ਭਾਰਤੀ ਚਿੰਤਨ ਅਨੁਸਾਰ ਸੰਤਾਂ ਮਹਾਂਪੁਰਖਾਂ ਦਾ ਆਗਮਨ ਮਨੁੱਖਾ ਜੀਵਨ ਨੂੰ ਗਿਰਾਵਟ ਵੱਲ ਲੈ ਜਾਣ ਵਾਲੇ ਪੱਖਾਂ ਨੂੰ ਖ਼ਤਮ ਕਰਨ ਲਈ ਹੁੰਦਾ ਹੈ। ਪੰਜਾਬ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ (੧੪੬੯ ਈਸਵੀ) ਇਸੇ ਧਾਰਨਾ ਅਨੁਸਾਰ ‘ਮਿਟੀ ਧੁੰਧੁ ਜਗਿ ਚਾਨਣੁ ਹੋਆ’ ਵੱਲ ਸੰਕੇਤ ਕਰਦਾ ਹੈ। ਇਸ ਤਰ੍ਹਾਂ ਦੇ ਮਹਾਂਪੁਰਸ਼ ਧਰਮਵੀਰ, ਕਰਮਵੀਰ, ਦਾਨਵੀਰ ਤੇ ਦਯਾਵੀਰ ਹੋਣ ਦੇ ਨਾਲ ਨਾਲ ਜਨ-ਮਾਨਸ ਨੂੰ ਕਰੁਣਾ ਦਾ ਅੰਮ੍ਰਿਤ ਪ੍ਰਦਾਨ ਕਰਕੇ ਸਹੀ ਦਿਸ਼ਾ ਦਿੰਦੇ ਹਨ ਅਤੇ ਲੋਕਾਂ ਦਾ ਮਾਰਗ ਦਰਸ਼ਨ ਕਰਦੇ ਹਨ। ਇਹ ਮਾਰਗ ਦਰਸ਼ਨ ਪਿਆਰ ਦੇ ਜ਼ਰੀਏ ਨਵੇਂ ਆਦਰਸ਼ਾਂ ਦੀ ਸਥਾਪਨਾ ਕਰਕੇ ਸੰਸਾਰ ਨੂੰ ਗਿਆਨ ਦੀ ਰੌਸ਼ਨੀ ਪ੍ਰਦਾਨ ਕਰਦੇ ਹਨ।
ਗੁਰੂ ਜੀ ਦਾ ਆਗਮਨ ਜਿਸ ਸਮੇਂ ਹੋਇਆ ਉਦੋਂ ਭਾਰਤ ਦੇ ਰਾਜਨੀਤਕ, ਸਮਾਜਿਕ, ਧਾਰਮਿਕ, ਆਰਥਿਕ, ਅਤੇ ਸੱਭਿਆਚਾਰਕ ਹਾਲਤਾਂ ਵਿੱਚ ਗਿਰਾਵਟ ਆ ਚੁੱਕੀ ਸੀ। ਸਮੇਂ ਦੇ ਹਾਲਾਤ ਦਾ ਮਨੁੱਖ ਦੇ ਦ੍ਰਿਸ਼ਟੀਕੋਣ ਦੇ ਨਿਰਮਾਣ ਵਿੱਚ ਬਹੁਤ ਵੱਡਾ ਹੱਥ ਹੁੰਦਾ ਹੈ। ਗੁਰੂ ਨਾਨਕ ਦੇਵ ਜੀ ਨੇ ਸਮੇਂ ਦੇ ਅਨੁਸਾਰ ਆਪਣੇ ਮਕਸਦ ਨੂੰ ਸਨਮੁੱਖ ਰੱਖਿਆ ਅਤੇ ਉਸ ਉੱਪਰ ਅਮਲ ਕੀਤਾ। ਗੁਰੂ ਜੀ ……. ਨੇ ਆਪਣੇ ਸਮੇਂ ਦੇ ਭਾਰਤੀ ਜੀਵਨ ਨੂੰ ਡੂੰਘੀ ਨੀਝ ਨਾਲ ਦੇਖਿਆ ਅਤੇ ਉਸ ਵਿੱਚ ਵਿਆਪਕ ਧਾਰਮਿਕ ਅੰਧਕਾਰ, ਸਮਾਜਿਕ ਗਿਰਾਵਟ ਅਤੇ ਰਾਜਸੀ ਅਨਿਆਂ ਨੂੰ ਆਪਣੀ ਬਾਣੀ ਵਿੱਚ ਚੰਗੀ ਤਰ੍ਹਾਂ ਚਿਤਰਿਆ ਹੈ ਤੇ ਉਸ ਦੀ ਕਰੜੀ ਪੜਚੋਲ ਕੀਤੀ ਹੈ। ਗੁਰੂ ਨਾਨਕ ਦੇਵ ਜੀ ਨੇ ਅਜਿਹੇ ਧਰਮ ਦੀ ਨੀਂਹ ਰੱਖੀ, ਜਿਸ ਨੇ ‘ਸਭੇ ਸਾਝੀਵਾਲ ਸਦਾਇਨਿ’ ਦਾ ਇਲਾਹੀ ਨਾਦ ਦੁਨੀਆਂ ਵਿੱਚ ਗੂੰਜਾ ਕੇ ਮਨੁੱਖਤਾ ਦੇ ਆਲੇ-ਦੁਆਲੇ ਖੜ੍ਹੀਆਂ ਕੀਤੀਆਂ ਵਲਗਣਾਂ ਨੂੰ ਖ਼ਤਮ ਕਰ ਸ਼ੋਸ਼ਿਤ ਤੋਂ ਸੁਤੰਤਰਤਾ ਦਾ ਪ੍ਰਸੰਗ ਸਥਾਪਿਤ ਕੀਤਾ। ਗੁਰੂ ਸਾਹਿਬ ਜੀ ਬਹੁਮੁਖੀ ਪ੍ਰਤਿਭਾ ਦੇ ਸੁਆਮੀ ਸਨ। ਆਪ ਆਦਰਸ਼ ਸ਼ਖ਼ਸੀਅਤ ਦੇ ਮਾਲਕ, ਸਚਾਈ, ਪ੍ਰੇਮ, ਸਿਮਰਨ, ਸੇਵਾ ਤੇ ਸ਼ਕਤੀ ਦੇ ਪੁੰਜ ਸਨ। ਉਨ੍ਹਾਂ ਦਾ ਜੀਵਨ ਸਦੀਆਂ ਤੋਂ ਲੱਖਾਂ ਲੋਕਾਂ ਲਈ ਚਾਨਣ ਮੁਨਾਰੇ ਦਾ ਕੰਮ ਕਰਦਾ ਆ ਰਿਹਾ ਹੈ। ਗੁਰੂ ਸਾਹਿਬ ਨੇ ਜੋ ਵੀ ਸੰਦੇਸ਼ ਦਿੱਤੇ, ਉਹ ਸਰਵਕਾਲੀਨ ਹਨ। ਉਨ੍ਹਾਂ ਦੇ ਮਹਾਨ ਸੰਦੇਸ਼ ਦਾ ਅਧਿਐਨ ਜੇ ਅੱਜ ਦੀਆਂ ਸਮਾਜਿਕ, ਰਾਜਨੀਤਕ ਤੇ ਆਰਥਿਕ ਸਮੱਸਿਆਵਾਂ ਨੂੰ ਮੁੱਖ ਰੱਖ ਕੇ ਕੀਤਾ ਜਾਵੇ ਤਾਂ ਵੀ ਉਹ ਪ੍ਰੇਰਨਾਦਾਇਕ ਹੈ। ਗੁਰੂ ਨਾਨਕ ਦੇਵ ਜੀ ਜਗਤ ਗੁਰੂ ਸਨ, ਉਨ੍ਹਾਂ ਨੇ ਮਨੁੱਖਾ ਜੀਵਨ ਦੀਆਂ ਸਾਰੀਆਂ ਸਮੱਸਿਆਵਾਂ ਦਾ ਗਹਿਰਾ ਅਧਿਐਨ ਕੀਤਾ ਅਤੇ ਆਪਣਾ ਸਾਰਾ ਜੀਵਨ ਲੋਕਾਂ ਨੂੰ ਜੀਵਨ-ਜਾਚ ਸਿਖਾਉਣ ਲਈ ਅਰਪਣ ਕਰ ਦਿੱਤਾ। ਉਨ੍ਹਾਂ ਆਪਣੀ ਜ਼ਿੰਦਗੀ ਦਾ ਬਹੁਤਾ ਹਿੱਸਾ ਲੋਕਾਂ ਨੂੰ ਸੱਚੀ ਸਿੱਖਿਆ ਦੇਣ ਲਈ ਦੇਸ਼ ਦੇਸਾਂਤਰਾਂ ਦੀਆਂ ਯਾਤਰਾਵਾਂ ਵਿੱਚ ਗੁਜ਼ਾਰਿਆ, ਜਿਨ੍ਹਾਂ ਨੂੰ ਗੁਰੂ ਨਾਨਕ ਸਾਹਿਬ ਦੀਆਂ ਉਦਾਸੀਆਂ ਕਿਹਾ ਜਾਂਦਾ ਹੈ। ਆਪ ਦੀਆਂ ਯਾਤਰਾਵਾਂ ਚੱਲਦੀਆਂ ਫਿਰਦੀਆਂ ਪਾਠਸ਼ਾਲਾਵਾਂ ਸਨ।
ਸਮੇਂ ਦੇ ਸ਼ਾਸਕਾਂ ਨਾਲ ਗੁਰੂ ਜੀ ਦਾ ਮਿਲਾਪ ਹੋਇਆ। ਉਨ੍ਹਾਂ ਨੇ ਗੁਰੂ ਜੀ ਦੇ ਸੁਤੰਤਰ ਵਿਚਾਰਾਂ ਕਾਰਨ ਕੈਦ ਕਰ ਲਿਆ ਸੀ। ਉਸ ਸਮੇਂ ਸਜ਼ਾ ਦੇ ਨਿਯਮ ਬਹੁਤ ਸਖ਼ਤ ਸਨ। ਦੋਸ਼ੀਆਂ ਨੂੰ ਆਮ ਤੌਰ ‘ਤੇ ਅੰਗ ਭੰਗ ਕਰਨ ਅਤੇ ਮੌਤ ਦੀ ਸਜ਼ਾ ਦਿੱਤੀ ਜਾਂਦੀ ਸੀ। ਦੋਸ਼ੀਆਂ ਕੋਲੋਂ ਦੋਸ਼ ਦਾ ਇਕਬਾਲ ਕਰਵਾਉਣ ਲਈ ਸਖ਼ਤੀ ਤੇ ਜ਼ੁਲਮ ਦਾ ਪ੍ਰਯੋਗ ਕੀਤਾ ਜਾਂਦਾ ਸੀ। ਸਮੇਂ ਦੇ ਅਫ਼ਸਰਾਂ ਵਿੱਚ ਰਿਸ਼ਵਤ ਦਾ ਬੋਲਬਾਲਾ ਸੀ। ਇਤਿਹਾਸ ਦੇ ਅਨੁਸਾਰ ਇਹ ਸਮਾਂ ਰਾਜਨੀਤਕ ਹਲਚਲ ਤੇ ਅਰਾਜਕਤਾ ਦਾ ਜ਼ਮਾਨਾ ਸੀ। ਆਪਣੇ ਸਮੇਂ ਦਾ ਹਾਲ ਗੁਰੂ ਜੀ ਨੇ ਬਾਣੀ ਵਿੱਚ ਬਿਆਨ ਕੀਤਾ ਹੈ:-
ਕਲਿ ਕਾਤੀ ਰਾਜੇ ਕਾਸਾਈ ਧਰਮੁ ਪੰਖ ਕਰਿ ਉਡਰਿਆ॥
ਕੂੜੁ ਅਮਾਵਸ ਸਚੁ ਚੰਦ੍ਰਮਾ ਦੀਸੈ ਨਾਹੀ ਕਹ ਚੜਿਆ॥
