ਐੱਸ.ਏ.ਐੱਸ. ਨਗਰ (ਮੁਹਾਲੀ), 24 ਫਰਵਰੀ – ਸੂਬੇ ਦੇ ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਵਕੀਲਾਂ ਦਮਨਬੀਰ ਸਿੰਘ ਸੋਬਤੀ, ਐੱਚ.ਐੱਸ. ਧਨੋਆ ਅਤੇ ਬੀਰਇੰਦਰਪਾਲ ਸਿੰਘ ਨਾਲ ਅੱਜ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸੰਦੀਪ ਸਿੰਗਲਾ ਦੀ ਅਦਾਲਤ ਵਿੱਚ ਪਹੁੰਚ ਕੇ ਆਤਮ-ਸਮਰਪਣ ਕੀਤਾ ਅਤੇ ਪੱਕੀ ਜ਼ਮਾਨਤ ਲਈ ਨਵੇਂ ਸਿਰਿਓਂ ਅਰਜ਼ੀ ਦਾਇਰ ਕੀਤੀ। ਅਦਾਲਤ ਨੇ ਅਕਾਲੀ ਆਗੂ ਨੂੰ 8 ਮਾਰਚ ਤੱਕ ਨਿਆਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ। ਇਸ ਦੌਰਾਨ ਪੰਜਾਬ ਸਰਕਾਰ ਤੇ ਪੁਲੀਸ ਵੱਲੋਂ ਸਰਕਾਰੀ ਵਕੀਲ ਸੰਜੀਵ ਬੱਤਰਾ ਅਦਾਲਤ ਵਿਚ ਪੇਸ਼ ਹੋਏ।
ਗੌਰਤਲਬ ਹੈ ਕਿ ਲੰਘੀ 31 ਜਨਵਰੀ ਨੂੰ ਸੁਪਰੀਮ ਕੋਰਟ ਨੇ 23 ਫਰਵਰੀ ਤੱਕ ਮਜੀਠੀਆ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾਈ ਸੀ। ਸੁਪਰੀਮ ਕੋਰਟ ਨੇ ਮਜੀਠੀਆ ਨੂੰ ਨਿਰਦੇਸ਼ ਦਿੱਤੇ ਸਨ ਕਿ ਉਹ ਹੇਠਲੀ ਅਦਾਲਤ ਵਿੱਚ ਜੱਜ ਦੇ ਸਾਹਮਣੇ ਨਿੱਜੀ ਤੌਰ ‘ਤੇ ਪੇਸ਼ ਹੋ ਕੇ ਪੱਕੀ ਜ਼ਮਾਨਤ ਲਈ ਅਰਜ਼ੀ ਦਾਇਰ ਕਰਨ, ਜਿਸ ਅਨੁਸਾਰ ਅਕਾਲੀ ਆਗੂ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਹੋਇਆ। ਮਜੀਠੀਆ ਨੇ ਆਪਣੀ ਪੱਕੀ ਜ਼ਮਾਨਤ ਲਈ ਅਦਾਲਤ ‘ਚ ਅਰਜ਼ੀ ਦਾਇਰ ਕੀਤੀ। ਅਦਾਲਤੀ ਕਾਰਵਾਈ ਤੋਂ ਬਾਅਦ ਪੁਲੀਸ ਦੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮਜੀਠੀਆ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ। ਉਪਰੰਤ ਉਸ ਨੂੰ ਜੇਲ੍ਹ ਭੇਜਿਆ ਗਿਆ।
ਅਦਾਲਤੀ ਕੰਪਲੈਕਸ ਪਹੁੰਚੇ ਬਿਕਰਮ ਸਿੰਘ ਮਜੀਠੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਚੋਣਾਂ ਤੋਂ ਵਿਹਲੇ ਹੋ ਕੇ ਉਹ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਅੱਜ ਮੁਹਾਲੀ ਅਦਾਲਤ ਵਿੱਚ ਆਤਮ-ਸਮਰਪਣ ਕਰਨ ਪਹੁੰਚਿਆ। ਹੁਕਮਰਾਨ ਉਸ ਨੂੰ ਜੇਲ੍ਹ ਵਿੱਚ ਡੱਕਣ ਲਈ ਮਨਘੜਤ ਵਿਉਂਤਬੰਦੀਆਂ ਕਰ ਰਹੇ ਹਨ ਪ੍ਰੰਤੂ ਉਸ ਨੂੰ ਨਿਆਂ ਪ੍ਰਣਾਲੀ ਉੱਤੇ ਪੂਰਾ ਭਰੋਸਾ ਹੈ।
Home Page ਨਸ਼ਾ ਤਸਕਰੀ ਮਾਮਲਾ: ਅਦਾਲਤ ਨੇ ਮਜੀਠੀਆ ਨੂੰ ਨਿਆਇਕ ਹਿਰਾਸਤ ‘ਚ ਜੇਲ੍ਹ ਭੇਜਿਆ