ਅੰਮ੍ਰਿਤਸਰ, 6 ਜੂਨ – ਇੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 4 ਤੋਂ 6 ਜੂਨ, 1984 ‘ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਭਾਰਤੀ ਫ਼ੌਜ ਵੱਲੋਂ ਕੀਤੇ ‘ਓਪਰੇਸ਼ਨ ਬਲਿਊ ਸਟਾਰ’ (ਸਾਕਾ ਨੀਲਾ ਤਾਰਾ) ਦੀ ੩੩ਵਾਂ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਗਰਮ ਖ਼ਿਆਲੀ ਸਿੱਖ ਧਿਰਾਂ ਨੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦਾ ਵਿਰੋਧ ਕਰਦਿਆਂ ਉਨ੍ਹਾਂ ਵੱਲੋਂ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਨ ਸਮੇਂ ਉਨ੍ਹਾਂ ਖ਼ਿਲਾਫ਼ ਅਤੇ ਖਾਲਿਸਤਾਨ ਪੱਖੀ ਨਾਅਰੇਬਾਜ਼ੀ ਕੀਤੀ। ਮੁਤਵਾਜ਼ੀ ਜਥੇਦਾਰਾਂ ਵੱਲੋਂ ਵੀ ਕੌਮ ਦੇ ਨਾਂਅ ਸੰਦੇਸ਼ ਜਾਰੀ ਕੀਤਾ ਗਿਆ। ਜਥੇਦਾਰ ਗਿਆਨੀ ਗੁਰਬਚਨ ਸਿੰਘ ਦਾ ਜ਼ੋਰਦਾਰ ਵਿਰੋਧ ਹੋਣ ਦੇ ਬਾਵਜੂਦ ਪਿਛਲੇ ਸਾਲਾਂ ਦੀ ਨਿਸਬਤ, ਇਸ ਵਾਰ ਸਮਾਗਮ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਿਆ।
ਸ਼ਹੀਦੀ ਸਮਾਗਮ ਸਬੰਧੀ ਸ੍ਰੀ ਅਕਾਲ ਤਖ਼ਤ ‘ਤੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਉਪਰੰਤ ਹਜ਼ੂਰੀ ਰਾਗੀ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਅਕਾਲ ਤਖ਼ਤ ਦੇ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਨੇ ਕੀਤੀ ਜਦੋਂ ਕਿ ਹੁਕਮਨਾਮਾ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਲਿਆ।
ਇਸ ਉਪਰੰਤ ਜਿਵੇਂ ਹੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਿੱਖ ਕੌਮ ਦੇ ਨਾਂ ਸੰਦੇਸ਼ ਪੜ੍ਹਨਾ ਸ਼ੁਰੂ ਕੀਤਾ ਤਾਂ ਉਨ੍ਹਾਂ ਦਾ ਵਿਰੋਧ ਸ਼ੁਰੂ ਹੋ ਗਿਆ। ਗਰਮ ਖ਼ਿਆਲੀ ਸੰਗਤਾਂ ਖ਼ਾਲਿਸਤਾਨ ਪੱਖੀ ਨਾਅਰੇ ਲਾਉਂਦੀਆਂ ਅਤੇ ਜੈਕਾਰੇ ਛੱਡਦੀਆਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਉੱਠ ਕੇ ਬਾਹਰ ਹੇਠਾਂ ਆ ਗਈਆਂ। ਕੁੱਝ ਗਰਮ ਖ਼ਿਆਲੀਆਂ ਵੱਲੋਂ ਖ਼ਾਲਿਸਤਾਨ ਪੱਖੀ ਨਾਅਰੇ ਤੇ ਕਿਰਪਾਨਾਂ ਵੀ ਹਵਾ ਵਿੱਚ ਲਹਿਰਾਈਆਂ ਗਈਆਂ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਨੇ ਸਾਰੇ ਪਾਸਿਉਂ ਦਰਵਾਜ਼ੇ ਬੰਦ ਕਰ ਦਿੱਤੇ ਅਤੇ ਬੰਦ ਹਾਲ ਵਿੱਚ ਹੀ ਗਿਆਨੀ ਗੁਰਬਚਨ ਸਿੰਘ ਵੱਲੋਂ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ ਗਿਆ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ।
ਮੁਤਵਾਜ਼ੀ ਜਥੇਦਾਰਾਂ ਵੱਲੋਂ ਵੀ ਕੌਮ ਦੇ ਨਾਂ ਸੰਦੇਸ਼ ਜਾਰੀ
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਦੇ ਹੇਠਾਂ ਤਖ਼ਤ ਸਾਹਿਬ ਦੇ ਥੜ੍ਹੇ ਤੋਂ ਖ਼ਾਲਿਸਤਾਨ ਪੱਖੀ ਨਾਅਰੇਬਾਜ਼ੀ ਤੇ ਰੌਲੇ-ਰੱਪੇ ਦੌਰਾਨ ਸਰਬੱਤ ਖ਼ਾਲਸਾ ਵੱਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵੱਲੋਂ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ, ਉਨ੍ਹਾਂ ਤੋਂ ਇਲਾਵਾ ਭਾਈ ਬਲਜੀਤ ਸਿੰਘ ਦਾਦੂਵਾਲ ਅਤੇ ਭਾਈ ਅਮਰੀਕ ਸਿੰਘ ਅਜਨਾਲਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸੰਗਤਾਂ ਨੂੰ ਸੰਬੋਧਨ ਕੀਤਾ।
ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚ ਵੱਡੀ ਗਿਣਤੀ ਚਿਟਕੱਪੜੀਏ ਪੁਲੀਸ ਵਾਲੇ ਹਾਜ਼ਰ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਸਮੁੱਚੇ ਪ੍ਰੋਗਰਾਮ ਦੀ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਨਿਗਰਾਨੀ ਵੀ ਕੀਤੀ ਗਈ।
Indian News ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਹੀਦਾਂ ਦੀ ਯਾਦ ਵਿੱਚ 33ਵਾਂ ਘੱਲੂਘਾਰਾ ਸਮਾਗਮ