ਪ੍ਰਧਾਨ ਮੰਤਰੀ ਮੋਦੀ ਨੇ ਕੋਰੋਨਾ ਖ਼ਿਲਾਫ਼ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਆਨਲਾਈਨ ਮੀਟਿੰਗ ਕੀਤੀ

ਰੁਜ਼ਗਾਰ ਦੇ ਮੱਦੇਨਜ਼ਰ ਆਰਥਿਕ ਗਤੀਵਿਧੀਆਂ ਘੱਟ ਤੋਂ ਘੱਟ ਪ੍ਰਭਾਵਿਤ ਹੋਣ ਦਾ ਸੁਝਾਅ ਦਿੱਤਾ
ਨਵੀਂ ਦਿੱਲੀ, 13 ਜਨਵਰੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਦੇਸ਼ ਦੀਆਂ ਸੂਬਾਈ ਸਰਕਾਰਾਂ ਦੇ ਮੁੱਖ ਮੰਤਰੀਆਂ ਨੂੰ ਆਨਲਾਈਨ ਸੰਬੋਧਨ ਕਰਦਿਆਂ ਅਪੀਲ ਕੀਤੀ ਕਿ ਉਹ ਕੋਰੋਨਾ ਖ਼ਿਲਾਫ਼ ਕੋਈ ਵੀ ਰਣਨੀਤੀ ਬਣਾਉਣ ਸਮੇਂ ਇਸ ਗੱਲ ਦਾ ਧਿਆਨ ਰੱਖਣ ਕਿ ਆਮ ਲੋਕਾਂ ਦੇ ਰੁਜ਼ਗਾਰ ਦੇ ਮੱਦੇਨਜ਼ਰ ਆਰਥਿਕ ਗਤੀਵਿਧੀਆਂ ਘਟ ਤੋਂ ਘੱਟ ਪ੍ਰਭਾਵਿਤ ਹੋਣ ਅਤੇ ਅਰਥਵਿਵਸਥਾ ਦੀ ਗਤੀ ਬਣੀ ਰਹੇ। ਉਨ੍ਹਾਂ ਕਿਹਾ ਕਿ ਕੋਰੋਨਾ ਦੇ ਨਵੇਂ ਸਰੂਪ ਓਮੀਕਰੋਨ ਤੋਂ ਇਲਾਵਾ ਭਵਿੱਖ ਵਿੱਚ ਕੋਰੋਨਾ ਦੇ ਆਉਣ ਵਾਲੇ ਕਿਸੇ ਵੀ ਸਰੂਪ ਨਾਲ ਨਜਿੱਠਣ ਲਈ ਸਰਕਾਰਾਂ ਨੂੰ ਤਿਆਰ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਾਇਰਸ ਦੇ ਜ਼ਿਆਦਾ ਕੇਸਾਂ ਵਾਲੇ ਇਲਾਕਿਆਂ ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਜਾਵੇ ਤੇ ਘਰਾਂ ਵਿੱਚ ਹੀ ਇਕਾਂਤਵਾਸ ਨੂੰ ਤਰਜ਼ੀਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ‘ਟੈਸਟਿੰਗ, ਟਰੈਕਿੰਗ ਤੇ ਟਰੀਟਮੈਂਟ’ ਦੀ ਵਿਵਸਥਾ ਜਿੰਨੀ ਵਧੀਆ ਹੋਵੇਗੀ, ਓਨਾ ਹੀ ਹਸਪਤਾਲ ਜਾਣ ਦੀ ਘੱਟ ਜ਼ਰੂਰਤ ਪਏਗੀ। ਇਸੇ ਦੌਰਾਨ ਮੁੱਖ ਮੰਤਰੀਆਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਤ੍ਰਿਪੁਰਾ ਦੇ ਮੁੱਖ ਮੰਤਰੀ ਬਿਪਲਬ ਦੇਵ, ਅਸਾਮ ਦੇ ਮੁੱਖ ਮੰਤਰੀ ਹਿੰਮਤ ਬਿਸਵ ਸਰਮਾ ਸਣੇ ਹੋਰਨਾਂ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਭਾਗ ਲਿਆ।