ਗੁਜਰਾਤ ਦੰਗਾ ਕੇਸ 2002: ਸੁਪਰੀਮ ਕੋਰਟ ਤੋਂ ਤੀਸਤਾ ਸੀਤਲਵਾੜ ਨੂੰ ਮਿਲੀ ਰਾਹਤ, ਗ੍ਰਿਫ਼ਤਾਰੀ ’ਤੇ ਰੋਕ ਦੀ ਮਿਆਦ ਵਧਾਈ

ਨਵੀਂ ਦਿੱਲੀ, 5 ਜੁਲਾਈ – 2002 ਗੁਜਰਾਤ ਦੰਗਿਆਂ ਦੇ ਇੱਕ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਤੀਸਤਾ ਸੀਤਲਵਾੜ ਨੂੰ ਮੁੜ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਸਾਲ 2002 ਦੇ ਗੋਧਰਾ ਰੇਲ ਤ੍ਰਾਸਦੀ ਤੋਂ ਬਾਅਦ ਦੇ ਦੰਗਿਆਂ ਨਾਲ ਸਬੰਧਤ ਮਾਮਲੇ ਵਿੱਚ ਕਾਰਕੁਨ ਤੀਸਤਾ ਸੀਤਲਵਾੜ ਦੀ ਗ੍ਰਿਫਤਾਰੀ ’ਤੇ ਰੋਕ ਵਧਾ ਦਿੱਤੀ ਹੈ। ਮਾਮਲੇ ਦੀ ਅਗਲੀ ਸੁਣਵਾਈ 19 ਜੁਲਾਈ ਨੂੰ ਹੋਵੇਗੀ।
ਇਸ ਤੋਂ ਪਹਿਲਾਂ ਗੁਜਰਾਤ ਹਾਈ ਕੋਰਟ ਨੇ ਉਨ੍ਹਾਂ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਸੀ। ਹਾਈ ਕੋਰਟ ਨੇ ਸੀਤਲਵਾੜ ਨੂੰ ਤੁਰੰਤ ਆਤਮ ਸਮਰਪਣ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ। ਜਸਟਿਸ ਬੀਆਰ ਗਵਈ, ਜਸਟਿਸ ਏਐੱਸ ਬੋਪੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੇ ਗੁਜਰਾਤ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਸੀਤਲਵਾੜ ਵੱਲੋਂ ਦਾਇਰ ਪਟੀਸ਼ਨ ’ਤੇ ਗੁਜਰਾਤ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ 1 ਜੁਲਾਈ ਨੂੰ ਸੁਪਰੀਮ ਕੋਰਟ ਨੇ ਸੀਤਲਵਾੜ ਨੂੰ ਗ੍ਰਿਫਤਾਰੀ ਤੋਂ ਸੁਰੱਖਿਆ ਦਿੱਤੀ ਸੀ।
ਦੱਸ ਦੇਈਏ ਕਿ ਤੀਸਤਾ ਸੀਤਲਵਾੜ ਨੂੰ ਅਹਿਮਦਾਬਾਦ ਕ੍ਰਾਈਮ ਬ੍ਰਾਂਚ ਨੇ ਜੂਨ 2022 ਨੂੰ ਗ੍ਰਿਫਤਾਰ ਕੀਤਾ ਸੀ। ਇਸ ਮਾਮਲੇ ਵਿੱਚ ਸਾਬਕਾ ਆਈਪੀਐਸ ਅਧਿਕਾਰੀ ਆਰਬੀ ਕੁਮਾਰ ਅਤੇ ਸੰਜੀਵ ਭੱਟ ਨੂੰ ਸਹਿ-ਦੋਸ਼ੀ ਬਣਾਇਆ ਗਿਆ ਸੀ।