ਨਿੱਝਰ ਹੱਤਿਆ ਮਾਮਲਾ: ਸਿੱਖ ਆਗੂ ਦੇ ਕਤਲ ਪਿੱਛੇ ਵਿੱਚ ਭਾਰਤੀ ਏਜੰਟਾਂ ਦੀ ਕੜੀ ਸਾਹਮਣੇ ਆਈ – ਪ੍ਰਧਾਨ ਮੰਤਰੀ ਟਰੂਡੋ

ਕੈਨੇਡਾ ਨੇ ਭਾਰਤ ਸਰਕਾਰ ਨਾਲ ਸੰਬੰਧਾਂ ਕਾਰਣ ਚੋਟੀ ਦੇ ਡਿਪਲੋਮੈਟ ਨੂੰ ਕੱਢਿਆ
ਓਟਾਵਾ, 18 ਸਤੰਬਰ – ਕੈਨੇਡਾ ਨੇ ਭਾਰਤ ‘ਤੇ ਬਹੁਤ ਗੰਭੀਰ ਦੋਸ਼ ਲਾਏ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ 18 ਸਤੰਬਰ ਦਿਨ ਸੋਮਵਾਰ ਨੂੰ ਸੰਸਦ ‘ਚ ਕਿਹਾ ਕਿ ਸਿੱਖ ਆਗੂ ਹਰਜੀਤ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤੀ ਏਜੰਟਾਂ ਦੀ ਕੜੀ ਸਾਹਮਣੇ ਆਈ ਹੈ। ਹਰਜੀਤ ਸਿੰਘ ਨਿੱਝਰ 18 ਜੂਨ ਨੂੰ ਬ੍ਰਿਟਿਸ਼ ਕੋਲੰਬੀਆ ਵਿੱਚ ਮਾਰਿਆ ਗਿਆ ਸੀ।
ਟਰੂਡੋ ਨੇ ਹਾਊਸ ਆਫ਼ ਕਾਮਨਜ਼ ਨੂੰ ਦਿੱਤੇ ਇੱਕ ਐਮਰਜੈਂਸੀ ਬਿਆਨ ਵਿੱਚ ਕਿਹਾ ਕਿ ਪਿਛਲੇ ਕਈ ਹਫ਼ਤਿਆਂ ਤੋਂ ਕੈਨੇਡੀਅਨ ਸੁਰੱਖਿਆ ਏਜੰਸੀਆਂ ਸਰਗਰਮੀ ਨਾਲ ਭਾਰਤ ਸਰਕਾਰ ਦੇ ਏਜੰਟਾਂ ਅਤੇ ਇੱਕ ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਵਿਚਕਾਰ ਇੱਕ ਸੰਭਾਵੀ ਸਬੰਧ ਦੇ ਭਰੋਸੇਯੋਗ ਦੋਸ਼ਾਂ ਦੀ ਪੈਰਵੀ ਕਰ ਰਹੀਆਂ ਹਨ।
ਏਬੀਸੀ ਨਿਊਜ਼ ਮੁਤਾਬਿਕ ਕੈਨੇਡਾ ਨੇ ਇੱਕ ਚੋਟੀ ਦੇ ਭਾਰਤੀ ਡਿਪਲੋਮੈਟ ਨੂੰ ਕੱਢ ਦਿੱਤਾ ਹੈ। ਵਿਦੇਸ਼ ਮੰਤਰੀ ਮੇਲਾਨੀਆ ਜੌਲੀ ਮੁਤਾਬਿਕ ਕੈਨੇਡਾ ‘ਚ ਭਾਰਤੀ ਖ਼ੁਫ਼ੀਆ ਏਜੰਸੀ ਦੇ ਮੁੱਖੀ ਨੂੰ ਕੱਢ ਦਿੱਤਾ ਗਿਆ ਹੈ। ਇਸ ਇਲਜ਼ਾਮ ਤੋਂ ਬਾਅਦ ਕੈਨੇਡੀਅਨ ਵਿਦੇਸ਼ ਮੰਤਰੀ ਮੇਲਾਨੀਆ ਜੌਲੀ ਨੇ ਕਿਹਾ ਕਿ ਇੱਕ ਉੱਚ ਦਰਜੇ ਦੇ ਭਾਰਤੀ ਡਿਪਲੋਮੈਟ ਨੂੰ ਕਤਲ ਦੇ ਮਾਮਲੇ ‘ਚ ਕੱਢ ਦਿੱਤਾ ਗਿਆ ਹੈ। ਉਸ ਨੇ ਇਸ ਨੂੰ ਰਾਇਲ ਕੈਨੇਡੀਅਨ ਮਾਉਂਟਿਡ ਪੁਲਿਸ ਦੀ ਅਗਵਾਈ ‘ਚ ਇੱਕ ਸਰਗਰਮ ਕਤਲੇਆਮ ਜਾਂਚ ਕਿਹਾ। ਜੌਲੀ ਨੇ ਅੱਗੇ ਕਿਹਾ ਕਿ ਟਰੂਡੋ ਨੇ ਇਹ ਮਾਮਲਾ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਕੋਲ ਵੀ ਉਠਾਇਆ ਸੀ।
