ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਰੱਦ ਕਰਨ ਦਾ ਫ਼ੈਸਲਾ ਬਰਕਰਾਰ ਰੱਖਿਆ

30 ਸਤੰਬਰ 2024 ਤੱਕ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਕਰਾਉਣ ਦਾ ਹੁਕਮ ਦਿੱਤਾ
ਨਵੀਂ ਦਿੱਲੀ, 11 ਦਸੰਬਰ – ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਨੂੰ ਖ਼ਤਮ ਕਰਨ ਦੇ ਸਰਕਾਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ ਅਤੇ ਕਿਹਾ ਕਿ ਅਗਲੇ ਸਾਲ 30 ਸਤੰਬਰ ਤੱਕ ਵਿਧਾਨ ਸਭਾ ਚੋਣਾਂ ਕਰਵਾਉਣ ਲਈ ਕਦਮ ਚੁੱਕੇ ਜਾਣ।
ਚੀਫ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਹੇਠਲੇ ਸੰਵਿਧਾਨ ਬੈਂਚ ਵਿੱਚ ਜਸਟਿਸ ਬੀਆਰ ਗਵਈ ਜਸਟਿਸ ਸੂਰਿਆ ਕਾਂਤ, ਜਸਟਿਸ ਸੰਜੇ ਕਿਸ਼ਨ ਕੌਲ ਤੇ ਜਸਟਿਸ ਸੰਜੀਵ ਖੰਨਾ ਸ਼ਾਮਲ ਸਨ। ਬੈਂਚ ਵੱਲੋਂ ਚੀਫ ਜਸਟਿਸ ਨੇ ਵੱਲੋਂ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਸੰਵਿਧਾਨ ਦੀ ਧਾਰਾ 370 ਅਸਥਾਈ ਵਿਵਸਥਾ ਸੀ ਅਤੇ ਰਾਸ਼ਟਰਪਤੀ ਕੋਲ ਇਸ ਨੂੰ ਰੱਦ ਕਰਨ ਦਾ ਅਧਿਕਾਰ ਹੈ।
ਸਿਖ਼ਰਲੀ ਅਦਾਲਤ ਨੇ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਨੂੰ ਜੰਮੂ-ਕਸ਼ਮੀਰ ਤੋਂ ਵੱਖ ਕਰਨ ਦੇ ਅਗਸਤ 2019 ਦੇ ਫੈਸਲੇ ਦੀ ਵੈਧਤਾ ਨੂੰ ਵੀ ਬਰਕਰਾਰ ਰੱਖਿਆ। ਜਸਟਿਸ ਚੰਦਰਚੂੜ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਪੁਰਾਣੇ ਰਾਜ ਦੀ ਦੇਸ਼ ਦੇ ਦੂਜੇ ਰਾਜਾਂ ਦੇ ਉਲਟ ਅੰਦਰੂਨੀ ਪ੍ਰਭੂਸੱਤਾ ਨਹੀਂ ਸੀ।