ਨਵੀਂ ਦਿੱਲੀ, 30 ਮਾਰਚ – ਇੱਥੇ ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਕੇਸ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਬਾਰੇ ਯੂਪੀ ਸਰਕਾਰ ਤੋਂ 4 ਅਪ੍ਰੈਲ ਤੱਕ ਜਵਾਬ ਮੰਗਿਆ ਹੈ। ਜ਼ਿਕਰਯੋਗ ਹੈ ਕਿ ਕੇਸ ਦੀ ਜਾਂਚ ਕਰ ਰਹੀ ‘ਸਿਟ’ ਦੀ ਨਿਗਰਾਨੀ ਕਰ ਰਹੇ ਸੇਵਾਮੁਕਤ ਜੱਜ ਨੇ ਦੋ ਰਿਪੋਰਟਾਂ ਦਿੱਤੀਆਂ ਹਨ ਜਿਨ੍ਹਾਂ ਵਿੱਚ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਦੀ ਜ਼ਮਾਨਤ ਰੱਦ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ। ਚੀਫ਼ ਜਸਟਿਸ ਐਨ.ਵੀ. ਰਾਮੰਨਾ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਜਾਂਚ ਦੀ ਨਿਗਰਾਨੀ ਕਰ ਰਹੇ ਜੱਜ (ਸੇਵਾਮੁਕਤ) ਨੇ ਰਾਜ ਨੂੰ ਆਸ਼ੀਸ਼ ਦੀ ਜ਼ਮਾਨਤ ਰੱਦ ਕਰਨ ਬਾਰੇ ਲਿਖ ਦਿੱਤਾ ਹੈ। ਹਿੰਸਾ ਮਾਮਲੇ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਅਲਾਹਾਬਾਦ ਹਾਈ ਕੋਰਟ ਨੇ ਇਸ ਕੇਸ ਵਿੱਚ ਜ਼ਮਾਨਤ ਦਿੱਤੀ ਸੀ। ਸੁਪਰੀਮ ਕੋਰਟ ਦੇ ਬੈਂਚ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ (ਸਿਟ) ਦੀ ਨਿਗਰਾਨੀ ਕਰ ਰਹੇ ਜੱਜ ਨੇ ਦੋ ਪੱਤਰ ਯੂਪੀ ਦੇ ਵਧੀਕ ਮੁੱਖ ਸਕੱਤਰ (ਗ੍ਰਹਿ) ਨੂੰ ਭੇਜੇ ਹਨ। ਉਨ੍ਹਾਂ ਲਿਖਿਆ ਹੈ ਕਿ ਸੂਬਾ ਸਰਕਾਰ ਸੁਪਰੀਮ ਕੋਰਟ ਵਿੱਚ ਜ਼ਮਾਨਤ ਰੱਦ ਕਰਨ ਲਈ ਅਰਜ਼ੀ ਪਾਏ। ਯੂਪੀ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮਹੇਸ਼ ਜੇਠਮਲਾਨੀ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਵਧੀਕ ਸਕੱਤਰ ਮੁਤਾਬਿਕ ਉਨ੍ਹਾਂ ਨੂੰ ਪੱਤਰ ਨਹੀਂ ਮਿਲੇ। ਇਸ ‘ਤੇ ਬੈਂਚ ਨੇ ਸੂਬੇ ਦੇ ਵਕੀਲ ਨੂੰ ਕਿਹਾ ਕਿ ਉਹ ‘ਸਿਟ’ ਵੱਲੋਂ ਦਿੱਤੀਆਂ ਰਿਪੋਰਟਾਂ ਪੜ੍ਹਨ ਤੇ 4 ਅਪ੍ਰੈਲ ਤੱਕ ਜਵਾਬ ਦੇਣ। ਪਟੀਸ਼ਨਕਰਤਾਵਾਂ ਵੱਲੋਂ ਸੀਨੀਅਰ ਵਕੀਲ ਦੁਸ਼ਿਅੰਤ ਦਵੇ ਪੇਸ਼ ਹੋਏ।
Home Page ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਬਾਰੇ ਯੂਪੀ ਸਰਕਾਰ...