ਭਗਵੰਤ ਮਾਨ ਨੇ ਪੰਜਾਬ ਦੇ 17ਵੇਂ ਮੁੱਖ ਮੰਤਰੀ ਵਜੋਂ ਹਲਫ਼ ਲਿਆ

ਖੜਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 16 ਮਾਰਚ – ਅੱਜ ਆਜ਼ਾਦੀ ਘੁਲਾਟੀਏ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੰਜਾਬ ਦੀ ਸਿਆਸਤ ਦੇ ਇਤਿਹਾਸ ਵਿੱਚ ਇੱਕ ਹੋਰ ਨਵਾਂ ਪੰਨਾ ਜੋੜਦੇ ਸ੍ਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ 17ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਨੂੰ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਹੁੰ ਚੁਕਾਈ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਨੇ ਇਤਿਹਾਸਕ ਜਿੱਤ ਦਰਜ ਕਰਦੇ ਹੋਏ 117 ਵਿੱਚੋਂ 92 ਵਿਧਾਨ ਸਭਾ ਹਲਕਿਆਂ ਵਿੱਚ ਜਿੱਤ ਦਰਜ ਕੀਤੀ ਅਤੇ ਸੰਪੂਰਨ ਬਹੁਮਤ ਵਾਲੀ ਸਰਕਾਰ ਬਣਾਈ।
ਸੂਬੇ ਦੇ ਮੁੱਖ ਮੰਤਰੀ ਬਣੇ ਭਗਵੰਤ ਮਾਨ ਨੇ ਇਸ ਮੌਕੇ ਜਿੱਥੇ ਸਮੁੱਚੇ ਪੰਜਾਬ ਵਾਸੀਆਂ ਦਾ ਧੰਨਵਾਦ ਕੀਤਾ ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਭਗਤ ਸਿੰਘ ਅਤੇ ਬਾਬਾ ਸਾਹਿਬ ਅੰਬੇਡਕਰ ਦੇ ਸੁਪਨਿਆਂ ਨੂੰ ਪੂਰਾ ਕੀਤਾ ਜਾਏਗਾ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਅਗਵਾਈ ਵਾਲੀ ਦਿੱਲੀ ਵਜ਼ਾਰਤ ਅਤੇ ਸੂਬੇ ਦੇ ਨਵੇਂ ਚੁਣ ਕੇ ਆਏ 91 ਵਿਧਾਇਕ ਅਤੇ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਪੁੱਜੇ ਪੰਜਾਬ ਵਾਸੀ ਹਾਜ਼ਰ ਸਨ। ਇਸ ਮੌਕੇ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ। 10 ਹਜ਼ਾਰ ਪੁਲੀਸ ਮੁਲਾਜ਼ਮ ਤੇ ਇੱਕ ਲੱਖ ਕੁਰਸੀਆਂ ਡੇਢ ਸੌ ਕਿਲਿਆਂ ਵਿੱਚ ਲਗਾਈਆਂ ਗਈਆਂ ਸਨ।