ਪ੍ਰਧਾਨ ਮੰਤਰੀ ਕ੍ਰਿਸ ਹਿਪਕਿਨਜ਼ ਟਾਕਾਨੀਨੀ ਗੁਰਦੁਆਰਾ ਸਾਹਿਬ ਪਹੁੰਚੇ ਤੇ ਸੰਗਤਾਂ ਨੂੰ ਸੰਬੋਧਿਤ ਕੀਤਾ

ਟਾਕਾਨੀਨੀ, 6 ਅਗਸਤ – ਦੇਸ਼ ਦੇ ਮੌਜੂਦਾ ਪ੍ਰਧਾਨ ਮੰਤਰੀ ਕ੍ਰਿਸ ਹਿਪਕਿਨਜ਼ ਅੱਜ ਐਤਵਾਰ ਨੂੰ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਟਾਕਾਨੀਨੀ ਵਿਖੇ ਨਤਮਸਤਕ ਹੋਏ, ਇਸ ਮੌਕੇ ਉਨ੍ਹਾਂ ਦੇ ਨਾਲ ਪਾਰਟੀ ਦੇ ਕਈ ਨੇਤਾ ਸੰਸਦ ਮੈਂਬਰ ਤੇ ਪਾਰਟੀ ਦੇ ਅਕਤੂਬਰ ‘ਚ ਹੋਣ ਵਾਲੀਆਂ ਦੇਸ਼ ਦੀਆਂ ਆਮ ਚੋਣਾਂ ਦੇ ਉਮੀਦਵਾਰ ਵੀ ਨਾਲ ਸਨ।
ਪ੍ਰਧਾਨ ਮੰਤਰੀ ਹਿਪਕਿਨਜ਼ ਨੇ ਸਿੱਖ ਭਾਈਚਾਰੇ ਦੀਆਂ ਵੱਡੀ ਗਿਣਤੀ ‘ਚ ਹਾਜ਼ਰ ਸੰਗਤਾਂ ਨੂੰ ਸੰਬੋਧਿਤ ਕੀਤਾ ਅਤੇ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵੱਲੋਂ ਕੋਵਿਡ ਦੌਰਾਨ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਵੀ ਕੀਤੀ।
ਪ੍ਰਧਾਨ ਮੰਤਰੀ ਦੇ ਸੰਬੋਧਨ ਤੋਂ ਪਹਿਲਾਂ ਬੌਟਨੀ ਹਲਕੇ ਤੋਂ ਲੇਬਰ ਪਾਰਟੀ ਦੇ ਉਮੀਦਵਾਰ ਸ. ਖੜਗ ਸਿੰਘ ਹਾਜ਼ਰ ਸੰਗਤਾਂ ਨੂੰ ਉਨ੍ਹਾਂ ਦੀ ਪਾਰਟੀ ਨੂੰ ਹਮਾਇਤ ਦੇਣ ਦੇ ਨਾਲ ਪਾਰਟੀ ਵੋਟ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਟਾਕਾਨੀਨੀ ਹਲਕੇ ਤੋਂ ਸੰਸਦ ਮੈਂਬਰ ਡਾ. ਨੇਰੂ ਲਿਵਾਸਾ ਨੇ ਵੀ ਸੰਗਤਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਸਟੇਜ ਦਾ ਸੰਚਾਲਨ ਸ. ਦਲਜੀਤ ਸਿੰਘ ਨੇ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਹਿਪਕਿਨਜ਼ ਅਤੇ ਹੋਰਨਾਂ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ।