ਮੋਰਚੇ ਵੱਲੋਂ ਭਾਜਪਾ ਨੂੰ ਵਿਧਾਨ ਸਭਾ ਚੋਣਾਂ ਵਿੱਚ ਸਜ਼ਾ ਦੇਣ ਦੀ ਅਪੀਲ
ਨਵੀਂ ਦਿੱਲੀ, 3 ਫਰਵਰੀ – ਸੰਯੁਕਤ ਕਿਸਾਨ ਮੋਰਚਾ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਮੰਗਾਂ ਨਾ ਮੰਨੇ ਜਾਣ ਕਰਕੇ ‘ਮਿਸ਼ਨ ਉੱਤਰ ਪ੍ਰਦੇਸ’ ਤਹਿਤ ਯੂਪੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਸਜ਼ਾ ਦੇਣ ਦੀ ਅਪੀਲ ਕੀਤੀ ਹੈ। ਇਸ ਸਬੰਧੀ ਅੱਜ ਇੱਥੇ ਸਥਿਤ ਪ੍ਰੈੱਸ ਕਲੱਬ ਵਿਖੇ ਸੰਯੁਕਤ ਕਿਸਾਨ ਮੋਰਚਾ ਦੀ ਕੋਆਰਡੀਨੇਸ਼ਨ ਕਮੇਟੀ ਦੇ 7 ਮੈਂਬਰੀ ਕਮੇਟੀ ਨੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਤੋਂ ਬਾਅਦ ਪਰਚੇ ਵੀ ਵੰਡੇ ਗਏ। ਇਨ੍ਹਾਂ ਪਰਚਿਆਂ ਵਿੱਚ ਭਾਜਪਾ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਗਿਆ।
ਕਿਸਾਨ ਨੇਤਾਵਾਂ ਨੇ ਕਿਹਾ ਕਿ ਕਿਸਾਨ ਇੱਕ ਸਾਲ ਤੋਂ ਵੱਧ ਸਮੇਂ ਲਈ ਆਪਣੀਆਂ ਮੰਗਾਂ ਲਈ ਦਿੱਲੀ ਦੇ ਬਾਰਡਰਾਂ ‘ਤੇ ਡਟੇ ਰਹੇ ਤੇ ਇਸ ਸੰਘਰਸ਼ ਦੌਰਾਨ 700 ਤੋਂ ਵੱਧ ਕਿਸਾਨ ਸ਼ਹੀਦ ਹੋ ਗਏ। ਕਿਸਾਨੀ ਸੰਘਰਸ਼ ਦੌਰਾਨ ਦਰਜ ਕੀਤੇ ਮੁਕੱਦਮੇ ਵੀ ਵਾਪਸ ਨਹੀਂ ਲਏ ਗਏ ਹਨ। ਐਮਐੱਸਪੀ ਬਾਰੇ ਕਮੇਟੀ ਨਹੀਂ ਬਣਾਈ, ਬਿਜਲੀ ਤੇ ਪਰਾਲੀ ਦੇ ਮੁੱਦੇ ਹੱਲ ਨਹੀਂ ਹੋਏ ਤੇ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਅਹੁਦੇ ਤੋਂ ਬਰਖ਼ਾਸਤ ਨਹੀਂ ਕੀਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਕਿਸਾਨਾਂ ਨਾਲ ਵਾਅਦਾ ਖ਼ਿਲਾਫ਼ੀ ਕੀਤੀ ਹੈ। ਇਹ ਪਰਚਾ ਪ੍ਰੈੱਸ ਕਾਨਫ਼ਰੰਸ ਦੌਰਾਨ ਰਾਕੇਸ਼ ਟਿਕੈਤ, ਡਾ. ਦਰਸ਼ਨ ਪਾਲ, ਹਨਨ ਮੌਲਾ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਸ਼ਿਵ ਕੁਮਾਰ ਸ਼ਰਮਾ, ਯੁੱਧਵੀਰ ਸਿੰਘ ਤੇ ਯੋਗਿੰਦਰ ਯਾਦਵ ਵੱਲੋਂ ਜਾਰੀ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਸੰਯੁਕਤ ਕਿਸਾਨ ਮੋਰਚੇ ਨੇ 31 ਜਨਵਰੀ ਨੂੰ ਸਰਕਾਰ ਵੱਲੋਂ ਵਾਅਦੇ ਪੂਰੇ ਨਾ ਕਰਨ ਉੱਤੇ ਪੂਰੇ ਦੇਸ਼ ‘ਚ ‘ਵਿਸ਼ਵਾਸਘਾਤ ਦਿਵਸ’ ਮਨਾਇਆ ਗਿਆ। ਇਸ ਸੰਬੰਧੀ ਵੀ ਪ੍ਰੈੱਸ ਕਾਨਫ਼ਰੰਸ ਵਿੱਚ ਜਾਣਕਾਰੀ ਦਿੱਤੀ ਗਈ।
Home Page ਸੰਯੁਕਤ ਕਿਸਾਨ ਮੋਰਚੇ ਵੱਲੋਂ ‘ਮਿਸ਼ਨ ਉੱਤਰ ਪ੍ਰਦੇਸ’ ਦਾ ਐਲਾਨ