ਸੁਪਰੀਮ ਕੋਰਟ: ਨੂਪੁਰ ਸ਼ਰਮਾ ਦੇ ਪੈਗ਼ੰਬਰ ਬਾਰੇ ਬਿਆਨ ਪ੍ਰੇਸ਼ਾਨ ਕਰਨ ਵਾਲੇ ਹੰਕਾਰੀ:

ਨਵੀਂ ਦਿੱਲੀ, 1 ਜੁਲਾਈ – ਪੈਗ਼ੰਬਰ ਮੁਹੰਮਦ ਵਿਵਾਦਿਤ ਟਿੱਪਣੀ ਮਾਮਲੇ ਵਿੱਚ ਨੂਪੁਰ ਸ਼ਰਮਾ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਦੀ ਬੈਂਚ ਨੇ ਬਹੁਤ ਸਖ਼ਤ ਟਿੱਪਣੀਆਂ ਕੀਤੀਆਂ ਹਨ।
ਭਾਰਤੀ ਜਨਤਾ ਪਾਰਟੀ ਦੀ ਮੁਅੱਤਲ ਆਗੂ ਨੂਪੁਰ ਸ਼ਰਮਾ ਵੱਲੋਂ ਪੈਗ਼ੰਬਰ ਮੁਹੰਮਦ ਦੇ ਬਾਰੇ ਭੜਕਾਊ ਬਿਆਨ ਦੇ ਮਾਮਲੇ ‘ਚ ਸੁਪਰੀਮ ਕੋਰਟ ਨੇ ਫਟਕਾਰ ਲਗਾਈ ਹੈ। ਸੁਪਰੀਮ ਕੋਰਟ ਨੇ ਨੂਪੁਰ ਸ਼ਰਮਾ ਨੂੰ ਕਿਹਾ ਕਿ ਤੁਹਾਡੇ ਬਿਆਨ ਨੇ ਦੇਸ਼ ਦਾ ਮਾਹੌਲ ਖ਼ਰਾਬ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਤੁਹਾਨੂੰ ਟੀਵੀ ‘ਤੇ ਜਾ ਕੇ ਮੁਆਫ਼ੀ ਮੰਗਣੀ ਚਾਹੀਦੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਤੁਸੀਂ ਗੈਰ-ਜ਼ਿੰਮੇਵਾਰਾਨਾ ਬਿਆਨ ਦਿੱਤਾ ਹੈ। ਮਾਮਲੇ ਦੀ ਸੁਣਵਾਈ ਕਰਦੇ ਹੋਏ ਜਸਟਿਸ ਸੂਰਿਆ ਕਾਂਤ ਨੇ ਕਿਹਾ ਕਿ ਤੁਸੀਂ ਆਪਣੇ ਆਪ ਨੂੰ ਵਕੀਲ ਕਹਿੰਦੇ ਹੋ, ਫਿਰ ਵੀ ਅਜਿਹਾ ਬਿਆਨ ਦਿੱਤਾ ਹੈ।
ਜਸਟਿਸ ਸੂਰਿਆ ਕਾਂਤ ਨੇ ਕਿਹਾ ਕਿ ਤੁਹਾਡੇ ਬਿਆਨ ਨੇ ਦੇਸ਼ ਦਾ ਮਾਹੌਲ ਖ਼ਰਾਬ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਤੁਹਾਡੇ ਬਿਆਨ ਨਾਲ ਦੇਸ਼ ਦੀ ਬਦਨਾਮੀ ਹੋਈ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਨੂਪੁਰ ਸ਼ਰਮਾ ਦੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਤੁਹਾਨੂੰ ਇਸ ਮਾਮਲੇ ਵਿੱਚ ਹਾਈ ਕੋਰਟ ਜਾਣਾ ਚਾਹੀਦਾ ਹੈ। ਨੂਪੁਰ ਸ਼ਰਮਾ ਨੇ ਆਪਣੇ ਖ਼ਿਲਾਫ਼ ਵੱਖ-ਵੱਖ ਰਾਜਾਂ ਵਿੱਚ ਦਰਜ ਸਾਰੇ ਕੇਸਾਂ ਨੂੰ ਦਿੱਲੀ ਤਬਦੀਲ ਕਰਨ ਲਈ ਅਰਜ਼ੀ ਦਿੱਤੀ ਸੀ।
