ਲੰਬੀ, 27 ਅਪ੍ਰੈਲ – ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ 5 ਵਾਰ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਪੂਰੇ ਸਰਕਾਰੀ ਸਨਮਾਨਾਂ ਨਾਲ ਇਥੇ ਉਨ੍ਹਾਂ ਦੇ ਬਾਗ ’ਚ ਵਿਸ਼ੇਸ਼ ਤੌਰ ’ਤੇ ਬਣਾਈ ਗਈ ਥਾਂ ’ਤੇ ਅੰਤਿਮ ਸੰਸਕਾਰ ਕੀਤਾ ਗਿਆ। ਮਰਹੂਮ ਸਾਬਕਾ ਮੁੱਖ ਮੰਤਰੀ ਸ. ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਤਿੰਨੇ ਪੋਤਰੀਆਂ ਹਰਕੀਰਤ ਬਾਦਲ, ਗੁਰਲੀਨ ਬਾਦਲ ਅਤੇ ਰੀਆ ਬਾਦਲ ਨੇ ਉਨ੍ਹਾਂ ਦੀ ਚਿਖਾ ਨੂੰ ਪਹਿਲੀ ਅਗਨੀ ਦਿੱਤੀ। ਇਸ ਮਗਰੋਂ ਸੁਖਬੀਰ ਸਿੰਘ ਬਾਦਲ, ਮਨਪ੍ਰੀਤ ਸਿੰਘ ਬਾਦਲ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਅਰਜੁਨ ਬਾਦਲ ਅਤੇ ਅਨੰਤਬੀਰ ਬਾਦਲ ਨੇ ਪੁੱਤਰਾਂ-ਪੋਤਰਿਆਂ ਵਾਲੇ ਫਰਜ਼ ਨਿਭਾਏ। ਇਸ ਮੌਕੇ ਮਹੇਸ਼ਇੰਦਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ, ਵੀਨੂੰ ਬਾਦਲ, ਬਿਕਰਮ ਸਿੰਘ ਮਜੀਠੀਆ, ਮੇਜਰ ਭੁਪਿੰਦਰ ਸਿੰਘ ਬਾਦਲ, ਲਾਲੀ ਬਾਦਲ ਤੇ ਗਨੀਵ ਕੌਰ ਮਜੀਠੀਆ ਵੀ ਮੌਜੂਦ ਸਨ।
ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਦੇਹ ਨੂੰ ਸ੍ਰੀ ਮੁਕਤਸਰ ਸਾਹਿਬ ਦੀ ਜ਼ਿਲ੍ਹਾ ਪੁਲੀਸ ਵੱਲੋਂ ਐੱਸਪੀ (ਐਚ) ਦੀ ਅਗਵਾਈ ਹੇਠ ਤਿਰੰਗੇ ’ਚ ਲਪੇਟਿਆ ਗਿਆ। ਸ. ਬਾਦਲ ਦੇ ਅੰਤਿਮ ਦਰਸ਼ਨਾਂ ਲਈ ਅੱਜ ਉਨ੍ਹਾਂ ਦੀ ਰਿਹਾਇਸ਼ ’ਤੇ ਲੋਕਾਂ ਦੀਆਂ ਲੰਮੀਆਂ ਕਤਾਰਾਂ ਲੱਗੀਆਂ ਰਹੀਆਂ। ਅੰਤਿਮ ਸੰਸਕਾਰ ਤੋਂ ਪਹਿਲਾਂ ਜਲੰਧਰ ਪੁਲੀਸ ਦੇ ਬੈਂਡ ਵੱਲੋਂ ਮਾਤਮੀ ਧੁਨਾਂ ਅਤੇ ਸਪੈਸ਼ਲ ਗਾਰਦ ਵੱਲੋਂ ਸਲਾਮੀ ਦਿੱਤੀ ਗਈ।
ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀਆਂ ਦੇਣ ਵਾਲਿਆਂ ’ਚ ਓਮ ਪ੍ਰਕਾਸ਼ ਚੌਟਾਲਾ, ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਢਾ, ਐੱਨਸੀਪੀ ਪ੍ਰਧਾਨ ਸ਼ਰਦ ਪਵਾਰ, ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਮੁੱਖ ਮੰਤਰੀ ਭਗਵੰਤ ਮਾਨ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ, ਹਰਿਆਣਾ ਦੇ ਬਿਜਲੀ ਮੰਤਰੀ ਰਣਜੀਤ ਸਿੰਘ ਚੌਟਾਲਾ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਹਰਦੀਪ ਸਿੰਘ ਪੁਰੀ, ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ, ਇਨੈਲੋ ਦੇ ਸਕੱਤਰ ਜਨਰਲ ਅਭੈ ਸਿੰਘ ਚੌਟਾਲਾ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਭੁਪਿੰਦਰ ਸਿੰਘ ਹੁੱਡਾ, ਮਨਜਿੰਦਰ ਸਿੰਘ ਸਿਰਸਾ, ਪਰਮਜੀਤ ਸਿੰਘ ਸਰਨਾ, ਅਮਨ ਅਰੋੜਾ, ਡਾ. ਬਲਜੀਤ ਕੌਰ, ਸੰਤ ਬਲਬੀਰ ਸਿੰਘ ਸੀਚੇਵਾਲ, ਸਿਕੰਦਰ ਸਿੰਘ ਮਲੂਕਾ, ਭਾਈ ਰਾਮ ਸਿੰਘ, ਮਨਤਾਰ ਸਿੰਘ ਬਰਾੜ, ਬੰਟੀ ਰੋਮਾਣਾ, ਆਈਏਐੱਸ ਅਧਿਕਾਰੀ ਵਰੁਣ ਰੂਜ਼ਮ, ਡਿਪਟੀ ਕਮਿਸ਼ਨਰ ਵਿਨੀਤ ਕੁਮਾਰ, ਜ਼ਿਲ੍ਹਾ ਪੁਲੀਸ ਮੁਖੀ ਹਰਮਨਬੀਰ ਗਿੱਲ, ਤੇਜਿੰਦਰ ਸਿੰਘ ਮਿਡੂਖੇੜਾ, ਅਵਤਾਰ ਸਿੰਘ ਬਨਵਾਲਾ, ਡਾ. ਓਮ ਪ੍ਰਕਾਸ਼ ਸ਼ਰਮਾ, ਕੁਲਬੀਰ ਸਿੰਘ ਮੱਤਾ ਅਤੇ ਮਨਤਾਰ ਸਿੰਘ ਬਰਾੜ ਸਮੇਤ ਹੋਰ ਆਗੂ ਅਤੇ ਪਤਵੰਤੇ ਸ਼ਾਮਲ ਸਨ।
Home Page ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ...