ਚੰਡੀਗੜ੍ਹ, 21 ਮਾਰਚ – ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲੀਸ ਵੱਲੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਕਾਰਕੁਨਾਂ ਖ਼ਿਲਾਫ਼ ਸ਼ੁਰੂ ਕੀਤੀ ਗਈ ਕਾਰਵਾਈ ਤੋਂ ਚਾਰ ਦਿਨਾਂ ਬਾਅਦ ਚੁੱਪੀ ਤੋੜ ਦਿੱਤੀ ਹੈ। ਪੰਜਾਬ ਵਾਸੀਆਂ ਦੇ ਨਾਮ ਵੀਡੀਓ ਸੰਦੇਸ਼ ਜਾਰੀ ਕਰਦਿਆਂ ਉਨ੍ਹਾਂ ਹਿੰਦੀ ਵਿੱਚ ਬੋਲਦਿਆਂ ਕਿਹਾ ਕਿ ਕੁਝ ਲੋਕ ਵਿਦੇਸ਼ੀ ਤਾਕਤਾਂ ਦੇ ਹੱਥੇ ਚੜ੍ਹ ਕੇ ਸੂਬੇ ਦਾ ਮਾਹੌਲ ਵਿਗਾੜਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਕਿਹਾ,‘‘ਪੰਜਾਬ ਪੁਲੀਸ ਸੂਬੇ ’ਚ ਅਮਨ-ਕਾਨੂੰਨ ਦੀ ਸਥਿਤੀ ਵਿਗਾੜਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿਵਾਈਆਂ ਜਾਣਗੀਆਂ।’’
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਦੇਸ਼ਭਗਤ ਪਾਰਟੀ ਹੈ, ਜਿਸ ਵੱਲੋਂ ਧਰਮ ਜਾਂ ਜਾਤ ਦੇ ਆਧਾਰ ’ਤੇ ਰਾਜਨੀਤੀ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਵਿਰੋਧੀ ਤਾਰਤ, ਜੋ ਪੰਜਾਬ ’ਚ ਪਣਪ ਰਹੀ ਹੋਵੇਗੀ, ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਤਿਹਾਸ ਇਸ ਗੱਲ ਤੋਂ ਜਾਣੂ ਹੈ ਕਿ ਜਿਸ ਕਿਸੇ ਨੇ ਵੀ ਸੂਬੇ ਦੇ ਬੁਨਿਆਦੀ ਸਮਾਜਿਕ ਤਾਣੇ-ਬਾਣੇ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਹੈ, ਉਸ ਨੂੰ ਪੰਜਾਬੀਆਂ ਵੱਲੋਂ ਮੂੰਹ ਤੋੜਵਾਂ ਜਵਾਬ ਦਿੱਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਇਕ ਪਾਸੇ ਸੂਬਾ ਸਰਕਾਰ ਲੋਕਾਂ ਨੂੰ ਰੁਜ਼ਗਾਰ, ਸਿੱਖਿਆ, ਲੈਪਟਾਪ, ਕਿਤਾਬਾਂ, ਸਿਹਤ ਸੰਭਾਲ, ਬੁਨਿਆਦੀ ਢਾਂਚਾ ਅਤੇ ਹੋਰ ਸਹੂਲਤਾਂ ਦੇਣ ਨੂੰ ਤਰਜੀਹ ਦੇ ਰਹੀ ਹੈ ਤਾਂ ਦੂਜੇ ਪਾਸੇ ਪੰਜਾਬ ਵਿਰੋਧੀ ਅਨਸਰ ਨੌਜਵਾਨਾਂ ਨੂੰ ਦੇਸ਼ ਖ਼ਿਲਾਫ਼ ਗੈਰ-ਕਾਨੂੰਨੀ ਗਤੀਵਿਧੀਆਂ ’ਚ ਉਲਝਾ ਰਹੇ ਹਨ। ਉਨ੍ਹਾਂ ਅਮਨ-ਕਾਨੂੰਨ ਕਾਇਮ ਰੱਖਣ ਲਈ ਸਰਕਾਰ ਦੀ ਕਾਰਵਾਈ ਦਾ ਸਮਰਥਨ ਦੇਣ ਵਾਸਤੇ ਸੂਬੇ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ’ਚ ਧਰਮ ਨਿਰਪੱਖਤਾ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।
Home Page ਸੂਬੇ ਦਾ ਮਾਹੌਲ ਵਿਗਾੜਨ ਦੀਆਂ ਕੋਸ਼ਿਸ਼ਾਂ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ...