ਕੋਲੰਬੋ, 13 ਜੁਲਾਈ – ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨਿਲ ਵਿਕਰਮਸਿੰਘੇ ਨੇ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਦੇ ਮਾਲਦੀਪ ਭੱਜ ਜਾਣ ਤੋਂ ਬਾਅਦ ਕਾਰਜਕਾਰੀ ਰਾਸ਼ਟਰਪਤੀ ਵਜੋਂ ਸਟੇਟ ਆਫ਼ ਐਮਰਜੈਂਸੀ, ਕਰਫ਼ਿਊ ਦੀ ਸਥਿਤੀ ਦਾ ਐਲਾਨ ਕਰ ਦਿੱਤਾ ਹੈ, ਜਿਸ ਨਾਲ ਆਰਥਿਕ ਸੰਕਟ ‘ਚ ਫਸੇ ਦੇਸ਼ ‘ਚ ਪ੍ਰਦਰਸ਼ਨ ਹੋਰ ਜ਼ੋਰ ਫੜ ਗਏ ਹਨ। ਵਿਕਰਮਸਿੰਘੇ ਦੇ ਮੀਡੀਆ ਸਕੱਤਰ ਨੇ ਦੱਸਿਆ, ‘ਪ੍ਰਧਾਨ ਮੰਤਰੀ ਨੇ ਕਾਰਜਕਾਰੀ ਰਾਸ਼ਟਰਪਤੀ ਵਜੋਂ ਐਮਰਜੰਸੀ (ਦੇਸ਼ ਵਿਆਪੀ) ਦਾ ਐਲਾਨ ਕਰ ਦਿੱਤਾ ਹੈ ਅਤੇ ਪੱਛਮੀ ਸੂਬੇ ਵਿੱਚ ਕਰਫ਼ਿਊ ਲਗਾ ਦਿੱਤਾ ਹੈ’।
ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਦੇ ਭੱਜਣ ਅਤੇ ਮੌਜੂਦਾ ਪ੍ਰਧਾਨ ਮੰਤਰੀ ਰਾਨਿਲ ਵਿਕਰਮਸਿੰਘੇ ਨੂੰ ਕਾਰਜਕਾਰੀ ਰਾਸ਼ਟਰਪਤੀ ਬਣਾਏ ਜਾਣ ਦਾ ਵੀ ਕਾਫ਼ੀ ਵਿਰੋਧ ਹੋ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਦਫ਼ਤਰ ‘ਤੇ ਵੀ ਕਬਜ਼ਾ ਕਰ ਲਿਆ ਹੈ। ਇਸ ਦੌਰਾਨ ਸ੍ਰੀਲੰਕਾ ਦੀ ਫ਼ੌਜ ਨੇ ਪ੍ਰਦਰਸ਼ਨਕਾਰੀਆਂ ਨੂੰ ਕਾਨੂੰਨ ਵਿਵਸਥਾ ਬਣਾਏ ਰੱਖਣ ਦੀ ਅਪੀਲ ਕੀਤੀ ਹੈ।
ਸ੍ਰੀਲੰਕਾ ਦੇ ਕਾਰਜਕਾਰੀ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਰਾਨਿਲ ਵਿਕਰਮਸਿੰਘੇ ਨੇ ਬੁੱਧਵਾਰ ਨੂੰ ਸੰਸਦ ਦੇ ਸਪੀਕਰ ਮਹਿੰਦਾ ਯਾਪਾ ਅਭਯਾਵਰਧਨੇ ਨੂੰ ਸਰਕਾਰ ਅਤੇ ਵਿਰੋਧੀ ਧਿਰ ਦੋਵਾਂ ਲਈ ਸਵੀਕਾਰਯੋਗ ਪ੍ਰਧਾਨ ਮੰਤਰੀ ਨਾਮਜ਼ਦ ਕਰਨ ਲਈ ਕਿਹਾ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਮੁਤਾਬਿਕ ਵਿਕਰਮਸਿੰਘੇ ਨੇ ਆਪਣੇ ਦਫ਼ਤਰ ਵਿੱਚ ਕੈਬਨਿਟ ਮੈਂਬਰਾਂ ਨਾਲ ਮੀਟਿੰਗ ਕੀਤੀ। ਇਸ ਵਿੱਚ ਕਿਹਾ ਗਿਆ ਹੈ ਕਿ ਮੀਟਿੰਗ ਵਿੱਚ ਸ਼ਾਮਲ ਸਾਰੇ ਮੰਤਰੀਆਂ ਦਾ ਵਿਚਾਰ ਸੀ ਕਿ ਜਿਵੇਂ ਹੀ ਸਰਬ ਪਾਰਟੀ ਸਰਕਾਰ ਬਣਾਉਣ ਦਾ ਸਮਝੌਤਾ ਹੁੰਦਾ ਹੈ, ਉਹ ਨਵੀਂ ਸਰਕਾਰ ਨੂੰ ਜ਼ਿੰਮੇਵਾਰੀ ਸੌਂਪ ਦੇਣਗੇ।
ਸ੍ਰੀਲੰਕਾ ਵਿੱਚ ਕਾਰਜਕਾਰੀ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਨੇ ਇੱਕ ਗਜ਼ਟ ਨੋਟੀਫ਼ਿਕੇਸ਼ਨ ਜਾਰੀ ਕਰਕੇ ਪੂਰੇ ਟਾਪੂ ਉੱਤੇ ਸਵੇਰੇ 5 ਵਜੇ ਤੱਕ ਕਰਫ਼ਿਊ ਲਗਾ ਦਿੱਤਾ ਹੈ। ਅਜਿਹੇ ‘ਚ ਫ਼ੌਜ ਅਤੇ ਪੁਲਸ ਨੂੰ ਅਸਾਧਾਰਨ ਸ਼ਕਤੀਆਂ ਨਾਲ ਲੈਸ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਇੱਕ ਟੈਲੀਵਿਜ਼ਨ ਸੰਬੋਧਨ ਵਿੱਚ ਰਾਨਿਲ ਵਿਕਰਮਸਿੰਘੇ ਨੇ ਕਿਹਾ ਕਿ ਉਸ ਨੇ ਫ਼ੌਜ ਨੂੰ ਆਦੇਸ਼ ਦਿੱਤਾ ਹੈ ਕਿ ਉਹ ਵਿਵਸਥਾ ਬਹਾਲ ਕਰਨ ਲਈ ਜੋ ਵੀ ਜ਼ਰੂਰੀ ਹੈ, ਉਹ ਕਰਨ। ਉਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਕਿਹਾ ਕਿ ਜਿਨ੍ਹਾਂ ਨੇ ਉਨ੍ਹਾਂ ਦੇ ਦਫ਼ਤਰ ਅਤੇ ਹੋਰ ਸਰਕਾਰੀ ਇਮਾਰਤਾਂ ‘ਤੇ ਕਬਜ਼ਾ ਕਰ ਲਿਆ ਹੈ ਉਹ ਤੁਰੰਤ ਪਿੱਛੇ ਹਟਣ ਅਤੇ ਅਧਿਕਾਰੀਆਂ ਨੂੰ ਸਹਿਯੋਗ ਦੇਣ।
ਸ੍ਰੀਲੰਕਾ ਵਿੱਚ ਪ੍ਰਧਾਨ ਮੰਤਰੀ ਦਫ਼ਤਰ ‘ਤੇ ਕਬਜ਼ਾ ਕਰਨ ਤੋਂ ਬਾਅਦ ਪ੍ਰਦਰਸ਼ਨਕਾਰੀ ਜਸ਼ਨ ਮਨਾਉਂਦੇ ਹੋਏ। ਵੱਡੀ ਗਿਣਤੀ ਵਿੱਚ ਪ੍ਰਦਰਸ਼ਨਕਾਰੀ ਗਾਉਂਦੇ ਅਤੇ ਨੱਚਦੇ ਨਜ਼ਰ ਆ ਰਹੇ ਹਨ। ਪੁਲਿਸ ਮੁਲਾਜ਼ਮ ਵੀ ਇਨ੍ਹਾਂ ਪ੍ਰਦਰਸ਼ਨਕਾਰੀਆਂ ਦੇ ਸਾਹਮਣੇ ਖੜ੍ਹੇ ਨਜ਼ਰ ਆ ਰਹੇ ਹਨ। ਆਪਣੇ ਹੱਥਾਂ ਵਿੱਚ ਗਿਟਾਰ ਅਤੇ ਹੋਰ ਸਾਜ਼ਾਂ ਨਾਲ, ਪ੍ਰਦਰਸ਼ਨਕਾਰੀਆਂ ਗੀਤ ਗਾ ਰਹੇ ਹਨ।
Home Page ਸ੍ਰੀਲੰਕਾ ਸੰਕਟ: ਕਾਰਜਕਾਰੀ ਰਾਸ਼ਟਰਪਤੀ ਵਿਕਰਮਸਿੰਘੇ ਨੇ ਸ੍ਰੀਲੰਕਾ ‘ਚ ਸਟੇਟ ਆਫ਼ ਐਮਰਜੈਂਸੀ ਦਾ...