ਪਰਕਸ ਵੱਲੋਂ ਦੇਵ ਦਰਦ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 17 ਮਾਰਚ (ਡਾ. ਚਰਨਜੀਤ ਸਿੰਘ ਗੁਮਟਾਲਾ) – ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮਿਟਿਡ ਲੁਧਿਆਣਾ/ਅੰਮ੍ਰਿਤਸਰ (ਪਰਕਸ) ਵੱਲੋਂ ਹਰਮਨ ਪਿਆਰੇ ਲੇਖਕ, ਸਮਾਜ ਸੇਵਕ, ਅਧਿਆਪਕ ਤੇ ਵਿਰਾਸਤ ਦੀ ਸਾਂਭ ਸੰਭਾਲ ਲਈ ਕਾਰਜਸ਼ੀਲ ਦੇਵ ਦਰਦ ਦੀ ਬੇਵਕਤੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰੈੱਸ ਸਕੱਤਰ ਪ੍ਰਿੰਸੀਪਲ ਅੰਮ੍ਰਿਤ ਲਾਲ ਮੰਨਣ, ਸਕੱਤਰ ਗੁਰਮੀਤ ਪਲਾਹੀ ਤੇ ਬੋਰਡ ਦੇ ਡਾਇਰੈਕਟਰ ਡਾ. ਬ੍ਰਿਜਪਾਲ ਸਿੰਘ, ਸ੍ਰੀਮਤੀ ਜਸਬੀਰ ਕੌਰ, ਡਾ. ਬੂਟਾ ਸਿੰਘ ਬਰਾੜ, ਡਾ. ਸੁਰਿੰਦਰਪਾਲ ਸਿੰਘ ਮੰਡ, ਸ੍ਰੀ ਹਰਜਿੰਦਰ ਸਿੰਘ ਸੂਰਜੇਵਾਲੀਆ ਤੇ ਡਾ. ਜੀਤ ਸਿੰਘ ਜੋਸ਼ੀ ਨੇ ਇੱਕ ਸਾਂਝੇ ਵਿੱਚ ਕਿਹਾ ਕਿ ਉਨ੍ਹਾਂ ਦੇ ਅਕਾਲ ਚਲਾਣੇ ਨਾਲ ਕਦੇ ਵੀ ਨਾ ਪੂਰਾ ਕੀਤਾ ਜਾਣ ਵਾਲਾ ਘਾਟਾ ਪਿਆ ਹੈ। ਉਹ ਅੱਜ ਭਾਵੇਂ ਸਾਡੇ ਵਿੱਚ ਨਹੀਂ ਰਹਿ ਪਰ ਉਨ੍ਹਾਂ ਵੱਲੋਂ ਪੰਜਾਬੀ ਸਾਹਿਤ ਲਈ ਪਾਏ ਵਡਮੁੱਲੇ ਯੋਗਦਾਨ ਅਤੇ ਕੀਤੇ ਹੋਰ ਕੰਮਾਂ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ। ਵਰਨਣਯੋਗ ਹੈ ਕਿ ਉਨ੍ਹਾਂ ਨੇ ‘ਕਾਲੀਆਂ ਧੁੱਪਾਂ’, ‘ਸ਼ਬਦਾਂ ਦੀ ਵਲਗਣ’, ‘ਪੁਰਵਸ਼ੀ’ ਤੇ ‘ਮਿਜ਼ਰਾਬ’ ਕਾਵਿ ਸੰਗ੍ਰਹਿ ਸਾਹਿਤ ਜਗਤ ਦੀ ਝੋਲੀ ਪਾਏ।