ਉਸ ਵਕਤ ਦੀ ਮੁਸਲਿਮ ਹਕੂਮਤ ਆਪਣਾ ਧਰਮ ਫੈਲਾਉਣ ਦਾ ਯਤਨ ਕਰ ਰਹੀ ਸੀ। ਹਿੰਦੂਆਂ ਨੂੰ ਹਰ ਪਾਸੇ ਤੋਂ ਮਾਰਾਂ ਪੈ ਰਹੀਆਂ ਸਨ। ਉਹ ਆਪਣੇ ਆਪ ਨੂੰ ਨਿਹੱਥੇ ਤੇ ਨਿਤਾਣੇ ਸਮਝ ਰਹੇ। ਉਨ੍ਹਾਂ ਵਿੱਚੋਂ ਸਵੈਮਾਨ ਅਤੇ ਆਤਮ ਵਿਸ਼ਵਾਸ ਦੀ ਭਾਵਨਾ ਖ਼ਤਮ ਹੋ ਚੁੱਕੀ ਸੀ। ਸਤਾਏ ਤੇ ਗ਼ੁਲਾਮ ਮਾਨਸਿਕਤਾ ਵਾਲਿਆਂ ਨੂੰ ਉੱਚਾ ਉਠਾਉਣ ਲਈ ਗੁਰੂ ਜੀ ਨੇ ਉਨ੍ਹਾਂ ਨੂੰ ਇੱਕ ਨਵਾਂ ਰਾਹ ਦਿਖਾਇਆ।
ਦੂਜੇ ਪਾਸੇ ਹਰ ਧਰਮ ਕੇਵਲ ਦਿਖਾਵਾ ਮਾਤਰ ਹੀ ਰਹਿ ਗਏ ਸਨ। ਉਨ੍ਹਾਂ ਦੀ ਆਤਮਾ ਮਰ ਚੁੱਕੀ ਸੀ। ਧਾਰਮਿਕ ਆਗੂ ਆਪਣੇ ਸਵਾਰਥ ਲਈ ਲੋਕਾਂ ਨੂੰ ਠੱਗ ਰਹੇ ਸਨ। ਧਾਰਮਿਕ ਪਰਪੰਚਾਂ ਅਤੇ ਫੋਕੇ ਰੀਤੀ ਰਿਵਾਜ਼ਾਂ ਨੇ ਲੋਕਾਂ ਨੂੰ ਜਕੜ ਰੱਖਿਆ ਸੀ।
ਗੁਰੂ ਜੀ ਨੇ ਲੋਕਾਂ ਨੂੰ ਸਮਝਾਇਆ ਕਿ ਮਨੁੱਖ ਦਾ ਅਸਲੀ ਧਰਮ ਕੀ ਹੈ? ਉਨ੍ਹਾਂ ਨੇ ਸੱਚੇ ਧਰਮ ਦਾ ਸਰੂਪ ਉਨ੍ਹਾਂ ਦੇ ਸਾਹਮਣੇ ਸਰਲ ਭਾਸ਼ਾ ਵਿੱਚ ਰੱਖਿਆ। ਜਿਹੜੇ ਜਨ-ਸਾਧਾਰਨ ਲੋਕ ਸਦੀਆਂ ਤੋਂ ਧਾਰਮਿਕ ਕਰਮਕਾਡਾਂ ਵਿੱਚ ਜਕੜੇ ਆ ਰਹੇ ਸਨ, ਖ਼ਾਸ ਕਰਕੇ ਇਸਤਰੀ ਅਤੇ ਪਛੜਿਆ ਵਰਗ ਉਨ੍ਹਾਂ ਦੇ ਜ਼ੁਲਮ ਦਾ ਸ਼ਿਕਾਰ ਹੋ ਰਿਹਾ ਸੀ। ਗੁਰੂ ਜੀ ਦੀ ਬਾਣੀ ਨੇ ਜਨ-ਸਾਧਾਰਨ ਵਿੱਚ ਇੱਕ ਨਵੀਂ ਰੂਹਾਨੀ ਸ਼ਕਤੀ ਅਤੇ ਇੱਕ ਨਵਾਂ ਆਤਮ-ਵਿਸ਼ਵਾਸ ਪੈਦਾ ਕੀਤਾ।
ਗੁਰੂ ਸਾਹਿਬ ਜੀ ਨੇ ਚੰਗੇ ਸਮਾਜ ਦੇ ਨਿਰਮਾਣ ਲਈ ਦੁਨੀਆਂ ਸਾਹਮਣੇ ਤਿੰਨ ਸਿਧਾਂਤ ਰੱਖੇ ਕਿਰਤ ਕਰੋ, ਨਾਮ ਜਪੋ, ਵੰਡ ਛਕੋ। ਇਸ ਤਰ੍ਹਾਂ ਅਸੀਂ ਦੇਖਦੇ ਹਾਂ ਕਿ ਗੁਰੂ ਨਾਨਕ ਸਾਹਿਬ ਜੀ ਨੇ ਸਾਂਝੀਵਾਲਤਾ, ਭਾਈਚਾਰੇ ਅਤੇ ਰਾਸ਼ਟਰੀ ਏਕਤਾ ਦਾ ਉਪਦੇਸ਼ ਦਿੱਤਾ। ਉਨ੍ਹਾਂ ਦਾ ਫ਼ਲਸਫ਼ਾ, ਉਨ੍ਹਾਂ ਦਾ ਮਾਰਗ ਹਰ ਦੇਸ਼ ਤੇ ਹਰ ਕੌਮ ਦੇ ਉਸ ਪ੍ਰਾਣੀ ਲਈ ਹੈ ਜੋ ਸਚ ਦਾ ਪਾਂਧੀ ਹੋਵੇ, ਸ਼ਾਂਤੀ ਤੇ ਮਾਨਵ ਏਕਤਾ ਦਾ ਚਾਹਵਾਨ ਹੋਵੇ। ਗੁਰੂ ਸਾਹਿਬ ਜੀ ਦੇ ਮਨ ਵਿੱਚ ਕੇਵਲ ਆਪਣੇ ਦੇਸ਼ ਲਈ ਹੀ ਪਿਆਰ ਨਹੀਂ ਸੀ, ਉਹ ਤਾਂ ਸਾਰੀ ਸ੍ਰਿਸ਼ਟੀ ਦੇ ਕਲਿਆਣ ਲਈ ਪ੍ਰਮਾਤਮਾ ਅੱਗੇ ਬੇਨਤੀ ਕਰਦੇ ਹਨ:-
ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ॥
ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ॥
ਅੱਜ ਜਦੋਂ ਅਸੀਂ ਗੁਰੂ ਜੀ ਦਾ ਪ੍ਰਕਾਸ਼ ਦਿਹਾੜਾ ਮਨਾ ਰਹੇ ਹਾਂ ਤਾਂ ਸਮੂਹ ਗੁਰੂ ਨਾਨਕ ਨਾਮ-ਲੇਵਾ ਸੰਗਤਾਂ ਨੂੰ ਆਪਣੇ ਅੰਦਰ ਝਾਤ ਮਾਰ ਕੇ ਦੇਖਣਾ ਹੋਵੇਗਾ ਕਿ ਕੀ ਅਸੀਂ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ‘ਤੇ ਅਮਲ ਕਰ ਰਹੇ ਹਾਂ। ਇਸ ਮੁਬਾਰਕ ਮੌਕੇ ‘ਤੇ ਸਾਡਾ ਫ਼ਰਜ਼ ਬਣਦਾ ਹੈ ਕਿ ਗੁਰੂ ਡੰਮ ਤੇ ਹੋਰ ਸਮਾਜਿਕ ਕੁਰੀਤੀਆਂ ਤੋਂ ਦੂਰ ਹੁੰਦੇ ਹੋਏ ਕੁਦਰਤੀ ਖ਼ਜ਼ਾਨਿਆਂ ਨੂੰ ਸਾਂਭਣ ਲਈ ਕਾਰਜਸ਼ੀਲ ਹੋਈਏ।
ਪ੍ਰੋ. ਕਿਰਪਾਲ ਸਿੰਘ ਬਡੂੰਗਰ
*ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ।