ਪਾਕਿਸਤਾਨ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਭੰਨ ਤੋੜ ਕੀਤੀ ਗਈ

ਲਾਹੌਰ, 17 ਅਗਸਤ – ਲਾਹੌਰ ਦੇ ਸ਼ਾਹੀ ਕਿਲ੍ਹੇ ਵਿਚਲੀ ਸਿੱਖ ਗੈਲਰੀ ਦੇ ਬਾਹਰ ਸਥਾਪਤ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਕੁੱਝ ਵਿਅਕਤੀਆਂ ਨੇ ਭੰਨ ਤੋੜ ਕੀਤੀ ਹੈ। ਪੁਲੀਸ ਨੇ ਇਸ ਸਬੰਧ ਵਿੱਚ ਕੁੱਝ ਵਿਅਕਤੀਆਂ ਨੂੰ ਕਾਬੂ ਕਰ ਲਿਆ ਹੈ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਨੇ ਇਸ ਕਾਰਵਾਈ ਨੂੰ ਸਿੱਖ ਅਤੇ ਮੁਸਲਿਮ ਭਾਈਚਾਰੇ ਵਿੱਚ ਪਾੜ ਪਾਉਣ ਦਾ ਯਤਨ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਵੀ ਇਸ ਕਾਰਵਾਈ ਦੀ ਨਿੰਦਾ ਕੀਤੀ ਹੈ। ਪੀਐੱਸਜੀਪੀਸੀ ਦੇ ਪ੍ਰਧਾਨ ਸਤਵੰਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ ਖ਼ਿਲਾਫ਼ ਸਰਕਾਰ ਸਖ਼ਤ ਕਾਰਵਾਈ ਕਰੇਗੀ। ਇਸ ਸਬੰਧ ਵਿੱਚ ਉਨ੍ਹਾਂ ਖ਼ੁਦ ਵੀ ਸੰਬੰਧਿਤ ਵਿਭਾਗ ਨਾਲ ਗੱਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾ ਵੀ ਦੋ ਵਾਰ ਇਸ ਬੁੱਤ ਨੂੰ ਨੁਕਸਾਨ ਪਹੁੰਚਾਉਣ ਦਾ ਯਤਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਪਾਕਿਸਤਾਨ ਵਿੱਚ ਸਿੱਖ ਮੁਸਲਿਮ ਭਾਈਚਾਰਕ ਸਾਂਝ ਨੂੰ ਤੋੜਨ ਦਾ ਯਤਨ ਹੈ। ਉਨ੍ਹਾਂ ਕਿਹਾ ਕਿ ਕਿਸੇ ਇਕ ਵਿਅਕਤੀ ਵੱਲੋਂ ਕੀਤੀ ਇਸ ਕਾਰਵਾਈ ਨੂੰ ਸਮੁੱਚੀ ਕੌਮ ਦੀ ਕਾਰਵਾਈ ਨਹੀਂ ਆਖਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਅਜਿਹੀ ਘਟਨਾ ਮੁੜ ਨਹੀਂ ਵਾਪਰੇਗੀ। ਅਫ਼ਗ਼ਾਨਿਸਤਾਨ ਵਿੱਚ ਸਿੱਖਾਂ ਦੀ ਹਾਲਤ ਬਾਰੇ ਉਨ੍ਹਾਂ ਕਿਹਾ ਕਿ ਜੇਕਰ ਅਫ਼ਗ਼ਾਨ ਸਿੱਖ ਪਾਕਿਸਤਾਨ ਆਉਂਦੇ ਹਨ ਤਾਂ ਉਹ ਉਨ੍ਹਾਂ ਦੀ ਹਰ ਸੰਭਵ ਮਦਦ ਕਰਨਗੇ।
ਜ਼ਿਕਰਯੋਗ ਹੈ ਕਿ ਇਹ ਲਗਭਗ 9 ਫੁੱਟ ਉੱਚਾ ਬੁੱਤ 2019 ਵਿੱਚ ਮਹਾਰਾਜਾ ਰਣਜੀਤ ਸਿੰਘ ਦੀ 180ਵੀਂ ਬਰਸੀ ਮੌਕੇ ਸਥਾਪਿਤ ਕੀਤਾ ਗਿਆ ਸੀ। ਇਸ ਬੁੱਤ ਵਿੱਚ ਮਹਾਰਾਜਾ ਰਣਜੀਤ ਸਿੰਘ ਨੂੰ ਘੋੜੇ ‘ਤੇ ਬੈਠਾ ਦਿਖਾਇਆ ਗਿਆ ਸੀ। ਬੁੱਤ ਤੋੜਨ ਵਾਲਿਆਂ ਨੇ ਸਿਰਫ਼ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਹੀ ਤੋੜਿਆ ਹੈ। ਇਸ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਹੈ ਜਿਸ ਵਿੱਚ ਬੁੱਤ ਤੋੜਨ ਵਾਲੀ ਥਾਂ ‘ਤੇ 3 ਵਿਅਕਤੀ ਦਿਖਾਈ ਦੇ ਰਹੇ ਹਨ।