ਸੰਸਦ ਦੇ ਬਾਹਰ ਅਕਾਲੀ ਦਲ ਅਤੇ ਬਸਪਾ ਵੱਲੋਂ ਪ੍ਰਦਰਸ਼ਨ

ਨਵੀਂ ਦਿੱਲੀ, 19 ਜੁਲਾਈ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਨੇ ਕੰਮ ਰੋਕੂ ਮਤਾ ਰੱਦ ਕਰਨ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਕਿਹਾ ਕਿ ਦੇਸ਼ ਦੇ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਵੇਖਦਿਆਂ ਤਿੰਨ ਖੇਤੀ ਕਾਨੂੰਨ ਰੱਦ ਹੋਣੇ ਬਹੁਤ ਜ਼ਰੂਰੀ ਹਨ। ਜਲਾਲਾਬਾਦ ਤੋਂ ਸੰਸਦ ਮੈਂਬਰ ਸੁਖਬੀਰ ਬਾਦਲ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਬਸਪਾ ਦੇ ਕੌਮੀ ਜਨਰਲ ਸਕੱਤਰ ਸਤੀਸ਼ ਮਿਸ਼ਰਾ ਤੇ ਬਸਪਾ ਦੇ ਹੋਰ ਸੰਸਦ ਮੈਂਬਰਾਂ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸੰਸਦ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ। ਉਨ੍ਹਾਂ ਐਲਾਨ ਕੀਤਾ ਕਿ ਅਕਾਲੀ ਦਲ-ਬਸਪਾ ਗੱਠਜੋੜ ਉਦੋਂ ਤੱਕ ਪ੍ਰਦਰਸ਼ਨ ਜਾਰੀ ਰੱਖੇਗਾ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਬਾਰੇ ਸੰਸਦ ਵਿੱਚ ਚਰਚਾ ਨਹੀਂ ਕੀਤੀ ਜਾਂਦੀ ਅਤੇ ਉਨ੍ਹਾਂ ਦੀਆਂ ਮੰਗਾਂ ਮੰਨਣ ਸਬੰਧੀ ਸਹਿਮਤੀ ਨਹੀਂ ਹੋ ਜਾਂਦੀ। ਸੁਖਬੀਰ ਬਾਦਲ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਇੱਕਜੁੱਟ ਹੋਣ। ਉਨ੍ਹਾਂ ਕਿਹਾ ਕਿ ਹੁਣ ਤੱਕ 500 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ। ਉਨ੍ਹਾਂ ਕਿਹਾ, ”ਸਾਨੂੰ ਸ਼ਹੀਦ ਕਿਸਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨੇ ਚਾਹੀਦੇ ਹਨ।” ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ, ”ਜੇ ਸੰਸਦ ਵਿੱਚ ਸ਼ਹੀਦ ਕਿਸਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਨਹੀਂ ਕੀਤੇ ਜਾਂਦੇ ਤਾਂ ਇਹ ਬਹੁਤ ਹੀ ਮੰਦਭਾਗੀ ਗੱਲ ਹੈ।”