ਸੁਪਰੀਮ ਕੋਰਟ ਨੇ ਨੂਪੁਰ ਸ਼ਰਮਾ ਦੀ ਖਿਚਾਈ ਕਰਦੇ ਹੋਏ ਕਿਹਾ ਹੈ ਕਿ ਉਨ੍ਹਾਂ ਦੇ ਬਿਆਨ ਪਰੇਸ਼ਾਨ ਕਰਨ ਵਾਲੇ ਅਤੇ ਹੰਕਾਰੀ ਹਨ। ਅਦਾਲਤ ਨੇ ਪੈਗ਼ੰਬਰ ਮੁਹੰਮਦ ਖ਼ਿਲਾਫ਼ ਟਿੱਪਣੀ ਲਈ ਨੂਪੁਰ ਸ਼ਰਮਾ ਦੀ ਮੁਆਫ਼ੀ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇਹ ਬਹੁਤ ਦੇਰ ਨਾਲ ਮੰਗੀ ਗਈ ਸੀ ਅਤੇ ਉਸ ਦੀ ਟਿੱਪਣੀ ਕਾਰਨ ਮੰਦਭਾਗੀ ਘਟਨਾਵਾਂ ਹੋਈਆਂ ਹਨ ਅਤੇ ਦੇਸ਼ ਦਾ ਮਾਹੌਲ ਖ਼ਰਾਬ ਹੋਇਆ ਹੈ।
ਸੁਪਰੀਮ ਕੋਰਟ ਨੇ ਨੂਪੁਰ ਸ਼ਰਮਾ ਦੀ ਪਹਿਲਾਂ ਮੁਆਫ਼ੀ ‘ਤੇ ਵੀ ਸਵਾਲ ਖੜ੍ਹੇ ਕੀਤੇ ਹਨ। ਅਦਾਲਤ ਨੇ ਕਿਹਾ ਕਿ ਤੁਹਾਡੀ ਮੁਆਫ਼ੀ ਵੀ ਸ਼ਰਤ ਸੀ। ਸਿਖਰਲੀ ਅਦਾਲਤ ਨੇ ਦਿੱਲੀ ਪੁਲਿਸ ਵੱਲੋਂ ਰਾਜਧਾਨੀ ਵਿੱਚ ਦਰਜ ਕਰਵਾਈ ਗਈ ਸ਼ਿਕਾਇਤ ‘ਤੇ ਹੁਣ ਤੱਕ ਕੀਤੀ ਕਾਰਵਾਈ ‘ਤੇ ਵੀ ਸਵਾਲ ਉਠਾਏ ਹਨ। ਅਦਾਲਤ ਨੇ ਕਿਹਾ ਕਿ ਜਦੋਂ ਪੁਲਿਸ ਕਿਸੇ ਖ਼ਿਲਾਫ਼ ਐਫਆਈਆਰ ਦਰਜ ਕਰਦੀ ਹੈ ਤਾਂ ਤੁਸੀਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਪਰ ਉਸ ਨੇ ਅਜਿਹਾ ਨਹੀਂ ਕੀਤਾ। ਇਹ ਤੁਹਾਡੇ ਪ੍ਰਭਾਵ ਨੂੰ ਦਰਸਾਉਂਦਾ ਹੈ। ਅਦਾਲਤ ਨੇ ਨੂਪੁਰ ਸ਼ਰਮਾ ਨੂੰ ਕਿਹਾ ਕਿ ਲੱਗਦਾ ਹੈ ਕਿ ਦਿੱਲੀ ਪੁਲਿਸ ਨੇ ਤੁਹਾਡੇ ਲਈ ਰੈੱਡ ਕਾਰਪੇਟ ਵਿਛਾ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਨੂਪੁਰ ਸ਼ਰਮਾ ਦੇ ਬਿਆਨ ਕਾਰਨ ਉਦੈਪੁਰ ਘਟਨਾ ਵਾਪਰੀ ਹੈ। ਸੁਪਰੀਮ ਕੋਰਟ ਨੇ ਸਵਾਲ ਉਠਾਇਆ ਸੀ ਕਿ ਤੁਹਾਨੂੰ ਅਜਿਹਾ ਬਿਆਨ ਦੇਣ ਦੀ ਕੀ ਲੋੜ ਸੀ।
ਸੁਪਰੀਮ ਕੋਰਟ ਨੇ ਇਸ ਮਾਮਲੇ ‘ਚ ਸਖ਼ਤੀ ਦਿਖਾਉਂਦੇ ਹੋਏ ਕਿਹਾ ਕਿ ਸੱਤਾ ਦੀ ਤਾਕਤ ਮਨ ‘ਤੇ ਹਾਵੀ ਨਹੀਂ ਹੋਣੀ ਚਾਹੀਦੀ। ਅਦਾਲਤ ਨੇ ਕਿਹਾ ਕਿ ਤੁਸੀਂ ਮੁਆਫ਼ੀ ਮੰਗਣ ‘ਚ ਦੇਰ ਕਰ ਰਹੇ ਹੋ। ਸੁਣਵਾਈ ਦੌਰਾਨ ਨੂਪੁਰ ਸ਼ਰਮਾ ਨੇ ਕਿਹਾ ਕਿ ਮੈਨੂੰ ਬਲਾਤਕਾਰ ਅਤੇ ਕਤਲ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਤੋਂ ਪਹਿਲਾਂ ਨੂਪੁਰ ਸ਼ਰਮਾ ਦੇ ਵਕੀਲ ਨੇ ਕਿਹਾ ਕਿ ਉਨ੍ਹਾਂ ਦੇ ਮੁਵੱਕਿਲ ਨੇ ਜਾਣਬੁੱਝ ਕੇ ਇਹ ਬਿਆਨ ਨਹੀਂ ਦਿੱਤਾ। ਇਸ ਤੋਂ ਪਹਿਲਾਂ ਵੀ ਉਨ੍ਹਾਂ ਦੇ ਭੜਕਾਊ ਬਿਆਨ ਦਿੱਤੇ ਗਏ ਸਨ। ਇਸ ‘ਤੇ ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਉੱਥੇ ਦੇ ਲੋਕਾਂ ਨੇ ਅਜਿਹਾ ਕੀਤਾ ਹੈ ਤਾਂ ਉਨ੍ਹਾਂ ਦੇ ਖ਼ਿਲਾਫ਼ ਵੀ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। ਅਦਾਲਤ ਨੇ ਕਿਹਾ ਕਿ ਜੇਕਰ ਐਂਕਰ ਨੇ ਉਸ ਨੂੰ ਉਕਸਾਇਆ ਸੀ ਤਾਂ ਉਸ ਵਿਰੁੱਧ ਕੇਸ ਕਿਉਂ ਨਾ ਹੋਵੇ। ਸੁਪਰੀਮ ਕੋਰਟ ਨੇ ਕਿਹਾ ਕਿ ਇਨ੍ਹਾਂ ਲੋਕਾਂ ਵਿੱਚ ਦੂਜੇ ਧਰਮਾਂ ਦਾ ਸਨਮਾਨ ਨਹੀਂ ਹੈ।
ਸੁਪਰੀਮ ਕੋਰਟ ਨੇ ਕਿਹਾ ਕਿ ਨੂਪੁਰ ਸ਼ਰਮਾ ਨੇ ਜਾਂ ਤਾਂ ਸਸਤੀ ਪਬਲਿਸਿਟੀ ਹਾਸਲ ਕਰਨ ਲਈ ਜਾਂ ਕਿਸੇ ਸਿਆਸੀ ਏਜੰਡੇ ਜਾਂ ਕਿਸੇ ਨਫ਼ਰਤ ਵਾਲੀ ਗਤੀਵਿਧੀ ਦੇ ਹਿੱਸੇ ਵਜੋਂ ਪੈਗ਼ੰਬਰ ਖ਼ਿਲਾਫ਼ ਟਿੱਪਣੀ ਕੀਤੀ ਸੀ। ਸੁਪਰੀਮ ਕੋਰਟ ਨੇ ਪੈਗ਼ੰਬਰ ਮੁਹੰਮਦ ਵਿਰੁੱਧ ਟਿੱਪਣੀ ਲਈ ਨੂਪੁਰ ਸ਼ਰਮਾ ਦੀ ਮੁਆਫ਼ੀ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇਹ ਬਹੁਤ ਦੇਰ ਬਾਅਦ ਮੰਗੀ ਗਈ ਸੀ ਅਤੇ ਉਸ ਦੀ ਟਿੱਪਣੀ ਕਾਰਣ ਮੰਦਭਾਗੀ ਘਟਨਾਵਾਂ ਵਾਪਰੀਆਂ। ਅਦਾਲਤ ਵੱਲੋਂ ਸੁਣਵਾਈ ਤੋਂ ਇਨਕਾਰ ਕਰਨ ਤੋਂ ਬਾਅਦ ਨੂਪੁਰ ਸ਼ਰਮਾ ਦੇ ਵਕੀਲ ਹੁਣ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਨਗੇ।