਿਛਲੇ ਕੁੱਝ ਮਹੀਨਿਆਂ ਤੋਂ ਉਨ੍ਹਾਂ ਦੀ ਸਿਹਤ ਨਾਜ਼ੁਕ ਚੱਲ ਰਹੀ ਸੀ। ਉਹ ਆਪਣੇ ਪਿੱਛੇ ਪਤਨੀ ਗੁਰਚਰਨ ਕੌਰ ਤੇ ਤਿੰਨ ਧੀਆਂ ਛੱਡ ਗਏ ਹਨ।
ਡਾ. ਮਨਮੋਹਨ ਸਿੰਘ ਕਾਂਗਰਸੀ ਦੀ ਅਗਵਾਈ ਵਾਲੀ ਯੂਪੀਏ ਸਰਕਾਰ ਦੌਰਾਨ 2004 ਤੋਂ 2014 ਤੱਕ ਲਗਾਤਾਰ ਦੋ ਵਾਰ ਪ੍ਰਧਾਨ ਮੰਤਰੀ ਰਹੇ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜਿਨ੍ਹਾਂ ਨੂੰ ਕਿ ਭਾਰਤੀ ਆਰਥਿਕ ਸੁਧਾਰਾਂ ਦੇ ਆਰਕੀਟੈਕਟ ਵਜੋਂ ਜਾਣਿਆ ਜਾਂਦਾ ਸੀ। 1991 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਪੀਵੀ ਨਰਸਿਮ੍ਹਾ ਰਾਓ ਦੀ ਸਰਕਾਰ ਵੇਲੇ ਦੇਸ਼ ਦੇ ਵਿੱਤ ਮੰਤਰੀ ਵਜੋਂ ਸੇਵਾ ਨਿਭਾਉਂਦਿਆਂ ਉਨ੍ਹਾਂ ਵੱਲੋਂ ਲਿਆਂਦੇ ਗਏ ਆਰਥਿਕ ਸੁਧਾਰਾਂ ਕਰ ਕੇ ਉਨ੍ਹਾਂ ਨੂੰ ਆਰਥਿਕ ਸੁਧਾਰਾਂ ਦਾ ਆਰਕੀਟੈਕਟ ਕਿਹਾ ਜਾਂਦਾ ਸੀ।
ਦੇਸ਼ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸੀ ਆਗੂ ਪ੍ਰਿਯੰਕਾ ਗਾਂਧੀ, ਸੋਨੀਆ ਗਾਂਧੀ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਰਾਹੁਲ ਗਾਂਧੀ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਤੇ ਹੋਰ ਆਗੂਆਂ ਨੇ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।