1984 ਸਮੇਂ ਫ਼ੌਜ ਦੀ ਗੋਲੀਬਾਰੀ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਤੇ ਗੋਲੀਆਂ ਲੱਗੇ ਸੋਨੇ ਦੇ ਪੱਤਰਿਆਂ ਦੇ 37 ਵਰ੍ਹਿਆਂ ਬਾਅਦ ਸੰਗਤ ਦਰਸ਼ਨ ਕਰੇਗੀ – ਐੱਸਜੀਪੀਸੀ

ਅੰਮ੍ਰਿਤਸਰ, 2 ਜੂਨ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਨੇ 37 ਵਰ੍ਹਿਆਂ ਬਾਅਦ ਅਹਿਮ ਫ਼ੈਸਲੇ ਲੈਂਦਿਆਂ ਜੂਨ 1984 ‘ਚ ਫ਼ੌਜ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਤੇ ਅਕਾਲ ਤਖ਼ਤ ਸਾਹਿਬ ਸਮੂਹ ‘ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਗੋਲੀ ਲੱਗਣ ਕਾਰਣ ਜ਼ਖ਼ਮੀ ਹੋਏ ਪਾਵਨ ਸਰੂਪ ਅਤੇ ਗੋਲੀਆਂ ਨਾਲ ਛਲਣੀ ਹੋਏ ਗੁਰੂ ਘਰ ਦੇ ਸੋਨੇ ਦੇ ਪੱਤਰਿਆਂ ਦੇ ਸੰਗਤਾਂ ਨੂੰ ਦਰਸ਼ਨ ਕਰਵਾਉਣ, ਗੋਲੀਆਂ ਨਾਲ ਵਿੰਨੀ ਖ਼ਜ਼ਾਨਾ ਡਿਉੜੀ ਦੀ ਸੰਭਾਲ ਕਰਨ ਅਤੇ ਜੂਨ ’84 ਦੇ ਸ਼ਹੀਦ ਸਿੰਘਾਂ ਦੀਆਂ ਤਸਵੀਰਾਂ ਲਗਾਉਣ ਲਈ ਸ਼ਹੀਦੀ ਗੈਲਰੀ ਸ਼੍ਰੋਮਣੀ ਕਮੇਟੀ ਵੱਲੋਂ ਖ਼ੁਦ ਜਲਦ ਤਿਆਰ ਕਰਨ ਦਾ ਐਲਾਨ ਕੀਤਾ।
ਇੱਥੇ ਬਾਅਦ ਦੁਪਹਿਰ ਅੰਤ੍ਰਿੰਗ ਕਮੇਟੀ ਦੀ ਹੋਈ ਹੰਗਾਮੀ ਇਕੱਤਰਤਾ ਉਪਰੰਤ ਪਾਸ ਕੀਤੇ ਮਤਿਆਂ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਜੂਨ ’84 ਦਾ ਘੱਲੂਘਾਰਾ ਸਿੱਖ ਕੌਮ ਲਈ ਅਤਿ ਪੀੜਾਦਾਇਕ ਹੈ ਤੇ ਇਸ ਨੂੰ ਦੁਨੀਆ ਭਰ ‘ਚ ਵੱਸਦੇ ਸਿੱਖ ਕਦੇ ਨਹੀਂ ਭੁੱਲਾ ਸਕਦੇ। ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਫ਼ੈਸਲਾ ਕੀਤਾ ਹੈ ਕਿ ਘੱਲੂਘਾਰੇ ਦੌਰਾਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਸਮੇਤ ਹੋਰ ਸਬੰਧਿਤ ਮੌਜੂਦ ਨਿਸ਼ਾਨੀਆਂ ਦੇ ਸੰਗਤਾਂ ਨੂੰ ਦਰਸ਼ਨ ਕਰਵਾਏ ਜਾਣਗੇ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਆਪਣੀ ਕੌਮ ‘ਤੇ ਕੇਂਦਰ ਦੀ ਕਾਂਗਰਸ ਸਰਕਾਰ ਵੱਲੋਂ ਕੀਤੇ ਜ਼ੁਲਮ ਨੂੰ ਯਾਦ ਰੱਖ ਸਕਣ।
ਉਨ੍ਹਾਂ ਕਿਹਾ ਕਿ ਸ਼ਹੀਦੀ ਹਫ਼ਤੇ ਦੌਰਾਨ 1984 ਵਿੱਚ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਅਕਾਲ ਤਖ਼ਤ ਸਾਹਿਬ ਦੇ ਨਜ਼ਦੀਕ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ 3 ਤੋਂ 5 ਜੂਨ ਤੱਕ ਸੰਗਤ ਦੇ ਦਰਸ਼ਨਾਂ ਲਈ ਸੁਸ਼ੋਭਿਤ ਕੀਤਾ ਜਾਵੇਗਾ ਤੇ ਇਸ ਦੌਰਾਨ ਇਸ ਪਾਵਨ ਸਰੂਪ ‘ਚ ਲੱਗੀ ਫ਼ੌਜ ਦੀ ਗੋਲੀ ਨੂੰ ਵੀ ਪ੍ਰਦਰਸ਼ਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਫ਼ੌਜੀ ਹਮਲੇ ‘ਚ ਸ੍ਰੀ ਹਰਿਮੰਦਰ ਸਾਹਿਬ ਤੇ ਅਕਾਲ ਤਖ਼ਤ ਸਾਹਿਬ ਦੇ ਜਿਨ੍ਹਾਂ ਸੁਨਹਿਰੀ ਪੱਤਰਿਆਂ ‘ਤੇ ਗੋਲੀਆਂ ਲੱਗੀਆਂ ਸਨ, ਦੇ ਵੀ ਜਲਦ ਸੰਗਤਾਂ ਦਰਸ਼ਨ ਕਰ ਸਕਣਗੀਆਂ ਤੇ ਇਹ ਸੁਨਹਿਰੀ ਪੱਤਰੇ ਅਕਾਲ ਤਖ਼ਤ ਸਾਹਿਬ ਵਿਖੇ ਭੋਰਾ ਸਾਹਿਬ ਵਿਚ ਦਰਸ਼ਨਾਂ ਲਈ ਰੱਖੇ ਜਾਣਗੇ । ਉਨ੍ਹਾਂ ਕਿਹਾ ਕਿ ਖ਼ਜ਼ਾਨਾ ਡਿਉੜੀ ਜੋ ਕਿ ਫ਼ੌਜ ਦੀ ਗੋਲਾਬਾਰੀ ਦੌਰਾਨ ਛਲਣੀ ਹੋ ਗਈ ਸੀ, ਦੇ ਨਿਸ਼ਾਨਾਂ ਨੂੰ ਵੀ ਜਿਉਂ ਦਾ ਤਿਉਂ ਸੰਭਾਲ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਤਾਂ ਕਿ ਆਉਣ ਵਾਲੀਆਂ ਪੀੜ੍ਹੀਆਂ ਸਮੇਂ ਦੀ ਕੇਂਦਰ ਸਰਕਾਰ ਵੱਲੋਂ ਸਿੱਖ ਗੁਰਧਾਮਾਂ ‘ਤੇ ਕੀਤੇ ਹਮਲੇ ਨੂੰ ਦੇਖ ਸਕਣ। ਉਨ੍ਹਾਂ ਦੱਸਿਆ ਕਿ ਥੋੜ੍ਹੇ ਦਿਨਾਂ ਅੰਦਰ ਹੀ ਜੂਨ 1984 ਦੇ ਸ਼ਹੀਦਾਂ ਸਬੰਧੀ ਬਣਾਈ ਜਾ ਰਹੀ ਸ਼ਹੀਦੀ ਗੈਲਰੀ ਦੀ ਵੀ ਸ਼੍ਰੋਮਣੀ ਕਮੇਟੀ ਵੱਲੋਂ ਸ਼ੁਰੂਆਤ ਕੀਤੀ ਜਾਵੇਗੀ । ਇਸ ਵਿੱਚ ਢਹਿ-ਢੇਰੀ ਹੋਏ ਅਕਾਲ ਤਖ਼ਤ ਸਾਹਿਬ ਦਾ ਵੱਡ-ਆਕਾਰੀ ਮਾਡਲ ਲਗਾਇਆ ਜਾਵੇਗਾ ਤੇ ਇੱਥੇ ਡਿਜੀਟਲ ਰੂਪ ਵਿੱਚ ਘੱਲੂਘਾਰੇ ਦੇ ਇਤਿਹਾਸ ਨੂੰ ਵੀ ਰੂਪਮਾਨ ਕੀਤਾ ਜਾਵੇਗਾ। ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਜੂਨ ’84 ਦੇ ਫ਼ੌਜੀ ਹਮਲੇ ਸਮੇਂ ਸ਼ਹੀਦ ਹੋਏ ਸਿੰਘ, ਸਿੰਘਣੀਆਂ ਅਤੇ ਭੁਝੰਗੀਆਂ ਦੇ ਵੇਰਵੇ ਇਕੱਤਰ ਕਰਨ ਲਈ ਵੀ ਸ਼੍ਰੋਮਣੀ ਕਮੇਟੀ ਵੱਲੋਂ ਯਤਨ ਕੀਤੇ ਜਾਣਗੇ।