ਵਿਰੋਧੀ ਧਿਰ ਕੰਜ਼ਰਵੇਟਿਵ ਨੇਤਾ ਪਇਏਰੇ ਪੋਇਲੀਵਰੇ ਨੇ ਕਿਹਾ ਕਿ ਜੇਕਰ ਦੋਸ਼ ਸੱਚੇ ਹਨ ਤਾਂ ਉਹ ਸਾਡੀ ਪ੍ਰਭੂਸੱਤਾ ਦਾ ਘਿਣਾਉਣਾ ਅਪਮਾਨ ਦਰਸਾਉਂਦੇ ਹਨ।
ਟਰੂਡੋ ਨੇ ਸੋਮਵਾਰ ਨੂੰ ਸੰਸਦ ਨੂੰ ਦੱਸਿਆ ਕਿ ਨਿੱਝਰ ਦੇ ਕਤਲ ਤੋਂ ਬਾਅਦ ਕੈਨੇਡੀਅਨ ਖ਼ੁਫ਼ੀਆ ਏਜੰਸੀਆਂ ਇਨ੍ਹਾਂ ਭਰੋਸੇਯੋਗ ਦੋਸ਼ਾਂ ਦੀ ਜਾਂਚ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਨਵੀਂ ਦਿੱਲੀ ‘ਚ ਜੀ-20 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਵੀ ਇਹ ਮੁੱਦਾ ਉਠਾਇਆ ਸੀ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਨਿੱਜੀ ਤੌਰ ‘ਤੇ ਅਤੇ ਸਿੱਧੇ ਤੌਰ ‘ਤੇ ਆਪਣੀਆਂ ਚਿੰਤਾਵਾਂ ਜ਼ਾਹਿਰ ਕੀਤੀਆਂ ਸਨ। ਟਰੂਡੋ ਨੇ ਕਿਹਾ ਕਿ ਉਨ੍ਹਾਂ ਨੇ ਮੋਦੀ ਨੂੰ ਕਿਹਾ ਸੀ ਕਿ ਭਾਰਤ ਦੀ ਸ਼ਮੂਲੀਅਤ ਸਵੀਕਾਰ ਨਹੀਂ ਕੀਤੀ ਜਾਵੇਗੀ ਅਤੇ ਜਾਂਚ ‘ਚ ਸਹਿਯੋਗ ਦੀ ਮੰਗ ਕੀਤੀ ਹੈ।
ਟਰੂਡੋ ਨੇ ਕਿਹਾ, ‘ਕੈਨੇਡੀਅਨ ਧਰਤੀ ‘ਤੇ ਕੈਨੇਡੀਅਨ ਨਾਗਰਿਕ ਦੀ ਹੱਤਿਆ ‘ਚ ਕਿਸੇ ਵਿਦੇਸ਼ੀ ਸਰਕਾਰ ਦੀ ਕੋਈ ਵੀ ਸ਼ਮੂਲੀਅਤ ਸਾਡੀ ਪ੍ਰਭੂਸੱਤਾ ਦੀ ਅਸਵੀਕਾਰਨਯੋਗ ਉਲੰਘਣਾ ਹੈ’, ਟਰੂਡੋ ਨੇ ਕਿਹਾ ਕਿ ਇਹ ਉਨ੍ਹਾਂ ਬੁਨਿਆਦੀ ਨਿਯਮਾਂ ਦੇ ਉਲਟ ਹੈ ਜਿਸ ਦੁਆਰਾ ਆਜ਼ਾਦ, ਖੁੱਲ੍ਹੇ ਅਤੇ ਜਮਹੂਰੀ ਸਮਾਜ ਆਪਣੇ ਆਪ ਨੂੰ ਚਲਾਉਂਦੇ ਹਨ’।
ਟਰੂਡੋ ਨੇ ਕਿਹਾ ਕਿ ਕੈਨੇਡਾ ਨੇ ਭਾਰਤ ਦੀਆਂ ਉੱਚ ਪੱਧਰੀ ਸੁਰੱਖਿਆ ਅਤੇ ਖ਼ੁਫ਼ੀਆ ਏਜੰਸੀਆਂ ਕੋਲ ਆਪਣੀਆਂ ਚਿੰਤਾਵਾਂ ਪ੍ਰਗਟ ਕੀਤੀਆਂ ਹਨ ਅਤੇ ਕਿਹਾ ਕਿ ਉਹ ਕੈਨੇਡਾ ਦੇ ਸਹਿਯੋਗੀਆਂ ਨਾਲ ਇਸ ਮੁੱਦੇ ‘ਤੇ ਕੰਮ ਕਰ ਰਹੇ ਹਨ। ਉਸ ਨੇ ਕਿਹਾ, “ਮੈਂ ਬਹੁਤ ਦ੍ਰਿੜ੍ਹਤਾ ਨਾਲ ਇਹ ਮੰਗ ਕਰਦਾ ਰਹਿੰਦਾ ਹਾਂ ਕਿ ਭਾਰਤ ਸਰਕਾਰ ਇਸ ਸਥਿਤੀ ‘ਤੇ ਰੌਸ਼ਨੀ ਪਾਉਣ ਲਈ ਕੈਨੇਡਾ ਨਾਲ ਸਹਿਯੋਗ ਕਰੇ।”
ਟਰੂਡੋ ਦੀ ਇਹ ਟਿੱਪਣੀ ਪਿਛਲੇ ਹਫ਼ਤੇ ਭਾਰਤ ‘ਚ ਜੀ-20 ਸੰਮੇਲਨ ਦੌਰਾਨ ਉਨ੍ਹਾਂ ਅਤੇ ਪ੍ਰਧਾਨ ਮੰਤਰੀ ਮੋਦੀ ਦੀ ਤਣਾਅਪੂਰਨ ਮੀਟਿੰਗ ਤੋਂ ਬਾਅਦ ਆਈ ਹੈ। ਮੀਟਿੰਗ ਦੌਰਾਨ, ਪ੍ਰਧਾਨ ਮੰਤਰੀ ਮੋਦੀ ਨੇ ਕੈਨੇਡਾ ਦੀ ਧਰਤੀ ‘ਤੇ ਸਿੱਖ ਵੱਖਵਾਦੀ ਲਹਿਰ ਦੇ ਉਭਾਰ ਦਾ ਹਵਾਲਾ ਦਿੰਦੇ ਹੋਏ, ਕੱਟੜਪੰਥੀ ਤੱਤਾਂ ਦੀਆਂ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਲਈ ਕੈਨੇਡਾ ‘ਤੇ ਕਾਫ਼ੀ ਕੁੱਝ ਨਾ ਕਰਨ ਦਾ ਦੋਸ਼ ਲਗਾਇਆ ਸੀ।
ਖ਼ਬਰ ਹੈ ਕਿ ਕੈਨੇਡਾ ‘ਚ ਅਗਲੇ ਮਹੀਨੇ ਖ਼ਾਲਿਸਤਾਨ ਲਈ ਹੋਣ ਵਾਲੇ ਜਨਮਤ ਸੰਗ੍ਰਹਿ ਦੇ ਦੂਜੇ ਪੜਾਅ ‘ਚ ਵੋਟਰਾਂ ਨੂੰ ਪੁੱਛਿਆ ਜਾਵੇਗਾ ਕਿ ਕੀ ਜੂਨ ਵਿੱਚ ਕੱਟੜਪੰਥੀ ਸਿੱਖ ਆਗੂ ਨਿੱਝਰ ਦੀ ਮੌਤ ਲਈ ਭਾਰਤੀ ਹਾਈ ਕਮਿਸ਼ਨਰ ਜ਼ਿੰਮੇਵਾਰ ਹੈ ਜਾਂ ਨਹੀਂ।
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਕਿਹਾ ਕਿ ਕੈਨੇਡੀਅਨ ਸੁਰੱਖਿਆ ਏਜੰਸੀਆਂ ਭਾਰਤ ਸਰਕਾਰ ਦੇ ਏਜੰਟਾਂ ਅਤੇ ਖ਼ਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਹਰਦੀਪ ਸਿੰਘ ਨਿੱਝਰ ਦੀ ਬ੍ਰਿਟਿਸ਼ ਕੋਲੰਬੀਆ ‘ਚ ਜੂਨ ਵਿੱਚ ਹੋਈ ਹੱਤਿਆ ਦਰਮਿਆਨ ਸੰਭਾਵੀ ਸਬੰਧਾਂ ਦੇ ਭਰੋਸੇਯੋਗ ਦੋਸ਼ਾਂ ਦੀ ਸਰਗਰਮੀ ਨਾਲ ਪੈਰਵੀ ਕਰ ਰਹੀਆਂ ਹਨ।