ਸਿਦਕਵਾਨ ਸਿੱਖ ਧਰਮ ਦਾ ਮਹਾਨ ਸਪੂਤ:ਸ਼ਹੀਦ ਦਰਸ਼ਨ ਸਿੰਘ ਫੇਰੂਮਾਨ

27 ਅਕਤੂਬਰ ਨੂੰ ਬਰਸੀ ‘ਤੇ ਵਿਸ਼ੇਸ਼

ਜਦੋਂ ਕਿਸੇ ਧਰਮ ਦੇ ਧਾਰਮਿਕ ਅਕੀਦਿਆਂ ਵਿੱਚ ਗਿਰਾਵਟ ਆਉਂਦੀ ਹੈ ਤਾਂ ਕੋਈ ਧਰਮੀ ਇਨਸਾਨ ਉਸ ਗਿਰਾਵਟ ਨੂੰ ਰੋਕਣ ਲਈ ਸਾਰਥਿਕ ਉਪਰਾਲਿਆਂ ਨਾਲ ਰੋਕਣ ਲਈ ਅੱਗੇ ਆਉਂਦਾ ਹੈ। ਸੰਸਾਰ ਦੇ ਇਤਿਹਾਸ ਵਿੱਚ ਦਰਜ ਹੈ ਕਿ ਉਸ ਇਨਸਾਨ ਨੂੰ ਅਨੇਕਾਂ ਮੁਸ਼ਕਲਾਂ ਅਤੇ ਕਠਨਾਈਆਂ ਨਾਲ ਜੂਝਦਿਆਂ ਉਨ੍ਹਾਂ ਦਾ ਮੁਕਾਬਲਾ ਕਰਨਾ ਪੈਂਦਾ ਹੈ। 60ਵਿਆਂ ਵਿੱਚ ਜਦੋਂ ਸਿੱਖ ਧਰਮ ਦੇ ਅਨੁਆਈਆਂ ਵਿੱਚ ਸਿੱਖ ਧਰਮ ਦੀਆਂ ਪਰੰਪਰਾਵਾਂ ਅਤੇ ਮਰਿਆਦਾਵਾਂ ਦੀ ਉਲੰਘਣਾ ਦਾ ਬੋਲਬਾਲਾ ਹੋ ਗਿਆ। ਸਿੱਖ ਲੀਡਰ ਸ੍ਰੀ ਗੁਰੂ ਗ੍ਰੰਥ ਸਾਹਿਬ ਸਾਹਮਣੇ ਅਰਦਾਸ ਕਰਕੇ ਮੁੱਕਰਨ ਲੱਗ ਪਏ ਤਾਂ ਇੱਕ ਮਰਦੇ ਮਜਾਹਦ ਸਿੱਖ ਧਰਮ ਦੀ ਵਿਚਾਰਧਾਰਾ ਦਾ ਪਰਪੱਕ ਸ਼ਰਧਾਵਾਨ ਦੇਸ਼ ਭਗਤ ਦਰਸ਼ਨ ਸਿੰਘ ਫੇਰੂਮਾਨ ਅੱਗੇ ਆਇਆ ਅਤੇ ਆਪਣੇ ਜੀਵਨ ਦੀ ਆਹੂਤੀ ਦੇ ਕੇ ਮਿਸਾਲ ਪੈਦਾ ਕਰ ਗਿਆ। ਧਰਮ ਦੇ ਨਾਂ ਤੇ ਸਿਆਸਤ ਕਰਨ ਵਾਲਿਆਂ ਨੂੰ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਦੇ ਜੀਵਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਤਾਂ ਜੋ ਲੋਕਾਂ ਵਿੱਚ ਉਨ੍ਹਾਂ ਦਾ ਸਤਿਕਾਰ ਬਣ ਸਕੇ। ਅੱਜ ਦੇ ਸਿੱਖ ਸਿਆਸਤਦਾਨ ਧਰਮ ਦੀ ਪ੍ਰਫੁੱਲਤਾ ਲਈ ਕੰਮ ਕਰਨ ਦੀ ਥਾਂ ਆਪਣੇ ਨਿੱਜੀ ਮੁਫਾਦਾਂ ਦੀ ਪੂਰਤੀ ਲਈ ਕੰਮ ਕਰਦੇ ਹਨ, ਜਿਸ ਕਰਕੇ ਲੋਕਾਂ ਦਾ ਉਨ੍ਹਾਂ ਤੋਂ ਵਿਸ਼ਵਾਸ ਉੱਠ ਗਿਆ ਹੈ। ਪੰਜਾਬ ਦੇ ਖ਼ਾਸ ਤੌਰ ‘ਤੇ ਅਕਾਲੀ ਦਲ ਦੇ ਸਿੱਖ ਸਿਆਸਤਦਾਨਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਅਰਦਾਸਾਂ ਕਰਕੇ ਸ਼ੁਰੂ ਕੀਤੇ ਕੰਮਾਂ ਦੇ ਨੇਪਰੇ ਚੜ੍ਹਨ ਤੋਂ ਪਹਿਲਾਂ ਹੀ ਪਿੱਛੇ ਹਟ ਗਏ। ਇਸ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਰਵਉੱਚਤਾ, ਅਰਦਾਸ ਦੀ ਮਰਿਆਦਾ ਅਤੇ ਪਰੰਪਰਾ ਨੂੰ ਬਹਾਲ ਕਰਨ ਲਈ ਦਰਸ਼ਨ ਸਿੰਘ ਫੇਰੂਮਾਨ ਨੇ ਆਪਣੇ ਜੀਵਨ ਦੀ ਆਹੂਤੀ ਦਿੱਤੀ ਤਾਂ ਜੋ ਆਉਣ ਵਾਲੀ ਪੀੜ੍ਹੀ ਨੂੰ ਦਰਸਾਇਆ ਜਾ ਸਕੇ ਕਿ ਸਿੱਖਾਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਸਰਵੋਤਮ ਅਤੇ ਪਵਿੱਤਰ ਗ੍ਰੰਥ ਹੈ। ਉਹ ਪੰਜਾਬ ਨੂੰ ਖ਼ੁਦਮੁਖ਼ਤਾਰ ਵੇਖਣਾ ਚਾਹੁੰਦਾ ਸੀ। ਉਸ ਦੀ ਸ਼ਹਾਦਤ ਨੂੰ ਸਿਰਫ਼ ਚੰਡੀਗੜ੍ਹ ਅਤੇ ਪੰਜਾਬੀ ਬੋਲਦੇ ਇਲਾਕੇ ਪੰਜਾਬ ਵਿੱਚ ਸ਼ਾਮਲ ਕਰਨ ਲਈ ਹੀ ਕਿਹਾ ਜਾਂਦਾ ਹੈ ਜਦੋਂ ਕਿ ਉਸ ਦਾ ਮਕਸਦ ਪੰਜਾਬੀ ਸਰੋਕਾਰਾਂ ਨਾਲ ਸੰਬੰਧਿਤ ਸੀ। ਇਸ ਲਈ ਉਹ ਆਪਣੀ ਵਸੀਅਤ ਵਿੱਚ ਲਿਖਦਾ ਹੈ ਕਿ “ਇਹ ਬਹੁਤ ਜ਼ਰੂਰੀ ਹੈ ਕਿ ਕੋਈ ਗੁਰੂ ਦਾ ਸਿੱਖ ਆਪਣਾ ਸੀਸ ਦੇ ਕੇ ਪੰਥ ਦੇ ਅਖੌਤੀ ਲੀਡਰਾਂ ਅਤੇ ਸਿੱਖੀ ਦੇ ਗ਼ੱਦਾਰਾਂ ਦੇ ਕੀਤੇ ਹੋਏ ਪਾਪਾਂ ਦਾ ਪਛਤਾਵਾ ਕਰੇ ਤਾਂ ਜੋ ਪੰਥ, ਆਜ਼ਾਦ ਹਿੰਦੁਸਤਾਨ ਵਿੱਚ ਆਜ਼ਾਦ ਪੰਥ ਅਥਵਾ ਸਿੱਖ ਹੋਮਲੈਂਡ ਦੀ ਸਥਾਪਤੀ ਵੱਲ ਅਗਲਾ ਕਦਮ ਚੁੱਕ ਸਕੇ”। ਦਰਸ਼ਨ ਸਿੰਘ ਫੇਰੂਮਾਨ ਦਾ ਜਨਮ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਫੇਰੂਮਾਨ ਵਿਖੇ 1 ਅਗਸਤ 1885 ਨੂੰ ਚੰਦਾ ਸਿੰਘ ਅਤੇ ਮਾਤਾ ਰਾਜ ਕੌਰ ਦੇ ਘਰ ਹੋਇਆ ਸੀ। ਦਸਵੀਂ ਦੀ ਪੜ੍ਹਾਈ ਕਰਨ ਤੋਂ ਬਾਅਦ ਆਪ 1912 ਵਿੱਚ ਫ਼ੌਜ ਵਿੱਚ ਸਿਪਾਹੀ ਭਰਤੀ ਹੋ ਗਏ। ਮੁੱਢਲੇ ਤੌਰ ‘ਤੇ ਆਪ ਧਾਰਮਿਕ ਖ਼ਿਆਲਾਂ ਦੇ ਵਿਅਕਤੀ ਸਨ। ਇਸ ਕਰਕੇ ਫ਼ੌਜ ਵਿੱਚ ਵੀ ਆਪ ਦਾ ਮਨ ਨਾ ਲੱਗਿਆ ਅਤੇ ਦੋ ਸਾਲ ਪਿੱਛੋਂ ਹੀ 1914 ਵਿੱਚ ਅਸਤੀਫ਼ਾ ਦੇ ਕੇ ਵਾਪਸ ਘਰ ਆ ਗਏ। ਉਸ ਤੋਂ ਬਾਅਦ ਹਿਸਾਰ ਵਿਖੇ ਠੇਕੇਦਾਰੀ ਸ਼ੁਰੂ ਕਰ ਲਈ। ਠੇਕੇਦਾਰੀ ਵਿੱਚ ਵੀ ਕਈ ਅਜਿਹੇ ਕੰਮ ਕਰਨੇ ਪੈਂਦੇ ਸਨ, ਜਿਨ੍ਹਾਂ ਲਈ ਆਪਦੀ ਜ਼ਮੀਰ ਇਜਾਜ਼ਤ ਨਹੀਂ ਦਿੰਦੀ ਸੀ। ਇਸ ਕਾਰੋਬਾਰ ਵਿੱਚ ਵੀ ਆਪ ਬਹੁਤੀ ਦੇਰ ਟਿਕ ਨਾ ਸਕੇ। ਇਸ ਲਈ ਆਪ ਨੇ ਆਪਣੇ ਆਪ ਨੂੰ ਧਾਰਮਿਕ ਕੰਮਾਂ ਨਾਲ ਹੀ ਜੋੜ ਲਿਆ। ਆਪ ਇਰਾਦੇ ਦੇ ਬੜੇ ਪੱਕੇ ਸਨ, ਜੋ ਕੰਮ ਕਰਨ ਦਾ ਮਨ ਬਣਾ ਲੈਂਦੇ ਸਨ, ਉਸ ਨੂੰ ਨੇਪਰੇ ਚਾੜ੍ਹ ਕੇ ਹੀ ਦਮ ਲੈਂਦੇ ਸਨ, ਭਾਵੇਂ ਉਸ ਲਈ ਆਪ ਨੂੰ ਕਿੰਨੀਆਂ ਹੀ ਮੁਸ਼ਕਲਾਂ ਦਾ ਟਾਕਰਾ ਕਿਉਂ ਨਾ ਕਰਨਾ ਪਵੇ। ਅਸਲ ਵਿੱਚ ਉਹ ਹਠੀ ਕਿਸਮ ਦੇ ਦ੍ਰਿੜ੍ਹ ਇਰਾਦੇ ਵਾਲੇ ਇਨਸਾਨ ਸਨ। ਉਸ ਸਮੇਂ ਗੁਰਦੁਆਰਾ ਸਾਹਿਬਾਨ ਤੇ ਅੰਗਰੇਜ਼ਾਂ ਦੇ ਪਿੱਠੂਆਂ ਮਹੰਤਾਂ ਦਾ ਕਬਜ਼ਾ ਹੁੰਦਾ ਸੀ ਤੇ ਮਹੰਤ ਉੱਥੇ ਸਿੱਖੀ ਰਵਾਇਤਾਂ ਦੇ ਉਲਟ ਕੰਮ ਕਰਦੇ ਸਨ। ਸਿੱਖਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੀਆਂ ਮਹੰਤਾਂ ਤੋਂ ਚਾਬੀਆਂ ਲੈਣ ਦਾ ਮੋਰਚਾ ਲਗਾ ਦਿੱਤਾ, ਉਸ ਸਮੇਂ ਅਜੇ ਆਪ ਠੇਕੇਦਾਰੀ ਦਾ ਕਿਤਾ ਹੀ ਕਰ ਰਹੇ ਸਨ ਤਾਂ ਆਪ ਦੇ ਸੁਭਾਅ ਅਤੇ ਕਿਰਦਾਰ ਤੋਂ ਪ੍ਰਭਾਵਿਤ ਹੋ ਕੇ ਇੱਕ ਬਜ਼ੁਰਗ ਇਸਤਰੀ ਨੇ ਆਪ ਨੂੰ ਇਸ ਮੋਰਚੇ ਵਿੱਚ ਸ਼ਾਮਲ ਹੋਣ ਦੀ ਪ੍ਰੇਰਨਾ ਦਿੱਤੀ। ਆਪ ਨੇ ਠੇਕੇਦਾਰੀ ਦੇ ਕੰਮ ਨੂੰ ਤਿਲਾਂਜਲੀ ਦਿੰਦਿਆਂ, ਇਸ ਮੋਰਚੇ ਵਿੱਚ ਸ਼ਾਮਲ ਹੋ ਗਏ। ਇਸ ਮੋਰਚੇ ਵਿੱਚ ਹਿੱਸਾ ਲੈਣ ਕਰਕੇ ਆਪ ਨੂੰ 1921 ਵਿੱਚ ਗ੍ਰਿਫ਼ਤਾਰ ਕਰ ਲਿਆ ਅਤੇ ਇੱਕ ਸਾਲ ਦੀ ਸਜਾ ਹੋ ਗਈ। ਇਸ ਤੋਂ ਬਾਅਦ ਆਪ ਨੇ ਧਾਰਮਿਕ ਕੰਮਾਂ ਵਿੱਚ ਵਧ ਚੜ੍ਹ ਕੇ ਹਿੱਸਾ ਲੈਣਾ ਸ਼ੁਰੂ ਕਰ ਦਿੱਤਾ, ਜਿਸ ਦੇ ਸਿੱਟੇ ਵਜੋਂ ਆਪ ਜੈਤੋ ਦੇ ਮੋਰਚੇ ਵਿੱਚ ਵੀ ਸ਼ਾਮਲ ਹੋ ਗਏ ਅਤੇ 1924 ਵਿੱਚ ਆਪ ਇਸ ਮੋਰਚੇ ਵਿੱਚ 14ਵਾਂ ਸ਼ਹੀਦੀ ਜੱਥਾ ਲੈ ਕੇ ਗਏ। ਆਪ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ 10 ਮਹੀਨੇ ਦੀ ਸਜਾ ਹੋ ਗਈ। ਫਿਰ ਕਾਂਗਰਸ ਪਾਰਟੀ ਨੇ ਨਾਮਿਲਵਰਤਨ ਦਾ ਅੰਦੋਲਨ ਸ਼ੁਰੂ ਕਰ ਦਿੱਤਾ। ਉਸ ਸਮੇਂ ਅਕਾਲੀ ਦਲ ਅਤੇ ਕਾਂਗਰਸ ਦੋਵੇਂ ਪਾਰਟੀਆਂ ਆਪਸ ਵਿੱਚ ਮਿਲ ਕੇ ਕੰਮ ਕਰਦੀਆਂ ਸਨ ਕਿਉਂਕਿ ਦੋਹਾਂ ਪਾਰਟੀਆਂ ਦਾ ਇੱਕੋ ਮਕਸਦ ਦੇਸ਼ ਨੂੰ ਅਜ਼ਾਦ ਕਰਾਉਣਾ ਸੀ। ਇਸ ਨਾਮਿਲਵਰਤਨ ਦੇ ਅੰਦੋਲਨ ਵਿੱਚ ਸ਼ਾਮਲ ਹੋਣ ਸੰਬੰਧੀ ਅਕਾਲੀ ਦਲ ਵਿੱਚ ਵਿਚਾਰਾਂ ਦਾ ਵਖਰੇਵਾਂ ਪੈਦਾ ਹੋ ਗਿਆ। ਮਾਸਟਰ ਤਾਰਾ ਸਿੰਘ ਅਤੇ ਦਰਸ਼ਨ ਸਿੰਘ ਫੇਰੂਮਾਨ ਨੇ ਇਸ ਮੋਰਚੇ ਵਿੱਚ ਸ਼ਮੂਲੀਅਤ ਕੀਤੀ ਅਤੇ ਆਪ ਦੋਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ 14 ਮਹੀਨੇ ਦੀ ਸਜਾ ਹੋ ਗਈ। ਆਪ 1926 ਵਿੱਚ ਮਲਾਇਆ ਚਲੇ ਗਏ, ਮਲਾਇਆ ਵਿੱਚ ਵੀ ਆਪ ਨੇ ਆਪਣੀਆਂ ਸਰਗਰਮੀਆਂ ਜਾਰੀ ਰੱਖੀਆਂ, ਜਿਸ ਕਰਕੇ ਆਪ ਨੂੰ ਬ੍ਰਿਟਿਸ਼ ਸਰਕਾਰ ਨੇ ਗ੍ਰਿਫ਼ਤਾਰ ਕਰ ਲਿਆ। ਜੇਲ੍ਹ ਵਿੱਚ ਜਦੋਂ ਆਪ ਨੂੰ ਸਿੱਖਾਂ ਦੇ ਪੰਜ ਕਕਾਰ ਪਹਿਨਣ ਤੋਂ ਰੋਕਿਆ ਤਾਂ ਆਪ ਨੇ ਜੇਲ੍ਹ ਵਿੱਚ ਹੀ ਭੁੱਖ ਹੜਤਾਲ ਕਰ ਦਿੱਤੀ। ਆਪ ਦੀ ਭੁੱਖ ਹੜਤਾਲ 21 ਦਿਨ ਚੱਲੀ ਪ੍ਰੰਤੂ ਬ੍ਰਿਟਿਸ਼ ਸਰਕਾਰ ਨੂੰ ਅਖੀਰ ਝੁਕਣਾ ਪਿਆ ਅਤੇ ਆਪ ਨੂੰ ਜੇਲ੍ਹ ਵਿੱਚ ਪੰਜ ਕਕਾਰ ਤੇ ਕ੍ਰਿਪਾਨ ਪਹਿਨਣ ਦੀ ਇਜਾਜ਼ਤ ਦੇ ਦਿੱਤੀ। ਜੇਲ੍ਹ ਵਿੱਚੋਂ ਰਿਹਾ ਹੋਣ ਤੋਂ ਬਾਅਦ ਆਪ ਵਾਪਸ ਭਾਰਤ ਆ ਗਏ। ਆਪ ਨੇ ਸਿਵਲ ਨਾ ਫੁਰਮਾਨੀ ਅਤੇ ਭਾਰਤ ਛੋੜੋ ਅੰਦੋਲਨਾਂ ਵਿੱਚ ਵੀ ਵੱਧ ਚੜ੍ਹ ਕੇ ਹਿੱਸਾ ਲਿਆ। ਆਪ ਕਈ ਸਾਲ ਲਗਾਤਾਰ ਸ਼੍ਰੋਮਣੀ ਕਮੇਟੀ ਦੇ ਮੈਂਬਰ ਰਹੇ। ਦੋ ਵਾਰ ਆਪ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਵੀ ਰਹੇ। ਆਪ 1958 ਵਿੱਚ ਪੰਜਾਬ ਕਾਂਗਰਸ ਦੇ ਉਮੀਦਵਾਰ ਦੇ ਤੌਰ ‘ਤੇ ਰਾਜ ਸਭਾ ਦੇ ਮੈਂਬਰ ਚੁਣੇ ਗਏ ਅਤੇ 1964 ਤੱਕ ਇਸ ਅਹੁਦੇ ‘ਤੇ ਰਹੇ। ਫਿਰ ਆਪ ਨੇ ਸੁਤੰਤਰ ਪਾਰਟੀ ਬਣਾ ਲਈ ਅਤੇ ਆਪ ਉਸ ਦੇ ਫਾਊਂਡਰ ਪ੍ਰਧਾਨ ਬਣ ਗਏ। ਆਪ ਅਕਾਲੀ ਦਲ ਦੇ ਲੀਡਰਾਂ ਦੀਆਂ ਸਰਗਰਮੀਆਂ ਤੋਂ ਬਹੁਤ ਹੀ ਮਾਯੂਸ ਸਨ ਕਿਉਂਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਚੰਡੀਗੜ੍ਹ ਅਤੇ ਹੋਰ ਪੰਜਾਬੀ ਬੋਲਦੇ ਇਲਾਕਿਆਂ ਨੂੰ ਪੰਜਾਬ ਵਿੱਚ ਸ਼ਾਮਲ ਕਰਾਉਣ ਲਈ ਸਹੁੰ ਚੁੱਕ ਕੇ ਉਸ ਤੋਂ ਲਗਾਤਾਰ ਮੁੱਕਰਦੇ ਰਹੇ। ਸੰਤ ਫਤਿਹ ਸਿੰਘ ਅਤੇ ਮਾਸਟਰ ਤਾਰਾ ਸਿੰਘ ਵੱਲੋਂ ਵਾਰ ਵਾਰ ਮਰਨ ਵਰਤ ਰੱਖ ਕੇ ਤੋੜਨ ਨੂੰ ਉਨ੍ਹਾਂ ਬਹੁਤ ਹੀ ਬੁਰਾ ਮਨਾਇਆ ਅਤੇ ਆਪ ਦੇ ਮਨ ਨੂੰ ਇਨ੍ਹਾਂ ਲੀਡਰਾਂ ਦੀਆਂ ਕਾਰਵਾਈਆਂ ਨੇ ਗਹਿਰੀ ਠੇਸ ਪਹੁੰਚਾਈ। ਉਨ੍ਹਾਂ ਮਹਿਸੂਸ ਕੀਤਾ ਕਿ ਸਿੱਖ ਲੀਡਰਾਂ ਦੀਆਂ ਇਨ੍ਹਾਂ ਕਾਰਵਾਈਆਂ ਤੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਕੋਈ ਪ੍ਰੇਰਨਾ ਨਹੀਂ ਮਿਲੇਗੀ, ਸਗੋਂ ਉਹ ਗੁਰੂ ਤੋਂ ਬੇਮੁਖ ਹੋ ਸਕਦੇ ਹਨ, ਇਸ ਲਈ ਉਨ੍ਹਾਂ ਨਵੀਂ ਪੀੜ੍ਹੀ ਨੂੰ ਰਾਹ ਦਿਖਾਉਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਮਾਣ ਮਰਿਆਦਾ ਬਣਾਈ ਰੱਖਣ ਲਈ 15 ਅਗਸਤ 1969 ਨੂੰ ਚੰਡੀਗੜ੍ਹ ਅਤੇ ਪੰਜਾਬੀ ਬੋਲਦੇ ਇਲਾਕੇ ਪੰਜਾਬ ਵਿੱਚ ਸ਼ਾਮਲ ਕਰਾਉਣ ਲਈ ਕੇਂਦਰ ਸਰਕਾਰ ਤੇ ਦਬਾਅ ਪਾਉਣ ਦੇ ਇਰਾਦੇ ਨਾਲ ਅਣਮਿਥੇ ਸਮੇਂ ਲਈ ਮਰਨ ਵਰਤ ਰੱਖਣ ਦਾ ਐਲਾਨ ਕਰ ਦਿੱਤਾ। ਉਸ ਸਮੇਂ ਪੰਜਾਬ ਵਿੱਚ ਅਕਾਲੀ ਦਲ ਦੀ ਜਸਟਿਸ ਗੁਰਨਾਮ ਸਿੰਘ ਮੁੱਖ ਮੰਤਰੀ ਦੀ ਅਗਵਾਈ ਵਿੱਚ ਸਰਕਾਰ ਸੀ। ਸਰਕਾਰ ਨੇ ਆਪ ਨੂੰ 12 ਅਗਸਤ ਨੂੰ ਗ੍ਰਿਫ਼ਤਾਰ ਕਰ ਲਿਆ। ਆਪ ਨੇ ਅੰਮ੍ਰਿਤਸਰ ਜੇਲ੍ਹ ਵਿੱਚ ਹੀ ਮਰਨ ਵਰਤ ਰੱਖ ਦਿੱਤਾ। ਆਪਦੀ ਹਾਲਤ ਵਿਗੜਦੀ ਵੇਖ ਕੇ ਜਬਰੀ ਖਾਣ ਪੀਣ ਲਈ ਦੇਣ ਦੇ ਇਰਾਦੇ ਨਾਲ 26 ਅਗਸਤ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾ ਦਿੱਤਾ ਗਿਆ ਪ੍ਰੰਤੂ ਆਪ ਨੇ ਜ਼ਬਰਦਸਤੀ ਦਿੱਤੀ ਜਾਣ ਵਾਲੀ ਖ਼ੁਰਾਕ ਲੈਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਦਾ ਮਰਨ-ਵਰਤ ਖੁਲ੍ਹਵਾਉਣ ਲਈ ਬਹੁਤ ਢੰਗ ਵਰਤੇ ਗਏ ਪ੍ਰੰਤੂ ਆਪ ਆਪਣੇ ਮੰਤਵ ਦੀ ਪ੍ਰਾਪਤੀ ਲਈ ਅੜੇ ਰਹੇ। ਉਨ੍ਹਾਂ ਦਾ ਰੱਖਿਆ ਮਰਨ ਵਰਤ 74 ਦਿਨ ਚੱਲਿਆ ਅਤੇ ਅਖੀਰ 27 ਅਕਤੂਬਰ 1969 ਨੂੰ ਉਹ ਸਿੱਖ, ਸਿੱਖੀ, ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਆਪਣੇ ਜੀਵਨ ਦੀ ਆਹੂਤੀ ਦੇ ਗਏ। ਬੜੇ ਦੁੱਖ ਅਤੇ ਸ਼ਰਮ ਦੀ ਗੱਲ ਹੈ ਕਿ ਅੱਜ ਤੱਕ ਵੀ ਕੇਂਦਰ ਸਰਕਾਰ ਨੇ ਇਹ ਮੰਗ ਪੂਰੀ ਨਹੀਂ ਕੀਤੀ। ਇਸ ਤੋਂ ਵੀ ਸ਼ਰਮਨਾਕ ਗੱਲ ਹੈ ਕਿ ਅਕਾਲੀ ਦਲ ਅਤੇ ਸਿੱਖ ਲੀਡਰਸ਼ਿਪ, ਜਿਨ੍ਹਾਂ ਉਸ ਮਹਾਨ ਸ਼ਹੀਦ ਤੋਂ ਕੋਈ ਪ੍ਰੇਰਨਾ ਤਾਂ ਕੀ ਲੈਣੀ ਸੀ, ਉਨ੍ਹਾਂ ਅੱਜ ਤੱਕ ਰਾਜ ਭਾਗ ਹੁੰਦਿਆਂ-ਸੁੰਦਿਆਂ ਕਦੀ ਵੀ ਉਸ ਮਹਾਨ ਸਪੂਤ ਨੂੰ ਯਾਦ ਨਹੀਂ ਕੀਤਾ। ਕਾਂਗਰਸੀ ਨੇਤਾ ਸੋਹਣ ਸਿੰਘ ਜਲਾਲਉਸਮਾ ਨੇ ਸਵਰਨ ਸਿੰਘ, ਗਿਆਨੀ ਜ਼ੈਲ ਸਿੰਘ ਅਤੇ ਗੁਰਦਿਆਲ ਸਿੰਘ ਢਿੱਲੋਂ ਦੇ ਸਹਿਯੋਗ ਨਾਲ ਦਰਸ਼ਨ ਸਿੰਘ ਫੇਰੂਮਾਨ ਟਰੱਸਟ ਬਣਾ ਕੇ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ ਰਈਆ ਅਤੇ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਮੈਮੋਰੀਅਲ ਕਾਲਜ ਫ਼ਾਰ ਵਿਮੈਨ ਰਈਆ ਵਿਖੇ ਸਥਾਪਤ ਕੀਤੇ। ਸੋਹਣ ਸਿੰਘ ਜਲਾਲਉਸਮਾ ਨੇ ਇਨ੍ਹਾਂ ਦੋਵੇਂ ਸੰਸਥਾਵਾਂ ਲਈ ਜ਼ਮੀਨ ਖ਼ਰੀਦੀ ਸੀ। ਇਹ ਦੋਵੇਂ ਸੰਸਥਾਵਾਂ ਵਿੱਚ ਸ. ਦਰਸ਼ਨ ਸਿੰਘ ਫੇਰੂਮਾਨ ਦੀ ਯਾਦ ਵਿੱਚ ਹਰ ਸਾਲ ਸਮਾਗਮ ਕੀਤੇ ਜਾਂਦੇ ਹਨ। ਸੰਗਰੂਰ ਵਿਖੇ ਵੀ ਇਕ ਪਾਰਕ ਅਤੇ ਉਸ ਵਿੱਚ ਦਰਸ਼ਨ ਸਿੰਘ ਫੇਰੂਮਾਨ ਦਾ ਬੁੱਤ ਲਗਾਇਆ ਗਿਆ, ਜਿਸ ਦਾ ਉਦਘਾਟਨ ਉਸ ਸਮੇਂ ਦੇ ਲੋਕ ਸਭਾ ਦੇ ਸਪੀਕਰ ਗੁਰਦਿਆਲ ਸਿੰਘ ਢਿੱਲੋਂ ਨੇ ਕੀਤਾ ਸੀ। ਇਸ ਪਾਰਕ ਦੀ ਹਾਲਤ ਬਹੁਤ ਹੀ ਚਿੰਤਾਜਨਕ ਹੈ। ਕਦੀ ਕੋਈ ਸਫ਼ਾਈ ਨਹੀਂ ਕੀਤੀ ਜਾਂਦੀ। ਅਕਾਲੀ ਦਲ ਦੀ ਪੰਜਾਬ ਵਿੱਚ 7 ਵਾਰ ਸਰਕਾਰ ਰਹੀ ਹੈ, ਅੱਜ ਤੱਕ ਨਾ ਤਾਂ ਸਰਕਾਰ ਨੇ ਕੋਈ ਯਾਦਗਾਰ ਬਣਾਈ ਹੈ ਅਤੇ ਨਾ ਹੀ ਉਨ੍ਹਾਂ ਨੂੰ ਕਦੀ ਕਿਸੇ ਸਮਾਗਮ ਵਿੱਚ ਯਾਦ ਕੀਤਾ ਹੈ। ਅਕਾਲੀ ਦਲ ਨੇ ਹਮੇਸ਼ਾ ਆਪਣੇ ਸ਼ਹੀਦਾਂ ਬਾਰੇ ਦੋਗਲੀ ਨੀਤੀ ਅਖਤਿਆਰ ਕੀਤੀ ਹੈ।

ਉਜਾਗਰ ਸਿੰਘ, ਸਾਬਕਾ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-0091-94178 13072, E-mail: ujagarsingh48@yahoo.com