ਨਵੀਂ ਦਿੱਲੀ, 4 ਦਸੰਬਰ – ਸੰਯੁਕਤ ਕਿਸਾਨ ਮੋਰਚਾ ਦੀ ਹੋਈ ਅਹਿਮ ਮੀਟਿੰਗ ‘ਚ ਕਿਸਾਨ ਅੰਦੋਲਨ ਦੀਆਂ ਐੱਮਐੱਸਪੀ ਸਣੇ ਰਹਿੰਦੀਆਂ ਮੰਗਾਂ ਅਤੇ ਕੇਂਦਰ ਸਰਕਾਰ ਦੇ ਰੁੱਖ ‘ਤੇ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਜਦੋਂ ਤੱਕ ਸਰਕਾਰ ਕੋਲੋਂ ਰਸਮੀ ਤੇ ਤਸੱਲੀਬਖ਼ਸ਼ ਜਵਾਬ ਨਹੀਂ ਮਿਲਦਾ, ਉਦੋਂ ਤੱਕ ਕਿਸਾਨ ਅੰਦੋਲਨ ਇਸੇ ਤਰ੍ਹਾਂ ਜਾਰੀ ਰਹੇਗਾ। ਮੋਰਚੇ ਦੀ ਅਗਲੀ ਮੀਟਿੰਗ 7 ਦਸੰਬਰ ਨੂੰ ਰੱਖੀ ਗਈ ਹੈ। ਅਸ਼ੋਕ ਧਾਵਲੇ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚੇ ਨੇ ਲੰਬਿਤ ਮਸਲਿਆਂ ਦੇ ਹੱਲ ਲਈ ਸਰਕਾਰ ਨਾਲ ਗੱਲਬਾਤ ਕਰਨ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ, ਜਿਸ ਵਿੱਚ ਮੈਂਬਰ ਵਜੋਂ ਬਲਬੀਰ ਸਿੰਘ ਰਾਜੇਵਾਲ, ਗੁਰਨਾਮ ਸਿੰਘ ਚੜੂਨੀ, ਸ਼ਿਵ ਕੁਮਾਰ ਕੱਕਾਜੀ, ਯੁੱਧਵੀਰ ਸਿੰਘ ਤੇ ਅਸ਼ੋਕ ਧਾਵਲੇ ਨੂੰ ਲਿਆ ਗਿਆ ਹੈ। ਮੋਰਚੇ ਨੇ ਸਰਕਾਰ ਨੂੰ ਜਵਾਬ ਦੇਣ ਲਈ ਦੋ ਦਿਨ ਦਾ ਸਮਾਂ ਦਿੱਤਾ ਹੈ।
ਜੋਗਿੰਦਰ ਸਿੰਘ ਉਗਰਾਹਾਂ ਨੇ ਛੋਟੀ ਕਮੇਟੀ ਬਣਾਉਣ ਬਾਰੇ ਸਾਫ਼ ਕੀਤਾ ਕਿ ਪਹਿਲਾਂ ਵੱਡੇ ਮਸਲੇ ਹਨ, ਪਰ ਅਹਿਮ ਮੰਗ ਮੰਨੀ ਗਈ ਹੈ ਅਤੇ ਛੋਟੇ ਮਾਮਲਿਆਂ ਲਈ ਕਮੇਟੀ ਬਣਾਈ ਗਈ।
ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨਾਂ ਤੇ ਉਨ੍ਹਾਂ ਦੇ ਸਮਰਥਕਾਂ ‘ਤੇ ਦਰਜ ਕੇਸ ਵਾਪਸ ਲੈਣ, ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲਿਆਂ ਦੇ ਪਰਿਵਾਰ ਲਈ ਮੁੜ-ਵਸੇਬਾ ਤੇ ਉਨ੍ਹਾਂ ਦੀ ਯਾਦਗਾਰ ਬਣਾਉਣ ਲਈ ਜ਼ਮੀਨ ਅਤੇ ਲਖੀਮਪੁਰ ਖੀਰੀ ਕਿਸਾਨ ਕਤਲੇਆਮ ਮਾਮਲੇ ਵਿੱਚ ਅਜੈ ਮਿਸ਼ਰਾ ਟੈਨੀ ਦੀ ਗ੍ਰਿਫ਼ਤਾਰੀ ਤੇ ਉਨ੍ਹਾਂ ਦੀ ਕੇਂਦਰੀ ਕੈਬਨਿਟ ‘ਚੋਂ ਬਰਖ਼ਾਸਤਗੀ ਆਦਿ ਮੰਗਾਂ ਲੰਬਿਤ ਹਨ। ਉਨ੍ਹਾਂ ਕਿਹਾ ਐੱਸਕੇਐੱਮ ਇੱਕਜੁੱਟ ਹੈ ਤੇ ਸਾਰੇ ਫ਼ੈਸਲੇ ਸਰਬਸੰਮਤੀ ਨਾਲ ਕੀਤੇ ਗਏ ਹਨ।
Home Page ਕਿਸਾਨਾਂ ਅੰਦੋਲਨ ਜਾਰੀ ਰਹੇਗਾ, ਐੱਮਐੱਸਪੀ ਸਣੇ ਬਾਕੀ ਮੁੱਦਿਆਂ ਨੂੰ ਹੱਲ ਕਰਵਾਉਣ ਲਈ...