ਨਵੀਂ ਦਿੱਲੀ, 21 ਜੁਲਾਈ – ਦਿੱਲੀ ਦੀ ਇਕ ਅਦਾਲਤ ਨੇ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ’ਚ ਭਾਰਤੀ ਕੁਸ਼ਤੀ ਫੈਡਰੇਸ਼ਨ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਹੋ ਰਹੇ ਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਪੱਕੀ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਡਬਲਯੂਐੱਫਆਈ ਦੇ ਮੁਅੱਤਲ ਸਹਾਇਕ ਸਕੱਤਰ ਵਿਨੋਦ ਤੋਮਰ ਦੀ ਜ਼ਮਾਨਤ ਅਰਜ਼ੀ ਵੀ ਮਨਜ਼ੂਰ ਕਰ ਲਈ ਹੈ। ਵਧੀਕ ਮੁੱਖ ਮੈਟਰੋਪੌਲੀਟਨ ਮੈਜਿਸਟਰੇਟ ਹਰਜੀਤ ਸਿੰਘ ਜਸਪਾਲ ਸਿੰਘ ਨੇ ਕਿਹਾ, ‘ਮੈਂ ਕੁਝ ਸ਼ਰਤਾਂ ਤਹਿਤ 25 ਹਜ਼ਾਰ ਰੁਪਏ ਦੇ ਇੱਕ ਮੁਚਲਕੇ ’ਤੇ ਜ਼ਮਾਨਤ ਮਨਜ਼ੂਰ ਕਰਦਾ ਹਾਂ।’ ਅਦਾਲਤ ਨੇ ਮੁਲਜ਼ਮ ਨੂੰ ਇਜਾਜ਼ਤ ਤੋਂ ਬਿਨਾਂ ਦੇਸ਼ ਤੋਂ ਬਾਹਰ ਨਾ ਜਾਣ ਅਤੇ ਮਾਮਲੇ ’ਚ ਗਵਾਹਾਂ ਨੂੰ ਕੋਈ ਲਾਲਚ ਨਾ ਦੇਣ ਦਾ ਨਿਰਦੇਸ਼ ਵੀ ਦਿੱਤਾ। ਦਿੱਲੀ ਪੁਲੀਸ ਨੇ ਛੇ ਵਾਰ ਦੇ ਸੰਸਦ ਮੈਂਬਰ ਅਤੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬ੍ਰਿਜ ਭੂਸ਼ਨ ਖ਼ਿਲਾਫ਼ 15 ਜੂਨ ਨੂੰ ਦੋਸ਼ ਪੱਤਰ ਦਾਖਲ ਕੀਤਾ ਸੀ। ਇਸ ਤੋਂ ਪਹਿਲਾਂ ਦਿਨੇ ਅਦਾਲਤ ਨੇ ਬ੍ਰਿਜ ਭੂਸ਼ਨ ਤੇ ਤੋਮਰ ਦੀਆਂ ਜ਼ਮਾਨਤ ਅਰਜ਼ੀਆਂ ’ਤੇ ਮੁਲਜ਼ਮਾਂ ਤੇ ਸ਼ਿਕਾਇਤਕਰਤਾਵਾਂ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਮਗਰੋਂ ਇਸ ਮਾਮਲੇ ’ਚ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਸੀ।
ਦਿੱਲੀ ਦੀ ਕੋਰਟ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਛੇ ਮਹਿਲਾ ਪਹਿਲਵਾਨਾਂ ਵੱਲੋਂ ਲਾਏ ਜਿਨਸੀ ਸ਼ੋਸ਼ਣ ਦੇ ਦੋੋਸ਼ਾਂ ਨਾਲ ਸਬੰਧਤ ਕੇਸ ਵਿੱਚ ਨਿਯਮਤ ਜ਼ਮਾਨਤ ਦੇਣ ਤੋਂ ਇਕ ਦਿਨ ਮਗਰੋਂ ਜਾਰੀ ਹੁਕਮਾਂ ਵਿੱਚ ਕਿਹਾ ਕਿ ਸਿੰਘ ਖਿਲਾਫ਼ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ ‘ਗੰਭੀਰ’ ਹਨ, ਪਰ ਇਸ ਪੜਾਅ ’ਤੇ ਉਸ ਨੂੰ ਹਿਰਾਸਤ ਵਿੱਚ ਲੈਣ ਦੀ ਕੋਈ ਤੁੱਕ ਨਹੀਂ, ਕਿਉਂਕਿ ਇਸ ਨਾਲ ਕੋਈ ਮੰਤਵ ਪੂਰਾ ਨਹੀਂ ਹੋਣਾ। ਵਧੀਕ ਚੀਫ਼ ਮੈਟਰੋਪਾਲਿਟਨ ਮੈਜਿਸਟਰੇਟ ਹਰਜੀਤ ਸਿੰਘ ਜਸਪਾਲ ਨੇ ਉਪਰੋਕਟ ਟਿੱਪਣੀ 20 ਜੁਲਾਈ ਦਿਨ ਵੀਰਵਾਰ ਨੂੰ ਜਾਰੀ ਨੌਂ ਸਫ਼ਿਆਂ ਦੇ ਆਪਣੇ ਹੁਕਮਾਂ ਵਿੱਚ ਕੀਤੀ ਹੈ।
Home Page ਮਹਿਲਾ ਪਹਿਲਵਾਨਾਂ ਜਿਨਸੀ ਸ਼ੋਸ਼ਣ ਮਾਮਲਾ: ਦਿੱਲੀ ਦੀ ਅਦਾਲਤ ਨੇ ਬ੍ਰਿਜ ਭੂਸ਼ਨ ਨੂੰ...