ਫ਼ਿਰੋਜ਼ਪੁਰ/ ਜ਼ੀਰਾ, 20 ਦਸੰਬਰ – ਅੱਜ ਵੱਡੀ ਗਿਣਤੀ ’ਚ ਕੜਾਕੇ ਦੀ ਠੰਢ ਦੇ ਬਾਵਜੂਦ ਜ਼ੀਰਾ ਦੇ ਪਿੰਡ ਮਨਸੂਰਵਾਲ ਕਲਾਂ ’ਚ ਸਥਿਤ ਮਾਲਬਰੋਜ਼ ਸ਼ਰਾਬ ਫ਼ੈਕਟਰੀ ਦੇ ਬਾਹਰ ਲੱਗੇ ਧਰਨੇ ’ਚ ਕਿਸਾਨ ਪੁੱਜੇ। ਅੱਜ ਕਿਸਾਨ, ਪੁਲੀਸ ਵੱਲੋਂ ਲਾਈਆਂ ਰੋਕਾਂ ਤੋੜ ਕੇ ਧਰਨੇ ਵਿੱਚ ਸ਼ਾਮਲ ਹੋਏ। ਇਸ ਦੌਰਾਨ ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਹੋਈ। ਸਥਿਤੀ ਕਾਬੂ ਹੇਠ ਕਰਨ ਲਈ ਪੁਲੀਸ ਨੂੰ ਹਲਕਾ ਲਾਠੀਚਾਰਜ ਵੀ ਕਰਨਾ ਪਿਆ। ਕਿਸਾਨ ਅਤੇ ਪੁਲੀਸ ਮੁਲਾਜ਼ਮ ਜ਼ਖ਼ਮੀ ਹੋਏ ਹਨ। ਪੁਲੀਸ ਨੇ ਕਈ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕੇਸ ਦਰਜ ਕੀਤੇ ਹਨ ਤੇ ਕਈਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦਾ ਇੱਕ ਵੱਡਾ ਜੱਥਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਸ਼ਰਾਬ ਫੈਕਟਰੀ ਦੇ ਸਾਹਮਣੇ ਲੱਗੇ ਧਰਨੇ ਵਿੱਚ ਸ਼ਾਮਲ ਹੋਣ ਲਈ ਪੁੱਜਾ। ਪੁਲੀਸ ਨੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਧਰਨੇ ਵਿੱਚ ਸ਼ਾਮਲ ਹੋਣ ਦੀ ਜ਼ਿੱਦ ’ਤੇ ਅੜੇ ਰਹੇ। ਇਸ ਦੌਰਾਨ ਸ਼ੁਰੂ ਹੋਈ ਬਹਿਸ ਮਗਰੋਂ ਖਿੱਚ-ਧੂਹ ਵਿੱਚ ਬਦਲ ਗਈ। ਪੁਲੀਸ ਨੇ ਕਿਸਾਨਾਂ ਨੂੰ ਰੋਕਣ ਲਈ ਲਾਠੀਚਾਰਜ ਕੀਤਾ ਜਿਸ ਤੋਂ ਸਥਿਤੀ ਹੋਰ ਵਿਗੜ ਗਈ। ਧਰਨਾਕਾਰੀਆਂ ਨੇ ਵੀ ਅੱਗੋਂ ਲਾਠੀਚਾਰਜ ਦਾ ਜਵਾਬ ਦਿੱਤਾ। ਹੁਣ ਤੱਕ 32 ਕਿਸਾਨ ਜਥੇਬੰਦੀਆਂ ਦੇ ਆਗੂ ਅਤੇ ਉਨ੍ਹਾਂ ਦੇ ਸਮਰਥਕ ਵੱਡੀ ਗਿਣਤੀ ਵਿਚ ਇਸ ਧਰਨੇ ਦੇ ਬਾਹਰ ਪਹੁੰਚ ਚੁੱਕੇ ਹਨ। ਧਰਨਾਕਾਰੀ ਸ਼ਰਾਬ ਫ਼ੈਕਟਰੀ ਨੂੰ ਬੰਦ ਕਰਵਾਉਣ ਦੀ ਮੰਗ ’ਤੇ ਅੜੇ ਹੋਏ ਹਨ। ਇਨ੍ਹਾਂ ਵਿਚ ਵੱਡੀ ਗਿਣਤੀ ਔਰਤਾਂ ਵੀ ਸ਼ਾਮਲ ਹਨ। ਕੱਲ੍ਹ ਉਗਰਾਹਾਂ ਧੜੇ ਦੇ ਮੈਂਬਰ ਪੁਲੀਸ ਬੈਰੀਕੇਡ ਹਟਾ ਕੇ ਧਰਨੇ ਵਿੱਚ ਸ਼ਾਮਲ ਹੋਏ ਸਨ ਅਤੇ ਅੱਜ ਹੋਰਨਾਂ ਕਿਸਾਨ ਜਥੇਬੰਦੀਆਂ ਦੇ ਕਾਰਕੁਨਾਂ ਨੇ ਪੁਲੀਸ ਬੈਰੀਕੇਡ ਤੋੜ ਕੇ ਧਰਨੇ ਵਿਚ ਆਪਣੀ ਸ਼ਮੂਲੀਅਤ ਦਰਜ ਕਰਵਾਈ। ਇਥੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਮਨਾਉਣ ਦੇ ਯਤਨ ਕੀਤੇ ਜਾ ਰਹੇ ਹਨ।
Home Page ਮਾਲਬਰੋਜ਼ ਸ਼ਰਾਬ ਫ਼ੈਕਟਰੀ ਵਿਵਾਦ: ਪੁਲੀਸ ਤੇ ਧਰਨਾਕਾਰੀਆਂ ਵਿਚਾਲੇ ਹੋਈ ਝੜਪ ’ਚ ਕਿਸਾਨ...